ਗੁਰਤੇਜ ਸਿੰਘ ਸਿੱਧੂ, ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਸੈਂਕੜਿਆਂ ਦੀ ਗਿਣਤੀ ਵਿਚ ਪੁੱਜੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਰਿਸ਼ਤੇਦਾਰਾਂ ਨੇ ਗੁਰਦਾਸ ਬਾਦਲ ਨੂੰ ਸੇਲਜ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਉਨ੍ਹਾਂ ਦੀ ਚਿਖਾ ਨੂੰ ਅਗਨੀ ਮਨਪ੍ਰੀਤ ਸਿੰਘ ਬਾਦਲ ਨੇ ਵਿਖਾਈ। ਕੋਰੋਨਾ ਮਹਾਮਾਰੀ ਦੇ ਚੱਲਦਿਆਂ ਭਾਵੇਂ ਵਿੱਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਅੰਤਿਮ ਸਸਕਾਰ ’ਤੇ ਨਾ ਪਹੁੰਚਣ ਪਰ ਇਸਦੇ ਬਾਵਜੂਦ ਉਨ੍ਹਾਂ ਨੂੰ ਚਾਹੁਣ ਵਾਲੇ ਵੱਡੀ ਗਿਣਤੀ ਆਗੂ ਅੰਤਿਮ ਸਸਕਾਰ ਵਿਚ ਸ਼ਾਮਲ ਹੋਏ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਾਫ਼ੀ ਦੁਖੀ ਨਜ਼ਰ ਆਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸ਼ਾਮ ਸੁੰਦਰ ਅਰੋੜਾ, ਵਿਜੇਇੰਦਰ ਸਿੰਗਲਾ, ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਅੰਗਦ ਸਿੰਘ, ਮੁੱਖ ਮੰਤਰੀ ਦੇ ਓਐਸਡੀ ਕੈਪਟਨ ਸੰਦੀਪ ਸਿੰਘ ਸੰਧੂ, ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ, ਮਹਾਰਾਜ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੇ ਡਾਇਰੈਕਟਰ ਪਲੇਸਮੈਂਟ ਹਰਜੋਤ ਸਿੰਘ ਸਿੱਧੂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਐਸਐਪੀ, ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀ ਪੁੱਜੇ ਹੋਏ ਸਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸ ਬਾਦਲ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਵਿਚ ਗੁਰਦਾਸ ਬਾਦਲ ਦੀ ਧਰਮ ਪਤਨੀ ਹਰਮਿੰਦਰ ਕੌਰ ਦਾ ਵੀ ਦੇਹਾਂਤ ਹੋ ਗਿਆ ਸੀ।

ਪਾਸ਼ ਤੇ ਦਾਸ ਦੀ ਜੋੜੀ ਟੁੱਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਨੂੰ ਦਾਸ ਤੇ ਪਾਸ਼ ਦੀ ਜੋੜੀ ਕਰਕੇ ਜਾਣਿਆ ਜਾਂਦਾ ਹੈ। ਲੋਕ ਦੋਵਾਂ ਨੂੰ ਰਾਮ ਲਕਸ਼ਮਣ ਦੀ ਜੋੜੀ ਕਹਿੰਦੇ ਸਨ ਪਰ ਹੁਣ ਦਾਸ ਦੇ ਚਲੇ ਜਾਣ ਨਾਲ ਇਹ ਜੋੜੀ ਟੁੱਟ ਗਈ। ਗੁਰਦਾਸ ਸਿੰਘ ਬਾਦਲ ਨੇ ਹਮੇਸ਼ਾਂ ਹੀ ਪ੍ਰਕਾਸ਼ ਸਿੰਘ ਬਾਦਲ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ। ਬਾਦਲ ਪਰਿਵਾਰ ਦੇ ਵੱਖੋ ਵੱਖਰੇ ਹੋਣ ਬਾਅਦ ਗੁਰਦਾਸ ਬਾਦਲ ਕਾਫ਼ੀ ਦੁਖੀ ਵੀ ਹੋਏ ਸਨ। ਆਖਰੀ ਸਮੇਂ ਤਕ ਵੀ ਪ੍ਰਕਾਸ਼ ਸਿੰਘ ਬਾਦਲ ਤੇ ਗੁਰਦਾਸ ਸਿੰਘ ਬਾਦਲ ਵਿਚ ਪਹਿਲਾਂ ਵਾਲਾ ਪਿਆਰ ਬਰਕਰਾਰ ਰਿਹਾ ਸੀ। ਬਾਦਲ ਪਰਿਵਾਰ ਤੇ ਅਕਾਲੀ ਦਲ ’ਤੇ ਆਏ ਹਰ ਸੰਕਟ ਵਿੱਚੋਂ ਗੁਰਦਾਸ ਬਾਦਲ ਹੀ ਬੜੀ ਸੂਝ ਬੂਝ ਨਾਲ ਕੱਢਦੇ ਰਹੇ ਹਨ।

Posted By: Tejinder Thind