ਹਰਕ੍ਰਿਸ਼ਨ ਸ਼ਰਮਾ, ਬਠਿੰਡਾ : ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਤੇ ਮੁਕਤਸਰ ਸਾਹਿਬ ਦੀ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਬਠਿੰਡਾ ਵਿਖੇ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਅੱਜ ਦੂਜੇ ਦਿਨ ਵੀ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਗਈ।

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਆਂਗਨਵਾੜੀ ਵਰਕਰਾਂ ’ਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਲਿਖਿਆ ਮੰਗ ਪੱਤਰ ਮਨਪ੍ਰੀਤ ਦੇ ਨੁਮਾਇੰਦਿਆਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਮਾਮਲੇ ’ਚ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ।

ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਪੂਰੇ ਸੂਬੇ ਵਿੱਚ ਵਿਰੋਧ ਕੀਤਾ ਜਾਵੇਗਾ। ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਜਾਰੀ ਰਹੇਗਾ ਤੇ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤਕ ਸੰਘਰਸ਼ ਚੱਲਦਾ ਰਹੇਗਾ।

Posted By: Jagjit Singh