ਲਿਫਟਿੰਗ ਦੀ ਸੁਸਤ ਰਫ਼ਤਾਰ ਕਾਰਨ ਬੋਰੀਆਂ ਦੇ ਲੱਗੇ ਢੇਰ 9.94 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 8.20 ਲੱਖ ਮੀਟ੍ਰਿਕ ਟਨ ਦੀ ਖ਼ਰੀਦ
Publish Date: Fri, 06 Nov 2026 05:45 PM (IST)
Updated Date: Fri, 06 Nov 2026 05:47 PM (IST)
9.94 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 8.20 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਮਹਿਰਾਜ ਦੀ ਅਨਾਜ ਮੰਡੀ ਨੱਕੋ-ਨੱਕ ਭਰੀ, ਨਥਾਣਾ ਵਿੱਚ ਵੀ ਜਗ੍ਹਾ ਦੀ ਘਾਟ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਜ਼ਿਲ੍ਹਾ ਬਠਿੰਡਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ। 5 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 9,94,429 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 8,20,930 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਦੂਜੇ ਪਾਸੇ ਝੋਨੇ ਦੀ ਲਿਫਟਿੰਗ ਦੀ ਸੁਸਤ ਰਫ਼ਤਾਰ ਕਾਰਨ ਕਈ ਮੰਡੀਆਂ ਵਿੱਚ ਬੋਰੀਆਂ ਦੇ ਢੇਰ ਲੱਗ ਗਏ ਹਨ ਤੇ ਫ਼ਸਲ ਰੱਖਣ ਲਈ ਜਗ੍ਹਾ ਦੀ ਘਾਟ ਪੈਦਾ ਹੋਣ ਲੱਗੀ ਹੈ। ਮਹਿਰਾਜ ਦੀ ਦਾਣਾ ਮੰਡੀ ਨੱਕੋ-ਨੱਕ ਭਰ ਚੁੱਕੀ ਹੈ, ਜਦਕਿ ਨਥਾਣਾ ਦੀ ਅਨਾਜ ਮੰਡੀ ਵਿੱਚ ਵੀ ਜਗ੍ਹਾ ਦੀ ਸਮੱਸਿਆ ਸਾਹਮਣੇ ਆ ਰਹੀ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਖ਼ਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕਰਨ ਦੀ ਗੱਲ ਕਹੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 5 ਨਵੰਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 69,008 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ। ਇਸ ਨਾਲ ਕੁੱਲ ਆਮਦ ਦਾ ਅੰਕੜਾ 9.94 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ। ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੀਤੀ ਗਈ ਖ਼ਰੀਦ ਵਿੱਚ ਪਨਗ੍ਰੇਨ ਨੇ ਸਭ ਤੋਂ ਵੱਧ 3,53,110 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਇਸੇ ਤਰ੍ਹਾਂ ਮਾਰਕਫੈੱਡ ਵੱਲੋਂ 1,85,412 ਮੀਟ੍ਰਿਕ ਟਨ, ਪਨਸਪ ਵੱਲੋਂ 1,80,940 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1,01,468 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਸਮੇਂ ਸਿਰ ਲਿਫਟਿੰਗ ਤੇ ਨਿਰਧਾਰਤ ਸਮੇਂ ਅੰਦਰ ਅਦਾਇਗੀ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਬਾਕਸ ਲਿਫਟਿੰਗ ਦੀ ਸੁਸਤ ਰਫ਼ਤਾਰ ਨੇ ਵਧਾਈਆਂ ਮੁਸ਼ਕਲਾਂ ਇਕ ਪਾਸੇ ਪ੍ਰਸ਼ਾਸਨ ਵੱਲੋਂ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਮੰਡੀਆਂ ਵਿੱਚ ਲਿਫਟਿੰਗ ਦੀ ਹੌਲੀ ਰਫ਼ਤਾਰ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਮੰਡੀਆਂ ਵਿੱਚ ਝੋਨੇ ਦੀਆਂ ਭਰੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ ਤੇ ਇਨ੍ਹਾਂ ਦੀ ਚੁਕਾਈ ਸਮੇਂ ਸਿਰ ਨਾ ਹੋਣ ਕਾਰਨ ਨਵੀਂ ਫ਼ਸਲ ਰੱਖਣ ਲਈ ਜਗ੍ਹਾ ਨਹੀਂ ਬਚ ਰਹੀ। ਮਹਿਰਾਜ ਦੀ ਦਾਣਾ ਮੰਡੀ ਵਿੱਚ ਹਾਲਾਤ ਇਹ ਹਨ ਕਿ ਮੰਡੀ ਲਗਭਗ ਨੱਕੋ-ਨੱਕ ਭਰ ਚੁੱਕੀ ਹੈ। ਇਸੇ ਤਰ੍ਹਾਂ ਨਥਾਣਾ ਦੀ ਅਨਾਜ ਮੰਡੀ ਵਿੱਚ ਵੀ ਜਗ੍ਹਾ ਦੀ ਘਾਟ ਕਾਰਨ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ। ਇਸ ਤੋਂ ਇਲਾਵਾ ਪਿਛਲੇ ਸੀਜ਼ਨ ਦੀ ਕਣਕ ਦੀ ਚੁਕਾਈ ਨਾ ਹੋਣ ਕਾਰਨ ਵੀ ਮੰਡੀਆਂ ਵਿੱਚ ਜਗ੍ਹਾ ਘੱਟ ਪੈ ਰਹੀ ਹੈ। ਝੋਨੇ ਦੀਆਂ ਬੋਰੀਆਂ ਦੀ ਲਿਫਟਿੰਗ ਦੀ ਰਫ਼ਤਾਰ ਹੌਲੀ ਹੋਣ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਢੇਰ ਲੱਗਦੇ ਜਾ ਰਹੇ ਹਨ। ਅਜਿਹੇ ਹਾਲਾਤ ਵਿੱਚ ਜੇਕਰ ਲਿਫਟਿੰਗ ਵਿੱਚ ਤੇਜ਼ੀ ਨਾ ਲਿਆਂਦੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਫ਼ਸਲ ਉਤਾਰਨ ਤੇ ਸੰਭਾਲਣ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ।