- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਦਰਸ਼ਨੀ ਲਾਈ

* ਪੰਜਾਬ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਦਰਸ਼ਨੀ ਲਾਈ
ਫੋਟੋ : 19
ਕੈਪ਼ਸਨ : ਯੂਨੀਵਰਸਿਟੀ ਕਾਲਜ਼ ਘੁੱਦਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲਾਈ ਗਈ ਪ੍ਰਦਰਸ਼ਨੀ ਦੌਰਾਨ ਕਿਤਾਬਾਂ ਦੇਖਦੇ ਹੋਏ ਵਿਦਿਆਰਥੀ।
ਧਰਮਪਾਲ ਸਿੰਘ, ਪੰਜਾਬੀ ਜਾਗਰਣ
ਸੰਗਤ ਮੰਡੀ : ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਲਾਈ ਗਈ। ਪ੍ਰਦਰਸ਼ਨੀ ਰਾਹੀਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਇਨਕਲਾਬੀ ਜੀਵਨ, ਵਿਚਾਰਾਂ ਅਤੇ ਉਨ੍ਹਾਂ ਵੱਲੋਂ ਸਮਾਜਿਕ ਤਬਦੀਲੀ ਲਈ ਕੀਤੇ ਸੰਘਰਸ਼ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿਚ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਵਿਚਾਰਧਾਰਾ ਅਤੇ ਲਿਖਤਾਂ ਨਾਲ ਜੁੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਵੱਲੋਂ ਪੜ੍ਹੀਆਂ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਕਿਤਾਬਾਂ ਪੜ੍ਹ ਕੇ ਆਪਣੀ ਸੋਚ ਨੂੰ ਵਿਗਿਆਨਕ ਅਤੇ ਇਨਕਲਾਬੀ ਦਿਸ਼ਾ ਦੇਣੀ ਚਾਹੀਦੀ ਹੈ।
ਪ੍ਰਦਰਸ਼ਨੀ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਨਾਲ ਸਬੰਧਤ ਵੱਖ-ਵੱਖ ਕਿਤਾਬਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਮੌਕੇ ਕਈ ਵਿਦਿਆਰਥੀਆਂ ਨੇ ਇਨਕਲਾਬੀ ਅਤੇ ਵਿਚਾਰਧਾਰਕ ਸੋਚ ਨੂੰ ਅਪਣਾਉਣ ਦੇ ਉਦੇਸ਼ ਨਾਲ ਕਿਤਾਬਾਂ ਖਰੀਦੀਆਂ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਕਿਤਾਬਾਂ ਨੌਜਵਾਨਾਂ ਵਿਚ ਤਰਕਸ਼ੀਲ ਸੋਚ ਅਤੇ ਸਮਾਜਿਕ ਚੇਤਨਾ ਪੈਦਾ ਕਰਨ ਦਾ ਮਹੱਤਵਪੂਰਨ ਸਾਧਨ ਹਨ।
ਗੁਰਵਿੰਦਰ ਸਿੰਘ ਨੇ ਕਿਹਾ ਕਿ ‘ਇਨਕਲਾਬ ਜ਼ਿੰਦਾਬਾਦ’ ਤੇ ‘ਸਾਮਰਾਜਵਾਦ ਮੁਰਦਾਬਾਦ’ ਦੇ ਨਾਅਰਿਆਂ ਦੇ ਅਰਥਾਂ ਨੂੰ ਸਮਝਦਿਆਂ ਜਮਹੂਰੀ ਹੱਕਾਂ ਦੀ ਰਾਖੀ ਅਤੇ ਲੋਕ-ਹਿੱਤ ਨਾਲ ਜੁੜੇ ਮੁੱਦਿਆਂ ਲਈ ਜਥੇਬੰਦ ਹੋਣ ਦੀ ਲੋੜ ਹੈ। ਉਨ੍ਹਾਂ ਬੇਰੁਜ਼ਗਾਰੀ ਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਸਾਂਝੇ ਸੰਘਰਸ਼ਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿਦਿਆਰਥੀ ਆਗੂ ਨਵਜੋਤ, ਅਸੀਮ, ਸੁਖਨ, ਹਰਪ੍ਰੀਤ, ਸਮਨ, ਰਾਜਵੀਰ, ਸਤਪਾਲ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।