ਪਰਮਿੰਦਰ ਝੋਟਾ ਦੇ ਕਾਤਲ ਮਾਮਲੇ ’ਚ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ,ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਵੇ ਸਰਕਾਰ
ਇਸ ਮੌਕੇ ਜਥੇਦਾਰ ਦਾਦੂਵਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਆਵਾਜ਼ ਚੁੱਕਣ ਵਾਲੇ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਸਮਾਜ ਦੇ ਅਸਲ ਰਾਖੇ ਹਨ ਅਤੇ ਅਜਿਹੇ ਨੌਜਵਾਨਾਂ ਦੀ ਸੁਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ।
Publish Date: Tue, 20 Oct 2026 08:55 AM (IST)
Updated Date: Tue, 20 Oct 2026 08:59 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟਾ ਦੇ ਹੋਏ ਦਰਦਨਾਕ ਕਤਲ ਦੇ ਰੋਸ ਵਜੋਂ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰਕ ਮੈਂਬਰਾਂ ਅਤੇ ਐਕਸ਼ਨ ਕਮੇਟੀ ਵੱਲੋਂ ਮਾਨਸਾ ਵਿਖੇ ਲਾਏ ਗਏ ਧਰਨੇ ਵਿਚ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਜਥੇਦਾਰ ਦਾਦੂਵਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਆਵਾਜ਼ ਚੁੱਕਣ ਵਾਲੇ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਸਮਾਜ ਦੇ ਅਸਲ ਰਾਖੇ ਹਨ ਅਤੇ ਅਜਿਹੇ ਨੌਜਵਾਨਾਂ ਦੀ ਸੁਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ।
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਅਜਿਹੇ ਹਾਲਾਤ ਵਿਚ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾਵੇਗਾ ਤਾਂ ਇਹ ਸਮੁੱਚੇ ਸਮਾਜ ਲਈ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਇਨਸਾਫ਼ ਦੀ ਇਸ ਲੜਾਈ ਵਿਚ ਪੀੜਤ ਪਰਿਵਾਰ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ।
ਇਸ ਮੌਕੇ ਜਥੇਦਾਰ ਦਾਦੂਵਾਲ ਨੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭਾਈ ਭੀਮ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਤਰ੍ਹਾਂ ਦੇ ਨੈਤਿਕ, ਸਮਾਜਿਕ ਅਤੇ ਲੋੜੀਂਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਕ ਮਾਤਾ ਪਿਤਾ ਲਈ ਆਪਣੇ ਜਵਾਨ ਪੁੱਤਰ,ਪਤਨੀ ਨੂੰ ਪਤੀ ਅਤੇ ਬੱਚਿਆਂ ਨੂੰ ਬਾਪ ਗੁਆਉਣ ਦਾ ਦੁੱਖ ਅਸਹਿ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਸਮੁੱਚੇ ਸਮਾਜ ਨੂੰ ਪੀੜਤ ਪਰਿਵਾਰ ਦੇ ਨਾਲ ਖੜ੍ਹਨਾ ਚਾਹੀਦਾ ਹੈ।
ਜਥੇਦਾਰ ਦਾਦੂਵਾਲ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਤਾਕੀਦ ਕਰਦਿਆਂ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਚ ਸ਼ਾਮਲ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਮਿਸਾਲੀ ਸਜ਼ਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਮਿਲ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਵਿਅਕਤੀ, ਪਰਿਵਾਰ ਜਾਂ ਜਥੇਬੰਦੀ ਦੀ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਸਾਂਝੀ ਲੜਾਈ ਹੈ। ਇਸ ਲਈ ਧਾਰਮਿਕ, ਸਮਾਜਿਕ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣਾ ਚਾਹੀਦਾ ਹੈ।
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਇਸ ਧਰਤੀ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਸਮਾਜ ਸੇਵੀਆਂ ਅਤੇ ਨੌਜਵਾਨ ਆਗੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ।
ਅੰਤ ਵਿਚ ਜਥੇਦਾਰ ਦਾਦੂਵਾਲ ਜੀ ਨੇ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਲਈ ਕੀਤੇ ਜਾ ਰਹੇ ਸੰਘਰਸ਼ ਦਾ ਪੂਰਨ ਸਮਰਥਨ ਕਰਦਿਆਂ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਪਰਿਵਾਰ ਦੇ ਨਾਲ ਡਟ ਕੇ ਖੜ੍ਹੇ ਰਹਿਣਗੇ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਨਸਾਫ਼ ਦੀ ਇਸ ਲੜਾਈ ਵਿਚ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਪਣਾ ਸਹਿਯੋਗ ਦੇਣ।
ਇਸ ਸਮੇਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪਾਲ ਸਿੰਘ ਗੋਰਾ ਐਲਨਾਬਾਦ, ਐਡਵੋਕੇਟ ਗੁਰਤੇਜ ਸਿੰਘ ਅੰਬਾਲਾ ਮੈਂਬਰ, ਸਰਪੰਚ ਭੁਪਿੰਦਰ ਸਿੰਘ ਲਾਡੀ ਸੌਂਕੜਾ ਮੈਂਬਰ ਪ੍ਰਤੀਨਿਧ ਨੀਲੋਂਖੇੜੀ, ਬਾਬਾ ਪ੍ਰਦੀਪ ਸਿੰਘ ਕੋਟ ਸ਼ਮੀਰ ਪੰਥਕ ਸੇਵਾ ਲਹਿਰ ਦਾਦੂ ਸਾਹਿਬ, ਭਾਈ ਗੁਰਸੇਵਕ ਸਿੰਘ ਰੰਗੀਲਾ, ਭਾਈ ਅਰਵਿੰਦਰ ਸਿੰਘ ਬਿੱਟੂ ਸੋਢੀ ਵੀ ਉਨਾਂ ਦੇ ਨਾਲ ਸਨ।