ਅਨਿਲ ਠਾਕੁਰ ਨੂੰ ‘ਆਪ’ ਦਾ ਸਪੋਕਸਪਰਸਨ ਨਿਯੁਕਤ ਕੀਤਾ, ਕਿਹਾ-ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਹੋਰ ਮਿਹਨਤ ਕਰਾਂਗਾ ਅਨਿਲ ਠਾਕੁਰ ਨੂੰ ‘ਆਪ’ ਦਾ ਸਪੋਕਸਪਰਸਨ ਨਿਯੁਕਤ ਕੀਤਾ
Publish Date: Sat, 22 Aug 2026 05:03 PM (IST)
Updated Date: Sat, 22 Aug 2026 05:06 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਪਾਰ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਨੂੰ ਪਾਰਟੀ ਦਾ ਸਪੋਕਸਪਰਸਨ (ਬੁਲਾਰਾ) ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਬਠਿੰਡਾ ਜ਼ਿਲ੍ਹੇ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਅਨਿਲ ਠਾਕੁਰ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਸਕੀਮਾਂ ਅਤੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਪਾਰਟੀ ਬੁਲਾਰੇ ਵਜੋਂ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਸਰਕਾਰ ਦੀਆਂ ਇਨ੍ਹਾਂ ਲੋਕ ਭਲਾਈ ਨੀਤੀਆਂ ਅਤੇ ਉਪਰਾਲਿਆਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਫ਼ੈਸਲਿਆਂ ਨੂੰ ਘਰ-ਘਰ ਪਹੁੰਚਾਉਣ ਲਈ ਉਹ ਹੋਰ ਮਿਹਨਤ ਕਰਨਗੇ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਅਨਿਲ ਠਾਕੁਰ ਨੂੰ ਵਧਾਈ ਦਿੱਤੀ ਗਈ ਅਤੇ ਮੂੰਹ ਮਿੱਠਾ ਕਰਵਾਇਆ ਗਿਆ। ਵਰਕਰਾਂ ਨੇ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।