ਅਕਾਲ ਯੂਨੀਵਰਸਿਟੀ ਵਿਖੇ ਜਨਗਣਨਾ ਸਵੈ-ਗਣਨਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਕਾਲ ਯੂਨੀਵਰਸਿਟੀ ਵਿਖੇ ਜਨਗਣਨਾ ਸਵੈ-ਗਣਨਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Sun, 15 Nov 2026 04:22 PM (IST)
Updated Date: Sun, 15 Nov 2026 04:24 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋਪ੍ਰਮੁੱਖ ਜਨਗਣਨਾ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਡੀਨ ਸਟੂਡੈਂਟਸ ਵੈੱਲਫੇਅਰ ਦਫ਼ਤਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਨਗਣਨਾ ਫੇਜ਼-2 (ਸਵੈ-ਗਣਨਾ) ਵਿਸ਼ੇ ਤੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਲਗਭਗ 230 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਨਗਣਨਾ ਦੀ ਮਹੱਤਤਾ ਅਤੇ ਸਵੈ-ਗਣਨਾ ਰਾਹੀਂ ਆਪਣੇ ਪਰਿਵਾਰ ਤੇ ਘਰ ਦੇ ਵੇਰਵੇ ਖ਼ੁਦ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣਾ ਸੀ। ਸਮਾਗਮ ਦੀ ਸ਼ੁਰੂਆਤ ਕਰਦਿਆਂ ਸਹਾਇਕ ਡੀਨ ਸਟੂਡੈਂਟਸ ਵੈੱਲਫੇਅਰ ਅਕਾਸ਼ਬੀਰ ਸਿੰਘ ਨੇ ਮਾਹਿਰਾਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪਹੁੰਚੇ ਭੌਤਿਕ ਵਿਗਿਆਨ ਦੇ ਲੈਕਚਰਾਰ ਰਛਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦਾ ਟੈਸਟਿੰਗ ਪੜਾਅ 15 ਨਵੰਬਰ ਤੱਕ ਜਾਰੀ ਰਹੇਗਾ ਅਤੇ ਅਸਲ ਡਾਟਾ ਦਰਜ ਕਰਨ ਦੀ ਪ੍ਰਕਿਰਿਆ 16 ਤੋਂ 30 ਨਵੰਬਰ ਤੱਕ ਹੋਵੇਗੀ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਦਾ ਦੂਜਾ ਪੜਾਅ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਸਹੂਲਤ ਨਾਲ ਲੋਕ ਆਪਣੇ ਘਰ ਅਤੇ ਪਰਿਵਾਰ ਸਬੰਧੀ ਵੇਰਵੇ ਖ਼ੁਦ ਦਰਜ ਕਰ ਸਕਣਗੇ, ਜਿਸ ਨਾਲ ਅੰਕੜਿਆਂ ਦੀ ਸ਼ੁੱਧਤਾ ਵਧੇਗੀ ਅਤੇ ਗਣਨਾਕਾਰਾਂ ਦਾ ਕੰਮ ਵੀ ਸੁਖਾਲਾ ਹੋਵੇਗਾ। ਇਸ ਦੌਰਾਨ ਭੂਗੋਲ ਵਿਸ਼ੇ ਦੇ ਲੈਕਚਰਾਰ ਮਲਕੀਤ ਸਿੰਘ, ਨਵਜਿੰਦਰ ਸਿੰਘ ਅਤੇ ਬਿਪਿਨ ਕੁਮਾਰ ਨੇ ਰਿਸੋਰਸ ਪਰਸਨ ਵਜੋਂ ਜਨਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸਵਰਨ ਸਿੰਘ ਨੇ ਜਨਗਣਨਾ ਬਿਊਰੋ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪਹਿਲਾਂ ਆਪਣੀ ਸਵੈ-ਗਣਨਾ ਪੂਰੀ ਕਰਨ ਅਤੇ ਫਿਰ ਪਰਿਵਾਰਕ ਮੈਂਬਰਾਂ, ਗੁਆਂਢੀਆਂ ਤੇ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰਨ ਦੀ ਅਪੀਲ ਕੀਤੀ। ਅੰਤ ਵਿੱਚ ਡੀਨ ਸਟੂਡੈਂਟਸ ਵੈੱਲਫੇਅਰ ਡਾ. ਜਨਪ੍ਰੀਤ ਸਿੰਘ ਨੇ ਸਮੂਹ ਬੁਲਾਰਿਆਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਵੀ ਮੌਜੂਦ ਸਨ।