ਸਫਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ, ਸ਼ਹਿਰ ’ਚ 770 ਟਨ ਕੂੜਾ ਜਮ੍ਹਾਂ ਸਫਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ, ਸ਼ਹਿਰ ਵਿੱਚ 770 ਟਨ ਕੂੜਾ ਜਮ੍ਹਾਂ
Publish Date: Wed, 29 Jul 2026 06:24 PM (IST)
Updated Date: Thu, 30 Jul 2026 04:01 AM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਮੰਗਲਵਾਰ ਨੂੰ ਛੇਵੇਂ ਦਿਨ ਵੀ ਜਾਰੀ ਰਹੀ, ਜਿਸ ਕਾਰਨ ਸ਼ਹਿਰ ਵਿੱਚ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹੁਣ ਤੱਕ ਕਰੀਬ 770 ਟਨ ਕੂੜਾ ਜਮ੍ਹਾਂ ਹੋ ਚੁੱਕਾ ਹੈ। ਕੂੜੇ ਦੇ ਵਧਦੇ ਢੇਰਾਂ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਗੰਦਗੀ ਦਾ ਮਾਹੌਲ ਬਣ ਗਿਆ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ 42 ਕੂੜਾ ਇਕੱਠਾ ਕਰਨ ਵਾਲੇ ਪੁਆਇੰਟ ਪੂਰੀ ਤਰ੍ਹਾਂ ਭਰ ਚੁੱਕੇ ਹਨ। ਇਨ੍ਹਾਂ ਪੁਆਇੰਟਾਂ ਤੇ ਹੁਣ ਹੋਰ ਕੂੜਾ ਸੁੱਟਣ ਲਈ ਵੀ ਥਾਂ ਨਹੀਂ ਬਚੀ, ਜਿਸ ਕਾਰਨ ਲੋਕ ਮਜਬੂਰੀ ਵਿੱਚ ਸੜਕਾਂ ਦੇ ਕਿਨਾਰਿਆਂ ਅਤੇ ਖਾਲੀ ਪਲਾਟਾਂ ਵਿੱਚ ਕੂੜਾ ਸੁੱਟ ਰਹੇ ਹਨ। ਇਸ ਨਾਲ ਗੰਦਗੀ ਅਤੇ ਬਦਬੂ ਲਗਾਤਾਰ ਵੱਧ ਰਹੀ ਹੈ। ਨਗਰ ਨਿਗਮ ਦੇ ਅੰਕੜਿਆਂ ਮੁਤਾਬਕ ਸ਼ਹਿਰ ਵਿੱਚ ਹਰ ਰੋਜ਼ ਲਗਭਗ 120 ਟਨ ਕੂੜਾ ਪੈਦਾ ਹੁੰਦਾ ਹੈ। ਹੜਤਾਲ ਕਾਰਨ ਇਹ ਕੂੜਾ ਸਮੇਂ ਸਿਰ ਨਹੀਂ ਚੁੱਕਿਆ ਜਾ ਰਿਹਾ, ਜਿਸ ਨਾਲ ਹਰ ਦਿਨ ਗੰਦਗੀ ਦਾ ਬੋਝ ਵਧਦਾ ਜਾ ਰਿਹਾ ਹੈ। ਜੇਕਰ ਹੜਤਾਲ ਹੋਰ ਕੁਝ ਦਿਨ ਜਾਰੀ ਰਹੀ ਤਾਂ ਸ਼ਹਿਰ ਵਿੱਚ ਕੂੜੇ ਦੀ ਮਾਤਰਾ ਇੱਕ ਹਜ਼ਾਰ ਟਨ ਤੋਂ ਵੀ ਵੱਧ ਹੋ ਸਕਦੀ ਹੈ, ਜਿਸ ਨਾਲ ਸਥਿਤੀ ਹੋਰ ਗੰਭੀਰ ਬਣ ਸਕਦੀ ਹੈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਕੂੜੇ ਦੇ ਢੇਰਾਂ ਕਾਰਨ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ, ਮੱਛਰਾਂ ਤੇ ਆਵਾਰਾ ਪਸ਼ੂਆਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਗਿਆ ਹੈ। ਲੋਕਾਂ ਨੂੰ ਡਰ ਹੈ ਕਿ ਜੇਕਰ ਜਲਦੀ ਕੂੜਾ ਨਾ ਚੁੱਕਿਆ ਗਿਆ ਤਾਂ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਸਕਦਾ ਹੈ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਇਹ ਹਾਲਾਤ ਚਿੰਤਾਜਨਕ ਬਣਦੇ ਜਾ ਰਹੇ ਹਨ। ਦੂਜੇ ਪਾਸੇ ਸਫਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤਕ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਤੇ ਠੋਸ ਫੈਸਲਾ ਨਹੀਂ ਲੈਂਦੇ, ਉਦੋਂ ਤਕ ਹੜਤਾਲ ਜਾਰੀ ਰਹੇਗੀ। ਉੱਧਰ ਨਿਗਮ ਪ੍ਰਸ਼ਾਸਨ ਵੱਲੋਂ ਹਾਲਾਤਾਂ ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜਤਾਲ ਖਤਮ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਸ਼ਹਿਰ ਦੇ ਵਪਾਰੀਆਂ ਅਤੇ ਸਮਾਜਿਕ ਸੰਸਥਾਵਾਂ ਨੇ ਵੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸਫਾਈ ਸੇਵਕਾਂ ਨਾਲ ਜਲਦੀ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ ਤਾਂ ਜੋ ਸ਼ਹਿਰ ਨੂੰ ਗੰਦਗੀ ਤੋਂ ਰਾਹਤ ਮਿਲ ਸਕੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਥਿਤੀ ਇੰਝ ਹੀ ਬਣੀ ਰਹੀ ਤਾਂ ਨਾ ਸਿਰਫ਼ ਸਿਹਤ ਸੰਬੰਧੀ ਸਮੱਸਿਆਵਾਂ ਵਧਣਗੀਆਂ, ਸਗੋਂ ਸ਼ਹਿਰ ਦੀ ਸੁੰਦਰਤਾ ਅਤੇ ਆਮ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਜੇਕਰ ਜਲਦੀ ਕੋਈ ਹੱਲ ਨਾ ਨਿਕਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਵੀ ਬਦ ਤੋਂ ਬਦਤਰ ਹੋਣ ਦੀ ਸੰਭਾਵਨਾ ਹੈ।