- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਆਈਏ ਸਟਾਫ-2 ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 3 ਲੱਖ 10 ਹਜ਼ਾਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਗੁਰਤੇਜ ਸਿੰਘ ਸਿੱਧੂ, ਬਠਿੰਡਾ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਆਈਏ ਸਟਾਫ-2 ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 3 ਲੱਖ 10 ਹਜ਼ਾਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਐਸਪੀ (ਡੀ) ਜਸਮੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੀਆਈਏ ਸਟਾਫ-2 ਦੇ ਸਹਾਇਕ ਥਾਣੇਦਾਰ ਕਾਕਾ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਬੀਬੀ ਵਾਲਾ ਚੌਂਕ ਨੇੜੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਲੱਖ 10 ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਕਾਲਾ ਬੰਜਾਰਾ, ਜ਼ਿਲ੍ਹਾ ਸੰਗਰੂਰ ਅਤੇ ਉਸ ਦੀ ਪਤਨੀ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਬਠਿੰਡਾ ਦੀ ਕਮਲਾ ਨਹਿਰੂ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ ਅਤੇ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਹੋਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਮੌੜ ਨੂੰ ਵੀ ਨਾਮਜ਼ਦ ਕੀਤਾ ਹੈ, ਜੋ ਇਸ ਵੇਲੇ ਫਰਾਰ ਹੈ।
ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਪਾਬੰਦੀਸ਼ੁਦਾ ਕੈਪਸੂਲ ਕਿੱਥੋਂ ਲਿਆਂਦੇ ਗਏ ਸਨ, ਇਨ੍ਹਾਂ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ ਅਤੇ ਇਸ ਗੈਰ-ਕਾਨੂੰਨੀ ਧੰਦੇ ਨਾਲ ਹੋਰ ਕੌਣ-ਕੌਣ ਵਿਅਕਤੀ ਜੁੜੇ ਹੋਏ ਹਨ। ਫਰਾਰ ਨਾਮਜ਼ਦ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਲ੍ਹਾ ਪੁਲਿਸ ਵੱਲੋਂ ਅਜਿਹੇ ਅਨਸਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ।