ਮਾਲੜੀ ’ਤੇ ਹਮਲੇ ਦੇ ਮਾਮਲੇ ’ਚ ਕਾਰਵਾਈ ਨਾ ਹੋਣ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਮਾਲੜੀ ’ਤੇ ਹਮਲੇ ਦੇ ਮਾਮਲੇ ’ਚ ਕਾਰਵਾਈ ਨਾ ਹੋਣ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ
Publish Date: Sun, 04 Oct 2026 05:24 PM (IST)
Updated Date: Sun, 04 Oct 2026 05:26 PM (IST)
ਸੀਨੀਅਰ ਰਿਪੋਰਟਰ ਬਠਿੰਡਾ, ਇਨਕਲਾਬੀ ਕਵੀ ਪਾਸ਼ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ ਪਾਸ਼ ਦੇ ਜਨਮ ਦਿਹਾੜੇ ਸਬੰਧੀ ਚੱਲ ਰਹੀਆਂ ਤਿਆਰੀਆਂ ਦੌਰਾਨ ਪ੍ਰਬੰਧਕੀ ਟੀਮ ’ਤੇ ਹਮਲਾ ਕਰਨ, ਮੋਬਾਈਲ ਖੋਹਣ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨਾਲ ਕਥਿਤ ਤੌਰ ’ਤੇ ਜਾਤੀਸੂਚਕ ਸ਼ਬਦ ਵਰਤਣ ਦੇ ਮਾਮਲੇ ਵਿਚ ਪੁਲਿਸ ਵੱਲੋਂ ਐੱਫ.ਆਈ.ਆਰ. ਦਰਜ ਨਾ ਕਰਨ ਦੇ ਵਿਰੋਧ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਟੀਚਰਜ਼ ਹੋਮ ਬਠਿੰਡਾ ਵਿਖੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ 9 ਅਕਤੂਬਰ ਨੂੰ ਡੀਐੱਸਪੀ ਨਕੋਦਰ ਦੇ ਦਫ਼ਤਰ, 14 ਅਕਤੂਬਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅਤੇ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਹੋਣ ਵਾਲੇ ਪ੍ਰਦਰਸ਼ਨਾਂ ਵਿੱਚ ਖੇਤ ਮਜ਼ਦੂਰਾਂ ਦੀ ਵੱਡੀ ਸ਼ਮੂਲੀਅਤ ਕਰਵਾਈ ਜਾਵੇਗੀ। ਆਗੂਆਂ ਨੇ ਦੋਸ਼ ਲਾਇਆ ਕਿ ਹਰਮੇਸ਼ ਮਾਲੜੀ ’ਤੇ ਹਮਲੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਵਾ ਕੇ ਗ੍ਰਿਫ਼ਤਾਰੀ ਅਤੇ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਪੰਜਾਬ ਸਰਕਾਰ ਤੋਂ ਮਾਨਤਾ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਨੋਈ ਦੇ ਮਜ਼ਦੂਰ ਪਰਿਵਾਰ ਨਾਲ ਵਾਪਰੀ ਘਟਨਾ ਦੇ ਵਿਰੋਧ ਵਿੱਚ 7 ਅਕਤੂਬਰ ਨੂੰ ਡੀਸੀ ਦਫ਼ਤਰ ਸੰਗਰੂਰ ਅੱਗੇ ਹੋਣ ਵਾਲੇ ਧਰਨੇ ਵਿੱਚ ਵੀ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ।