ਨਿਹੰਗ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦਾ ਸਲਾਨਾ ਜੋੜ ਮੇਲਾ ਮਨਾਇਆ ਨਿਹੰਗ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦਾ ਸਲਾਨਾ ਜੋੜ ਮੇਲਾ ਮਨਾਇਆ
Publish Date: Thu, 10 Sep 2026 05:35 PM (IST)
Updated Date: Fri, 11 Sep 2026 04:05 AM (IST)
ਨੌਜਵਾਨ ਸ਼ਹੀਦ ਸਿੰਘਾਂ ਦੇ ਜੀਵਨ ਤੋਂ ਸੇਧ ਲੈਣ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਹਨੂੰਮਾਨਗੜ੍ਹ ਟਾਊਨ ਵਿਖੇ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ’ਚ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸ਼ਹੀਦ ਨਿਹੰਗ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ ਤੇ ਨਿਹੰਗ ਬਾਬਾ ਮਹਿਤਾਬ ਸਿੰਘ ਮੀਰਾਂਕੋਟ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਹੀਦਾਂ ਦੇ ਅਸਥਾਨ ’ਤੇ ਹਾਜ਼ਰੀ ਭਰ ਕੇ ਅਰਦਾਸ ਕੀਤੀ। ਸੈਂਕੜੇ ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਮਾਣ ਪ੍ਰਾਪਤ ਕੀਤਾ। ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਸੇ ਰੰਗੜ ਵੱਲੋਂ ਕੀਤੇ ਗਏ ਕੁਕਰਮ ਦੀ ਸੂਚਨਾ ਬੁੱਢਾ ਦਲ ਦੇ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੂੰ ਮਿਲੀ ਸੀ। ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿੰਘਾਂ ਨੇ ਗੁਰਮਤਾ ਕਰਕੇ ਮੱਸੇ ਰੰਗੜ ਨੂੰ ਸਜ਼ਾ ਦੇਣ ਦਾ ਫੈਸਲਾ ਕੀਤਾ। ਇਸ ਉਪਰੰਤ ਬਾਬਾ ਸੁੱਖਾ ਸਿੰਘ ਅਤੇ ਬਾਬਾ ਮਹਿਤਾਬ ਸਿੰਘ ਨੇ ਬੁੱਢਾ ਜੋਹੜ ਰਾਜਸਥਾਨ ਤੋਂ ਅੰਮ੍ਰਿਤਸਰ ਸਾਹਿਬ ਪਹੁੰਚ ਕੇ ਮੱਸੇ ਰੰਗੜ ਦਾ ਅੰਤ ਕੀਤਾ ਅਤੇ ਗੁਰੂਘਰ ਦੀ ਅਜ਼ਮਤ ਦਾ ਪਰਚਮ ਮੁੜ ਲਹਿਰਾਇਆ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਸਿੱਖ ਇਤਿਹਾਸ, ਗੁਰਬਾਣੀ ਤੇ ਮਹਾਨ ਵਿਰਾਸਤ ਨਾਲ ਜੁੜਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਕੀਰਤਨ ਕੀਤਾ। ਕਥਾਵਾਚਕਾਂ ਅਤੇ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਅਤੇ ਸੰਗਤਾਂ ਹਾਜ਼ਰ ਸਨ।