ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਖਿਡਾਰੀਆਂ ਨੇ ਜਿੱਤੇ 61 ਸੋਨੇ ਸਮੇਤ 92 ਤਗਮੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਖਿਡਾਰੀਆਂ ਨੇ ਜਿੱਤੇ 61 ਸੋਨੇ ਸਮੇਤ 92 ਤਮਗੇ
Publish Date: Thu, 22 Oct 2026 04:41 PM (IST)
Updated Date: Thu, 22 Oct 2026 04:42 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਮਾਲਵੇ ਦੀ ਸਿਰਮੌਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਜ਼ੋਨ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕੁੱਲ 61 ਸੋਨੇ, 26 ਚਾਂਦੀ ਅਤੇ 16 ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਤੋਂ ਇਲਾਵਾ 27 ਵਿਦਿਆਰਥੀਆਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਜਾਣਕਾਰੀ ਅਨੁਸਾਰ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਨੈੱਟਬਾਲ, ਫੁੱਟਬਾਲ, ਬਾਸਕਟਬਾਲ, ਫੈਂਸਿੰਗ, ਕ੍ਰਿਕਟ, ਹਾਕੀ, ਕਰਾਟੇ, ਗੱਤਕਾ, ਸ਼ਤਰੰਜ, ਰੱਸਾਕਸ਼ੀ ਅਤੇ ਅਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਲਗਭਗ 40 ਸੋਨੇ, 21 ਚਾਂਦੀ ਤੇ 10 ਕਾਂਸੀ ਦੇ ਤਮਗੇ ਜਿੱਤੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਫੁੱਟਬਾਲ, ਕਰਾਟੇ, ਰੱਸਾਕਸ਼ੀ, ਫੈਂਸਿੰਗ, ਨੈੱਟਬਾਲ ਅਤੇ ਅਥਲੈਟਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਗਭਗ 10 ਸੋਨੇ, 5 ਚਾਂਦੀ ਅਤੇ 6 ਕਾਂਸੀ ਦੇ ਤਮਗੇ ਹਾਸਲ ਕੀਤੇ। ਸਕੂਲ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਰੱਸਾਕਸ਼ੀ, ਫੈਂਸਿੰਗ, ਕੁਸ਼ਤੀ, ਨੈੱਟਬਾਲ, ਫੁੱਟਬਾਲ ਅਤੇ ਹਾਕੀ ਵਰਗੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ 27 ਵਿਦਿਆਰਥੀਆਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਾਤਾਰ ਅਭਿਆਸ ਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹਨ। ਇਸ ਸ਼ਾਨਦਾਰ ਸਫ਼ਲਤਾ ’ਤੇ ਸਕੂਲ ਦੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਮਾਪਿਆਂ ਨਾਲ ਖ਼ੁਸ਼ੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਕਿਉਂਕਿ ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਪ੍ਰਿੰਸੀਪਲ ਨੇ ਡੀਪੀ ਸ਼ਮਸ਼ੇਰ ਸਿੰਘ, ਸਮੂਹ ਕੋਚਾਂ ਤੇ ਮਾਪਿਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿਚ ਸਟੇਟ ਅਤੇ ਰਾਸ਼ਟਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਇਲਾਕੇ ਦਾ ਨਾਮ ਰੋਸ਼ਨ ਕਰਨਗੇ।