ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ 28 ਪਿੰਡਾਂ ਦੀਆਂ ਕਮੇਟੀਆਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ 28 ਪਿੰਡਾਂ ਦੀਆਂ ਕਮੇਟੀਆਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ
Publish Date: Mon, 23 Nov 2026 05:10 PM (IST)
Updated Date: Mon, 23 Nov 2026 05:13 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ 28 ਪਿੰਡਾਂ ਦੀਆਂ ਕਮੇਟੀਆਂ ਦੀ ਇਕ ਅਹਿਮ ਮੀਟਿੰਗ ਅੱਜ ਪਿੰਡ ਮਾਈਸਰਖਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੀ ਅਗਵਾਈ ਹਰਜਿੰਦਰ ਸਿੰਘ ਬੱਗੀ ਨੇ ਕੀਤੀ। ਇਸ ਦੌਰਾਨ ਜਥੇਬੰਦੀ ਦੀਆਂ ਹਾਲ ਹੀ ਵਿੱਚ ਹੋਈਆਂ ਬਲਾਕ ਅਤੇ ਜ਼ਿਲ੍ਹਾ ਪੱਧਰੀ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਬਠਿੰਡਾ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਕਰਵਾਈਆਂ ਗਈਆਂ ਬਲਾਕ ਤੇ ਜ਼ਿਲ੍ਹਾ ਪੱਧਰੀ ਚੋਣਾਂ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਵੱਲੋਂ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਕੁਝ ਆਗੂਆਂ, ਵਰਕਰਾਂ ਅਤੇ ਮਹਿਲਾ ਆਗੂਆਂ ਉੱਪਰ ਬੇਬੁਨਿਆਦ ਦੋਸ਼ ਲਗਾਏ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਆਗੂਆਂ ਉੱਪਰ ਕਥਿਤ ਤੌਰ ’ਤੇ ਝੂਠੇ ਦੋਸ਼ ਲਗਾ ਕੇ ਉਨ੍ਹਾਂ ਨੂੰ ਜਥੇਬੰਦੀ ਵਿੱਚੋਂ ਪਿੱਛੇ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ 28 ਪਿੰਡਾਂ ਦੀਆਂ ਕਮੇਟੀਆਂ ਅਤੇ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਆਗੂਆਂ ਅਤੇ ਵਰਕਰਾਂ ਨੇ ਸਹਿਮਤੀ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਅਸਤੀਫ਼ੇ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਕੱਠ ਵਿੱਚ ਇਹ ਅਹਿਮ ਫੈਸਲਾ ਵੀ ਕੀਤਾ ਗਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਪਹਿਲਾਂ ਦੀ ਤਰ੍ਹਾਂ ਜਾਰੀ ਰੱਖੇ ਜਾਣਗੇ ਅਤੇ ਨਿਰਾਸ਼ ਹੋਏ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਸਰਕਾਰਾਂ ਵਿਰੁੱਧ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਠੂ ਸਿੰਘ ਕੋਡੜਾ, ਰਾਜਵਿੰਦਰ ਸਿੰਘ ਰਾਮਨਗਰ, ਗੁਰਪਾਲ ਸਿੰਘ ਦਿਉਣ, ਨਿੱਕਾ ਸਿੰਘ ਜੇਠੂਕੇ, ਪਰਮਜੀਤ ਕੌਰ ਪਿੱਧੋ, ਅੰਮ੍ਰਿਤ ਸਿੰਘ ਮੌੜ ਚੜ੍ਹਤ, ਬੂਟਾ ਸਿੰਘ ਭੈਣੀ, ਅਮਨਦੀਪ ਸਿੰਘ ਮੌੜ ਕਲਾਂ, ਜਸਪਾਲ ਸਿੰਘ ਮੌੜ ਖੁਰਦ, ਗੁਰਭਗਤ ਸਿੰਘ, ਭੋਲਾ ਸਿੰਘ ਮਾੜੀ, ਭੋਲਾ ਸਿੰਘ ਰਾਏਖਾਨਾ, ਗੇਂਦਾ ਸਿੰਘ ਚਨਾਰਥਲ, ਸੂਖਾ ਸਿੰਘ ਭਾਈ ਬਖਤੌਰ, ਭੋਲਾ ਸਿੰਘ ਘੁੰਮਣ, ਗੁਰਮੇਲ ਸਿੰਘ ਭੂੰਦੜ ਅਤੇ ਗੁਰਜੀਤ ਸਿੰਘ ਬੰਗੇਹਰ ਸਮੇਤ ਵੱਖ-ਵੱਖ ਪਿੰਡਾਂ ਦੀਆਂ ਕਮੇਟੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।