ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਬਲਕਾਰ ਸਿੱਧੂ ਨੇ ਦਿੱਤੇ ਨਿਯੁਕਤੀ ਪੱਤਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਬਲਕਾਰ ਸਿੱਧੂ ਨੇ ਦਿੱਤੇ ਨਿਯੁਕਤੀ ਪੱਤਰ
Publish Date: Thu, 12 Nov 2026 04:44 PM (IST)
Updated Date: Thu, 12 Nov 2026 04:45 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਅਤੇ ਆਂਗਨਵਾੜੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਪੈਲਸ ਰਾਮਪੁਰਾ ਫੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 9 ਆਂਗਨਵਾੜੀ ਵਰਕਰਾਂ ਅਤੇ 43 ਹੈਲਪਰਾਂ ਸਮੇਤ ਕੁੱਲ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਸਮਾਗਮ ਦੌਰਾਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਪਣੇ ਕਾਰਜ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ 16 ਲੱਖ 60 ਹਜ਼ਾਰ 275 ਰੁਪਏ ਦੀ ਇਨਸੈਂਟਿਵ ਰਾਸ਼ੀ ਵੀ ਵੰਡੀ ਗਈ। ਇਸ ਤੋਂ ਇਲਾਵਾ ਵਿਭਾਗ ਦੀਆਂ ਵਰਕਰਾਂ, ਸੁਪਰਵਾਈਜ਼ਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਿਯੁਕਤੀ ਪੱਤਰ ਮਿਲਣਾ ਉਨ੍ਹਾਂ ਲਈ ਰੁਜ਼ਗਾਰ ਦਾ ਨਵਾਂ ਮੌਕਾ ਹੋਣ ਦੇ ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦਾ ਅਹਿਮ ਮੌਕਾ ਵੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਬੱਚਿਆਂ ਦੇ ਪੋਸ਼ਣ, ਮੁੱਢਲੀ ਸਿੱਖਿਆ, ਸਿਹਤ ਸੰਭਾਲ ਅਤੇ ਮਹਿਲਾਵਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਮਹਿਲਾਵਾਂ ਦਾ ਆਰਥਿਕ ਅਤੇ ਸਮਾਜਿਕ ਤੌਰ ’ਤੇ ਆਤਮ-ਨਿਰਭਰ ਹੋਣਾ ਜ਼ਰੂਰੀ ਹੈ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਅਤੇ ਹਰ ਖੇਤਰ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮਹਿਲਾਵਾਂ ਦੀ ਭਲਾਈ, ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਆਂਗਣਵਾੜੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ। ਸਮਾਗਮ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਆਂਗਣਵਾੜੀ ਵਿਭਾਗ ਦੇ ਅਧਿਕਾਰੀ, ਸੁਪਰਵਾਈਜ਼ਰ, ਵਰਕਰਾਂ, ਹੈਲਪਰਾਂ ਅਤੇ ਹੋਰ ਪਤਵੰਤੇ ਹਾਜ਼ਰ ਸਨ।