ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਵੈ-ਗਣਨਾ ਸਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਵੈ-ਗਣਨਾ ਸਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ
Publish Date: Sun, 29 Nov 2026 05:14 PM (IST)
Updated Date: Sun, 29 Nov 2026 05:16 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ‘ਸਵੈ-ਗਣਨਾ’ (Self-Enumeration) ਵਿਸ਼ੇ ’ਤੇ ਇੱਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐੱਮ.) ਦਫ਼ਤਰ, ਤਲਵੰਡੀ ਸਾਬੋ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ। ਵਰਕਸ਼ਾਪ ਦੌਰਾਨ ਐੱਸ.ਡੀ.ਐੱਮ. ਦਫ਼ਤਰ ਤੋਂ ਪਹੁੰਚੀ ਵਿਸ਼ੇਸ਼ ਟੀਮ ਦੇ ਮਾਹਿਰਾਂ ਨੇ ਵਿਦਿਆਰਥਣਾਂ ਨੂੰ ਸਵੈ-ਗਣਨਾ ਪੋਰਟਲ ਰਾਹੀਂ ਆਨਲਾਈਨ ਡਾਟਾ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਡਿਜੀਟਲ ਵਿਧੀ ਰਾਹੀਂ ਖ਼ੁਦ ਆਪਣੀ ਜਾਣਕਾਰੀ ਦਰਜ ਕਰਨ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਰਾਸ਼ਟਰੀ ਯੋਜਨਾਬੰਦੀ ਲਈ ਸਹੀ ਅੰਕੜੇ ਇਕੱਤਰ ਕਰਨ ਵਿੱਚ ਵੀ ਮਦਦ ਮਿਲਦੀ ਹੈ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡਿਜੀਟਲ ਯੁੱਗ ਵਿੱਚ ਵਿਦਿਆਰਥਣਾਂ ਨੂੰ ਅਜਿਹੀਆਂ ਪ੍ਰਸ਼ਾਸਨਿਕ ਅਤੇ ਰਾਸ਼ਟਰੀ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਪ੍ਰਕਿਰਿਆ ਨੂੰ ਖ਼ੁਦ ਸਿੱਖਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ। ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸ਼ੰਕਿਆਂ ਦਾ ਹੱਲ ਕੀਤਾ। ਅੰਤ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੀ ਮੁਖੀ ਡਾ. ਰਮਨਦੀਪ ਕੌਰ ਨੇ ਪ੍ਰਸ਼ਾਸਨਿਕ ਟੀਮ, ਕਾਲਜ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ।