ਘਰ ’ਤੇ ਪਥਰਾਅ ਕਰਕੇ ਦਰਵਾਜ਼ਾ ਤੋੜਨ ਦੀ ਕੋਸ਼ਿਸ਼, ਸੀਸੀਟੀਵੀ ’ਚ ਕੈਦ ਹੋਈ ਵਾਰਦਾਤ, ਪੁਰਾਣੀ ਰੰਜਿਸ਼ ਕਾਰਨ ਹਮਲਾ ਕਰਨ ਦਾ ਦੋਸ਼, ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟੇ; ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਘਰ ’ਤੇ ਪਥਰਾਅ ਕਰਕੇ ਦਰਵਾਜ਼ਾ ਤੋੜਨ ਦੀ ਕੋਸ਼ਿਸ਼, ਸੀਸੀਟੀਵੀ ’ਚ ਕੈਦ ਹੋਈ ਵਾਰਦਾਤ
Publish Date: Sun, 23 Aug 2026 05:08 PM (IST)
Updated Date: Sun, 23 Aug 2026 05:09 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਕੈਂਟ ਰੋਡ ਸਥਿਤ ਧੋਬੀਆਣਾ ਬਸਤੀ ਦੀ ਗਲੀ ਨੰਬਰ ਦੋ ਵਿਚ ਸ਼ਨੀਵਾਰ ਦੇਰ ਸ਼ਾਮ ਕੁਝ ਵਿਅਕਤੀਆਂ ਵੱਲੋਂ ਇੱਕ ਘਰ ’ਤੇ ਪਥਰਾਅ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਘਰ ਦੇ ਮੁੱਖ ਦਰਵਾਜ਼ੇ ’ਤੇ ਹਮਲਾ ਕਰਕੇ ਉਸ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਪਥਰਾਅ ਕਾਰਨ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਸਰੇਆਮ ਹੋਈ ਇਹ ਘਟਨਾ ਨੇੜਲੇ ਇਕ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਇਸ ਦੀ ਵੀਡੀਓ ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਪੁਲਿਸ ਅਨੁਸਾਰ ਹਮਲਾ ਕਰਨ ਵਾਲੇ ਵਿਅਕਤੀ ਧੋਬੀਆਣਾ ਬਸਤੀ ਦੇ ਹੀ ਰਹਿਣ ਵਾਲੇ ਦੱਸੇ ਜਾ ਰਹੇ ਹਨ। ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਪੀੜਤ ਪਰਿਵਾਰ ਦਾ ਉਨ੍ਹਾਂ ਨਾਲ ਵਿਵਾਦ ਹੋਇਆ ਸੀ। ਇਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਘਟਨਾ ਸਥਾਨ ’ਤੇ ਗਏ ਸਨ ਅਤੇ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਹਮਲਾਵਰਾਂ ਨਾਲ ਪੁਰਾਣਾ ਵਿਵਾਦ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਐੱਸਐੱਚਓ ਨੇ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਹਾਲੇ ਤੱਕ ਪੁਲਿਸ ਨੂੰ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ। ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮਾਮਲੇ ’ਤੇ ਨਜ਼ਰ ਰੱਖੀ ਜਾ ਰਹੀ ਹੈ।