- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ’ਚ ਸ਼ੁੱਕਰਵਾਰ ਨੂੰ ਕੱਢੇ ਗਏ ਰੋਡ ਸ਼ੋਅ ਤੇ ਵਲੰਟੀਅਰ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ ਅਗਲੀਆਂ ਵਿਧਾਨ ਸਭਾ ਚੋਣਾਂ ਫ਼ਰਵਰੀ 2027 ’ਚ ਨਹੀਂ ਸਗੋਂ ਇਸੇ ਸਾਲ ਨਵੰਬਰ ’ਚ ਹੋਣੀਆਂ ਹਨ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ’ਚ ਮਿਲੀ ਵੱਡੀ ਜਿੱਤ ਤੋਂ ਉਤਸ਼ਾਹਤ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਲੀਵਾਲ ਨੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਨਵੰਬਰ ’ਚ ਹੋ ਜਾਣਗੀਆਂ ਇਸ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿਓ।
ਬਠਿੰਡਾ ’ਚ ਸ਼ੁੱਕਰਵਾਰ ਨੂੰ ਕੱਢੇ ਗਏ ਰੋਡ ਸ਼ੋਅ ਤੇ ਵਲੰਟੀਅਰ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ ਅਗਲੀਆਂ ਵਿਧਾਨ ਸਭਾ ਚੋਣਾਂ ਫ਼ਰਵਰੀ 2027 ’ਚ ਨਹੀਂ ਸਗੋਂ ਇਸੇ ਸਾਲ ਨਵੰਬਰ ’ਚ ਹੋਣੀਆਂ ਹਨ। ਇਸ ਲਈ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ’ਚ ਲੋਕਾਂ ਵੱਲੋਂ ਦਿੱਤਾ ਗਿਆ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ, ਮੰਤਰੀਆਂ ਜਾਂ ਪਰਿਵਾਰਕ ਮੈਂਬਰਾਂ ’ਤੇ ਘੁਟਾਲਿਆਂ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਰਹੇ ਹਨ ਪਰ ਭਗਵੰਤ ਮਾਨ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜਿਨ੍ਹਾਂ ’ਤੇ ਇੱਕ ਪੈਸੇ ਦੇ ਭ੍ਰਿਸ਼ਟਾਚਾਰ ਜਾਂ ਗ਼ਲਤ ਫ਼ੈਸਲੇ ਦਾ ਦੋਸ਼ ਨਹੀਂ। ਉਨ੍ਹਾਂ ਕਿਹਾ ਕਿ ਨਾ ਹੀ ਉਨ੍ਹਾਂ ਦੇ ਮੰਤਰੀਆਂ ਤੇ ਨਾ ਹੀ ਪਰਿਵਾਰਕ ਮੈਂਬਰਾਂ ’ਤੇ ਕਿਸੇ ਤਰ੍ਹਾਂ ਦੇ ਭ੍ਰਿਸ਼ਟਾਚਾਰ ਦੇ ਦੋਸ਼ ਸਾਹਮਣੇ ਆਏ ਹਨ। ਕੇਜਰੀਵਾਲ ਨੇ ਕਿਹਾ ਕਿ ਜੇ ਭਗਵੰਤ ਮਾਨ ਨੇ ਕੋਈ ਘੁਟਾਲਾ ਕੀਤਾ ਹੁੰਦਾ ਤਾਂ ਕੇਂਦਰ ਸਰਕਾਰ ਤੇ ਕੇਂਦਰ ਦੀਆਂ ਜਾਂਚ ਏਜੰਸੀਆਂ ਉਨ੍ਹਾਂ ਨੂੰ ਨਾ ਛੱਡਦੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਇਆ ਜਾਵੇ ਤਾਂ ਜੋ ਪੰਜਾਬ ਦੇ ਵਿਕਾਸ ਨਾਲ ਜੁੜੇ ਅਧੂਰੇ ਕੰਮ ਪੂਰੇ ਕੀਤੇ ਜਾ ਸਕਣ।
ਵਿਰੋਧੀ ਪਾਰਟੀਆਂ ‘ਤੇ ਵੀ ਸਾਧੇ ਨਿਸ਼ਾਨੇ
ਕੇਜਰੀਵਾਲ ਨੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਬਿਨਾਂ ਨਾਮ ਲਏ ਸ਼੍ਰੋਮਣੀ ਅਕਾਲੀ ਦਲ ਨੂੰ ‘ਚਿੱਟਾ ਪਾਰਟੀ’, ਕਾਂਗਰਸ ਨੂੰ ‘ਝਗੜਾ ਪਾਰਟੀ’ ਤੇ ਭਾਜਪਾ ਨੂੰ ‘ਈਡੀ ਪਾਰਟੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਚਿੱਟਾ ਪਾਰਟੀ ਦੇ ਰਾਜ ’ਚ ਖੂਬ ਚਿੱਟਾ ਵੇਚਿਆ ਗਿਆ, ਜਦੋਂ ਕਿ ਝਗੜਾ ਪਾਰਟੀ ਦੇ ਆਗੂ ਆਪਸ ’ਚ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਈਡੀ ਪਾਰਟੀ ਆਗੂਆਂ ਨੂੰ ਡਰਾ ਰਹੀ ਹੈ। ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਲੋਕ ਭਲਾਈ ਤੇ ਵਿਕਾਸ ਦੇ ਮੁੱਦਿਆਂ ’ਤੇ ਕੰਮ ਕਰ ਰਹੀ ਹੈ। ਇਸ ਲਈ ਮੁੜ ਪੰਜਾਬ ਅੰਦਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਜਾਵੇ।
ਸਿੱਖਿਆ, ਸਿਹਤ ਤੇ ਖੇਤੀਬਾੜੀ ਵਿੱਚ ਕ੍ਰਾਂਤੀਕਾਰੀ ਕੰਮ : ਮਾਨ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿੱਖਿਆ, ਸਿਹਤ ਤੇ ਖੇਤੀਬਾੜੀ ਦੇ ਖੇਤਰਾਂ ’ਚ ਕ੍ਰਾਂਤੀਕਾਰੀ ਕੰਮ ਕੀਤੇ ਹਨ। ਪੰਜਾਬ ’ਚ ਪਹਿਲੀ ਵਾਰ ਕਿਸਾਨ ਨਹਿਰੀ ਪਾਣੀ ਨਾਲ ਝੋਨੇ ਲਾ ਰਹੇ ਹਨ। ਭਾਖੜਾ ਡੈਮ ’ਚ ਪਾਣੀ ਦਾ ਪੱਧਰ ਆਮ ਨਾਲੋਂ ਕਰੀਬ 16 ਫੁੱਟ ਉੱਚਾ ਹੈ, ਜਿਸ ਕਾਰਨ ਕਿਸਾਨਾਂ ਨੂੰ ਭਰਪੂਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨਾਂ ਦੀ ਟਿਊਬਵੈੱਲਾਂ ’ਤੇ ਨਿਰਭਰਤਾ ਘਟੀ ਹੈ ਤੇ ਖੇਤੀ ਲਾਗਤ ’ਚ ਵੀ ਕਮੀ ਆਈ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੱਡੇ ਪੱਧਰ ‘ਤੇ ਸਿਹਤ ਬੀਮਾ ਕਾਰਡ ਜਾਰੀ ਕੀਤੇ ਗਏ ਹਨ ਤੇ 60 ਤੋਂ 70 ਫੀਸਦੀ ਲੋਕ ਇਹ ਕਾਰਡ ਬਣਵਾ ਚੁੱਕੇ ਹਨ। ਇਕ ਜੁਲਾਈ ਤੋਂ ਮਹਿਲਾਵਾਂ ਦੇ ਖਾਤਿਆਂ ’ਚ ਆਰਥਿਕ ਮਦਦ ਆਉਣੀ ਸ਼ੁਰੂ ਹੋ ਜਾਵੇਗੀ।
ਵੱਡੀ ਗਿਣਤੀ ’ਚ ਇਕੱਠੇ ਹੋਏ ਵਲੰਟੀਅਰ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਰੋਡ ਸ਼ੋਅ ਤੇ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਤੇ ਸਮਰਥਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ। ਵਿਸ਼ੇਸ ਤੌਰ ’ਤੇ ਤਿਆਰ ਕੀਤੀ ਗਈ ਗੱਡੀ ’ਚ ਉੱਪਰ ਕੇਜਰੀਵਾਲਾ, ਭਗਵੰਤ ਮਾਨ, ਮੁਨੀਸ ਸਿਸੋਦੀਆ, ਅਮਨ ਅਰੋੜਾ, ਪਦਮਜੀਤ ਮਹਿਤਾ ਤੇ ਅਮਰਜੀਤ ਮਹਿਤਾ ਮੌਜੂਦ ਰਹੇ। ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਪਾਰਟੀ ਦੇ ਝੰਡਿਆਂ ਤੇ ਨਾਅਰਿਆਂ ਨਾਲ ਚੋਣ ਮਾਹੌਲ ਬਣਿਆ ਰਿਹਾ। ਰੋਡ ਸ਼ੋਅ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ।