ਨਹਿਰੀ ਖਾਲ ਮਸਲੇ ਨੂੰ ਲੈ ਕੇ ਕਿਸਾਨਾਂ ਟਿਊਬਵੈੱਲ ਕਾਰਪੋਰੇਸ਼ਨ ਨੂੰ ਦਿੱਤਾ ਮੰਗ ਪੱਤਰ
ਨਹਿਰੀ ਖਾਲ ਮਸਲੇ ਨੂੰ ਲੈ ਕੇ ਕਿਸਾਨਾਂ ਨੇ ਟਿਊਬਵੈੱਲ ਕਾਰਪੋਰੇਸ਼ਨ ਨੂੰ ਦਿੱਤਾ ਮੰਗ ਪੱਤਰ
Publish Date: Wed, 17 Jun 2026 05:49 PM (IST)
Updated Date: Thu, 18 Jun 2026 04:01 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਭੁੱਚੋ ਖੁਰਦ ਵਿੱਚ ਨਵੇਂ ਨਹਿਰੀ ਖਾਲ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਿੰਡ ਕਮੇਟੀ ਵੱਲੋਂ ਟਿਊਬਵੈੱਲ ਕਾਰਪੋਰੇਸ਼ਨ ਬਠਿੰਡਾ ਦੇ ਐਕਸੀਅਨ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਅਮਰਜੀਤ ਸਿੰਘ ਹਨੀ ਨੇ ਦੱਸਿਆ ਕਿ ਕਿਸਾਨ ਆਗੂ ਮੰਗ ਪੱਤਰ ਦੇਣ ਲਈ ਦਫ਼ਤਰ ਪਹੁੰਚੇ ਸਨ, ਪਰ ਐਕਸੀਅਨ ਕਿਸੇ ਜ਼ਰੂਰੀ ਕੰਮ ਕਾਰਨ ਬਾਹਰ ਗਏ ਹੋਏ ਸਨ। ਫ਼ੋਨ ’ਤੇ ਗੱਲਬਾਤ ਤੋਂ ਬਾਅਦ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਸਬੰਧਤ ਦਫ਼ਤਰ ਨੂੰ ਮੰਗ ਪੱਤਰ ਸੌਂਪ ਦਿੱਤਾ ਗਿਆ। ਕਿਸਾਨ ਆਗੂ ਕਸ਼ਮੀਰ ਸਿੰਘ ਭਾਈ ਕਾ ਨੇ ਦੱਸਿਆ ਕਿ ਪਿੰਡ ਦੇ ਨਹਿਰੀ ਖਾਲ ਦੇ ਮਸਲੇ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਅਜੇ ਤਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਡੀਸੀ ਬਠਿੰਡਾ ਅਤੇ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਵੀ ਨਵੇਂ ਨਹਿਰੀ ਖਾਲ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਹ ਵਾਅਦਾ ਅਜੇ ਤਕ ਪੂਰਾ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਵਿਧਾਇਕ ਨਾਲ ਮੁੜ ਮੀਟਿੰਗ ਹੋਈ ਸੀ, ਜਿਸ ਦੌਰਾਨ ਪੰਚਾਇਤ ਦੀ ਮੋਹਰ ਅਤੇ ਦਸਤਖ਼ਤਾਂ ਵਾਲੀ ਅਰਜ਼ੀ ਦੇਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਪਿੰਡ ਪੰਚਾਇਤ ਦੇ ਦਸਤਖ਼ਤਾਂ ਅਤੇ ਮੋਹਰ ਸਮੇਤ ਅਰਜ਼ੀ ਤਿਆਰ ਕਰਕੇ 9 ਜੂਨ ਨੂੰ ਜਮ੍ਹਾਂ ਕਰਵਾ ਦਿੱਤੀ ਗਈ। ਕਿਸਾਨ ਆਗੂ ਸੁਖਮੰਦਰ ਸਿੰਘ ਸਰਾਭੇ ਨੇ ਦੱਸਿਆ ਕਿ ਪਿੰਡ ਦੇ ਨਹਿਰੀ ਖਾਲ ਨੂੰ ਬਣੇ ਕਰੀਬ 40 ਤੋਂ 50 ਸਾਲ ਹੋ ਚੁੱਕੇ ਹਨ ਅਤੇ ਪਿਛਲੇ ਪੰਜ ਸਾਲਾਂ ਤੋਂ ਖੇਤਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਵੀ ਮਿਆਰੀ ਨਹੀਂ ਹੈ, ਫਿਰ ਵੀ ਕਿਸਾਨ ਮਜਬੂਰੀ ਵੱਸ ਉਸੇ ਨਾਲ ਸਿੰਚਾਈ ਕਰ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਤੋਂ ਪਿੰਡ ਦੇ ਵਾਟਰ ਵਰਕਸ ਨੂੰ ਵੀ ਨਹਿਰੀ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ, ਜਿਸ ਕਾਰਨ ਲੋਕਾਂ ਨੂੰ ਧਰਤੀ ਹੇਠਲਾ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦਾ “ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਸਾਫ਼ ਪਾਣੀ” ਪਹੁੰਚਾਉਣ ਦਾ ਵਾਅਦਾ ਭੁੱਚੋ ਖੁਰਦ ਦੇ ਮਾਮਲੇ ਵਿੱਚ ਖੋਖਲਾ ਸਾਬਤ ਹੋਇਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਨਵੇਂ ਨਹਿਰੀ ਖਾਲ ਦੀ ਉਸਾਰੀ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਗੁਰਪਾਲ ਸਿੰਘ ਭਾਈ ਕਾ, ਲਾਭ ਸਿੰਘ ਸੰਧੂ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।