ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧੇ ਦਾ ਐਲਾਨ, ਮੌਤ ਹੋਣ ’ਤੇ ਪਰਿਵਾਰ ਨੂੰ 20 ਲੱਖ ਬੀਮਾ ਮੁਆਵਜ਼ਾ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧੇ ਦਾ ਐਲਾਨ, ਮੌਤ ਹੋਣ ’ਤੇ ਪਰਿਵਾਰ ਨੂੰ 20 ਲੱਖ ਬੀਮਾ ਮੁਆਵਜ਼ਾ
Publish Date: Sat, 19 Sep 2026 04:42 PM (IST)
Updated Date: Sat, 19 Sep 2026 04:44 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੀ ਅਗਵਾਈ ਹੇਠ ਮੌੜ ਮੰਡੀ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਬੋਰਡ ਦੇ ਉੱਚ ਅਧਿਕਾਰੀਆਂ ਅਤੇ ‘ਲੇਬਰ ਯੂਨੀਅਨ 23’ ਦੇ ਸੂਬਾ ਆਗੂਆਂ ਵਿਚਕਾਰ ਹੋਈ ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕੀਤੀ। ਜਗਤਾਰ ਸਿੰਘ ਨੇ ਦੱਸਿਆ ਕਿ ਇੰਜੀਨੀਅਰ-ਇਨ-ਚੀਫ਼-ਕਮ-ਤਕਨੀਕੀ ਸਲਾਹਕਾਰ ਅਸ਼ਵਨੀ ਕੁਮਾਰ ਅਤੇ ਐੱਮਪੀਜੀਏ ਲਤਾ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਊਟਸੋਰਸ ਮੁਲਾਜ਼ਮਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਅਨੁਸਾਰ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਕਿਸੇ ਆਊਟਸੋਰਸ ਵਰਕਰ ਦੀ ਮੌਤ ਹੋਣ ਦੀ ਸੂਰਤ ਵਿੱਚ ਪਰਿਵਾਰ ਨੂੰ 20 ਲੱਖ ਰੁਪਏ ਦਾ ਬੀਮਾ ਮੁਆਵਜ਼ਾ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੀਵਾਲੀ ਤੋਂ ਪਹਿਲਾਂ ਸਾਰੇ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਅਤੇ ਇਸ ਸਬੰਧੀ ਸਰਕਾਰੀ ਪੱਤਰ ਇਸੇ ਹਫ਼ਤੇ ਜਾਰੀ ਕਰਨ ਦੀ ਗੱਲ ਕਹੀ ਗਈ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਯੂਨੀਅਨ ਦੀ ਮੁੱਖ ਮੰਗ ਆਊਟਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਸਿੱਧਾ ਸੀਵਰੇਜ ਬੋਰਡ ਵਿੱਚ ਸ਼ਾਮਲ ਕਰਨ ਦੀ ਹੈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ 30 ਸਤੰਬਰ ਨੂੰ ਹੋਣ ਵਾਲੀ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਇਸ ਮੰਗ ’ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਸਮੇਤ ਹੋਰ ਆਗੂ ਹਾਜ਼ਰ ਸਨ।