ਬਠਿੰਡਾ : ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਅੱਜ ਬਠਿੰਡਾ ਜ਼ਿਲ੍ਹੇ ਅੰਦਰ ਚਾਰ ਥਾਵਾਂ ਤੇ ਰੇਲਵੇ ਟਰੈਕ ਨੂੰ ਜਾਮ ਕੀਤਾ ਗਿਆ। ਜ਼ਿਲ੍ਹੇ ਵਿੱਚ ਸੰਗਤ ਮੰਡੀ, ਭਾਈ ਬਖ਼ਤੌਰ, ਗੋਨਿਆਣਾ ਮੰਡੀ ਅਤੇ ਭੁੱਚੋ ਮੰਡੀ ਵਿਖੇ ਲਾਈਨਾਂ ਤੇ ਜਾਮ ਲਾਇਆ ਗਿਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਜਸਬੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਵੱਡੀ ਗਿਣਤੀ ਕਿਸਾਨਾਂ ਵੱਲੋਂ ਰੇਲਵੇ ਟਰੈਕਾਂ ਤੇ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਹਰ ਸੰਘਰਸ਼ ਦੇ ਸੱਦੇ ਨੂੰ ਕਿਸਾਨਾਂ ਵੱਲੋਂ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅੱਜ ਜ਼ਿਲੇ ਦੇ ਸਮੁੱਚੇ ਰੇਲ ਟਰੈਕਾਂ ਉੱਪਰ ਧਰਨੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੋਰਚੇ ਦੇ ਫੈਸਲੇ ਅਨੁਸਾਰ ਜ਼ਿਲ੍ਹੇ ਅੰਦਰ ਕਰੀਬ ਬਾਰਾਂ ਵਜੇ ਧਰਨੇ ਸ਼ੁਰੂ ਕਰ ਦਿੱਤੇ ਗਏ ਸਨ ਜਿਹੜੇ ਕਿ ਸ਼ਾਮ ਚਾਰ ਵਜੇ ਤੱਕ ਚੱਲਣਗੇ। ਇਸ ਦੌਰਾਨ ਰੇਲ ਗੱਡੀਆਂ ਪੂਰੀ ਤਰ੍ਹਾਂ ਬੰਦ ਰਹੀਆਂ। ਭੁੱਚੋ ਮੰਡੀ ਸੰਗਤ ਮੰਡੀ ਅਤੇ ਗੋਨਿਆਣਾ ਮੰਡੀ ਦੇ ਰੇਲਵੇ ਸਟੇਸ਼ਨ ਤੇ ਕਿਸਾਨਾਂ ਵੱਲੋਂ ਧਰਨੇ ਲਾਏ ਗਏ ਹਨ ਜਦੋਂ ਕਿ ਭਾਈ ਬਖਤੌਰ ਵਿਖੇ ਇਹ ਰੇਲਵੇ ਟਰੈਕ ਨੂੰ ਜਾਮ ਕੀਤਾ ਗਿਆ ਹੈ। ਰੇਲਵੇ ਟਰੈਕ ਤੇ ਦਿੱਤੇ ਜਾਣ ਵਾਲੇ ਧਰਨਿਆਂ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੋਂ ਇਲਾਵਾ ਖੇਤ ਮਜ਼ਦੂਰ ਯੂਨੀਅਨ ਸਮੇਤ ਵੱਖ ਵੱਖ ਸੰਗਠਨਾਂ ਨੇ ਹਿੱਸਾ ਲਿਅਾ।

Posted By: Tejinder Thind