ਮਲਕਾਣਾ ਵਿਖੇ ਲੋਕ ਮਿਲਣੀ ਦੌਰਾਨ 20 ਦੇ ਕਰੀਬ ਪਰਿਵਾਰ ‘ਆਪ’ ’ਚ ਸ਼ਾਮਲ ਮਲਕਾਣਾ ਵਿਖੇ ਲੋਕ ਮਿਲਣੀ ਦੌਰਾਨ 20 ਦੇ ਕਰੀਬ ਪਰਿਵਾਰ ‘ਆਪ’ ਵਿਚ ਸ਼ਾਮਲ
Publish Date: Mon, 28 Sep 2026 04:23 PM (IST)
Updated Date: Mon, 28 Sep 2026 04:24 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਕੈਬਨਿਟ ਰੈਂਕ ਪ੍ਰੋ. ਬਲਜਿੰਦਰ ਕੌਰ ਵੱਲੋਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਅੱਜ ਨੇੜਲੇ ਪਿੰਡ ਮਲਕਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੇ ਆਯੋਜਨ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ 20 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਪ੍ਰੋ. ਬਲਜਿੰਦਰ ਕੌਰ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਕਿਸਾਨਾਂ ਲਈ ਨਹਿਰੀ ਪਾਣੀ ਦੀ ਉਪਲਬਧਤਾ, ਖੇਤੀਬਾੜੀ ਲਈ ਦਿਨ ਸਮੇਂ ਬਿਜਲੀ ਸਪਲਾਈ, ਸਿਹਤ ਸਹੂਲਤਾਂ ਵਿਚ ਸੁਧਾਰ, ਆਮ ਆਦਮੀ ਮੁੱਹਲਾ ਕਲੀਨਿਕਾਂ ਦਾ ਵਿਸਥਾਰ, ਸਿੱਖਿਆ ਖੇਤਰ ਵਿਚ ਸੁਧਾਰ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਰਗੇ ਕਦਮ ਚੁੱਕੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਨ ਲਈ ਡਿਜੀਟਲ ਸੇਵਾਵਾਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਲਈ ਨਿਰਵਿਘਨ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਅਨੁਸਾਰ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਵੀ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਸੀ.ਐੱਮ. ਦੀ ਯੋਗਸ਼ਾਲਾ’ ਰਾਹੀਂ ਲੋਕਾਂ ਨੂੰ ਮੁਫ਼ਤ ਯੋਗ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।‘ਆਪ’ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਸਪਲਾਈ ਅਤੇ ਸਿੰਚਾਈ ਲਈ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਤੋਂ ਲੋਕ ਭਲਾਈ ਦੇ ਹੋਰ ਕੰਮਾਂ ਦੀ ਉਮੀਦ ਹੈ। ਇਸ ਮੌਕੇ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।