ਅਕਾਲ ਯੂਨੀਵਰਸਿਟੀ ਵਿਖੇ ਜਨਗਣਨਾ ਫੇਜ਼-2 (ਸਵੈ-ਗਣਨਾ) ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਕਾਲ ਯੂਨੀਵਰਸਿਟੀ ਵਿਖੇ ਜਨਗਣਨਾ ਫੇਜ਼-2 (ਸਵੈ-ਗਣਨਾ) ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Sat, 14 Nov 2026 05:57 PM (IST)
Updated Date: Sat, 14 Nov 2026 06:00 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਪ੍ਰਮੁੱਖ ਜਨਗਣਨਾ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਡੀਨ ਸਟੂਡੈਂਟਸ ਵੈੱਲਫੇਅਰ ਦਫ਼ਤਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਨਗਣਨਾ ਫੇਜ਼-2 (ਸਵੈ-ਗਣਨਾ) ਵਿਸ਼ੇ ਤੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਲਗਭਗ 230 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਉਪਰਾਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਜਨਗਣਨਾ ਦੀ ਮਹੱਤਤਾ, ਇਸ ਦੀ ਪ੍ਰਕਿਰਿਆ ਅਤੇ ਸਵੈ-ਗਣਨਾ ਰਾਹੀਂ ਆਪਣੇ ਵੇਰਵੇ ਖ਼ੁਦ ਦਰਜ ਕਰਨ ਬਾਰੇ ਜਾਣਕਾਰੀ ਦੇਣਾ ਸੀ। ਸਮਾਗਮ ਦੀ ਸ਼ੁਰੂਆਤ ਮੌਕੇ ਸਹਾਇਕ ਡੀਨ ਸਟੂਡੈਂਟਸ ਵੈੱਲਫੇਅਰ ਅਕਾਸ਼ਬੀਰ ਸਿੰਘ ਨੇ ਸੈਮੀਨਾਰ ਦਾ ਉਦਘਾਟਨ ਕਰਦਿਆਂ ਪਹੁੰਚੇ ਮਾਹਿਰਾਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਉਪਰੰਤ ਮੁੱਖ ਬੁਲਾਰੇ ਵਜੋਂ ਪਹੁੰਚੇ ਭੌਤਿਕ ਵਿਗਿਆਨ ਦੇ ਲੈਕਚਰਾਰ ਰਛਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਵੈ-ਗਣਨਾ ਦੀ ਸਮੁੱਚੀ ਪ੍ਰਕਿਰਿਆ ਬਾਰੇ ਕਦਮ-ਦਰ-ਕਦਮ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦਾ ਟੈਸਟਿੰਗ ਪੜਾਅ 15 ਨਵੰਬਰ ਤੱਕ ਜਾਰੀ ਰਹੇਗਾ, ਜਦਕਿ ਅਸਲ ਡਾਟਾ ਦਰਜ ਕਰਨ ਦਾ ਕੰਮ 16 ਤੋਂ 30 ਨਵੰਬਰ ਤੱਕ ਚੱਲੇਗਾ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਦਾ ਦੂਜਾ ਪੜਾਅ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਸਹੂਲਤ ਰਾਹੀਂ ਲੋਕ ਆਪਣੇ ਪਰਿਵਾਰ ਅਤੇ ਘਰ ਸਬੰਧੀ ਲੋੜੀਂਦੇ ਵੇਰਵੇ ਖ਼ੁਦ ਦਰਜ ਕਰ ਸਕਦੇ ਹਨ। ਇਸ ਨਾਲ ਅੰਕੜਿਆਂ ਦੀ ਸ਼ੁੱਧਤਾ ਵਿੱਚ ਸੁਧਾਰ ਆਉਣ ਦੇ ਨਾਲ-ਨਾਲ ਗਣਨਾਕਾਰਾਂ ਦਾ ਕੰਮ ਵੀ ਸੁਖਾਲਾ ਹੋਵੇਗਾ। ਇਸ ਮੌਕੇ ਭੂਗੋਲ ਵਿਸ਼ੇ ਦੇ ਲੈਕਚਰਾਰ ਮਲਕੀਤ ਸਿੰਘ, ਨਵਜਿੰਦਰ ਸਿੰਘ ਅਤੇ ਬਿਪਿਨ ਕੁਮਾਰ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਜਨਗਣਨਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸਵਰਨ ਸਿੰਘ ਨੇ ਜਨਗਣਨਾ ਬਿਊਰੋ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਪਹਿਲਾਂ ਆਪਣੀ ਸਵੈ-ਗਣਨਾ ਮੁਕੰਮਲ ਕਰਨ ਅਤੇ ਫਿਰ ਆਪਣੇ ਪਰਿਵਾਰਕ ਮੈਂਬਰਾਂ, ਗੁਆਂਢੀਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਬਾਰੇ ਜਾਗਰੂਕ ਕਰਨ। ਸਮਾਗਮ ਦੇ ਅੰਤ ਵਿੱਚ ਡੀਨ ਸਟੂਡੈਂਟਸ ਵੈੱਲਫੇਅਰ ਡਾ. ਜਨਪ੍ਰੀਤ ਸਿੰਘ ਨੇ ਸਮੂਹ ਬੁਲਾਰਿਆਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਵੀ ਹਾਜ਼ਰ ਸਨ।