- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਦ ਕੰਪਨੀਆਂ ਵੱਲੋਂ ਇਕ ਵਾਰ ਫਿਰ ਐੱਨਪੀਕੇ ਖਾਦ ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਨਾਲ ਦੇਸ਼ ਦੇ ਕਿਸਾਨਾਂ ’ਤੇ ਮਹਿੰਗਾਈ ਦੀ ਇਕ ਹੋਰ ਮਾਰ ਪਈ ਹੈ। ਐੱਨਪੀਕੇ (12:32:16) ਖਾਦ ਦੀ ਕੀਮਤ ਵਿਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਖਾਦ ਕੰਪਨੀਆਂ ਵੱਲੋਂ ਇਕ ਵਾਰ ਫਿਰ ਐੱਨਪੀਕੇ ਖਾਦ ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਨਾਲ ਦੇਸ਼ ਦੇ ਕਿਸਾਨਾਂ ’ਤੇ ਮਹਿੰਗਾਈ ਦੀ ਇਕ ਹੋਰ ਮਾਰ ਪਈ ਹੈ। ਐੱਨਪੀਕੇ (12:32:16) ਖਾਦ ਦੀ ਕੀਮਤ ਵਿਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ ਅਗਸਤ ਮਹੀਨੇ ਦੌਰਾਨ 50 ਕਿਲੋ ਦੇ ਖਾਦ ਦੇ ਗੱਟੇ ਦੀ ਕੀਮਤ 2250 ਰੁਪਏ ਸੀ, ਜੋ ਨਵੰਬਰ ਮਹੀਨੇ ਵਿਚ ਵਧਾ ਕੇ 2500 ਰੁਪਏ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਪ੍ਰਤੀ ਗੱਟਾ 250 ਰੁਪਏ ਵਾਧੂ ਅਦਾ ਕਰਨੇ ਪੈਣਗੇ।
ਉਨ੍ਹਾਂ ਕਿਹਾ ਕਿ ਖਾਦ ਕੰਪਨੀਆਂ ਵੱਲੋਂ ਕਿਸਾਨਾਂ ’ਤੇ ਮਹਿੰਗਾਈ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ਵੀ ਪਿਛਲੇ ਸਾਲ 2025 ਦੇ ਮੁਕਾਬਲੇ ਐੱਨਪੀਕੇ ਖਾਦ ਦੀ ਕੀਮਤ ਵਿਚ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ। ਹੁਣ ਮਹਿਜ਼ ਦੋ ਮਹੀਨਿਆਂ ਬਾਅਦ ਨਵੰਬਰ ਵਿਚ ਮੁੜ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕਿਸਾਨਾਂ ਦੀ ਆਰਥਿਕ ਸਥਿਤੀ ’ਤੇ ਸੱਟ ਮਾਰੀ ਗਈ ਹੈ।
ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਵੱਲੋਂ ਡੀਏਪੀ ਦੇ ਮੁਕਾਬਲੇ ਐੱਨਪੀਕੇ ਖਾਦ ਦੀ ਵੀ ਵੱਡੀ ਪੱਧਰ ’ਤੇ ਵਰਤੋਂ ਕੀਤੀ ਜਾਂਦੀ ਹੈ। ਖ਼ਾਸ ਕਰਕੇ ਪੰਜਾਬ ਵਿਚ ਡੀਏਪੀ ਖਾਦ ਦੀ ਘਾਟ ਕਾਰਨ ਕਿਸਾਨ ਕਣਕ ਦੀ ਬਿਜਾਈ ਲਈ ਐੱਨਪੀਕੇ (12:32:16) ਖਾਦ ਦੀ ਵਰਤੋਂ ਕਰਨ ਲਈ ਮਜਬੂਰ ਹਨ। ਅਜਿਹੇ ਸਮੇਂ ਖਾਦ ਦੀਆਂ ਕੀਮਤਾਂ ਵਿਚ ਵਾਧਾ ਕਿਸਾਨਾਂ ਲਈ ਹੋਰ ਮੁਸ਼ਕਲਾਂ ਖੜ੍ਹੀਆਂ ਕਰ ਰਿਹਾ ਹੈ।
ਸਰੂਪ ਸਿੰਘ ਰਾਮਾ ਨੇ ਕਿਹਾ ਕਿ ਇੱਕ ਪਾਸੇ ਡੀਜ਼ਲ, ਬੀਜ, ਕੀਟਨਾਸ਼ਕਾਂ ਅਤੇ ਖਾਦਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਖੇਤੀ ਲਾਗਤਾਂ ਦਿਨੋਂ-ਦਿਨ ਵਧ ਰਹੀਆਂ ਹਨ, ਜਦਕਿ ਦੂਜੇ ਪਾਸੇ ਫ਼ਸਲਾਂ ਦੇ ਸਮਰਥਨ ਮੁੱਲ ਵਿਚ ਹੋਣ ਵਾਲਾ ਵਾਧਾ ਇਨ੍ਹਾਂ ਵਧਦੇ ਖਰਚਿਆਂ ਦੇ ਮੁਕਾਬਲੇ ਨਾਕਾਫ਼ੀ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ’ਤੇ ਦਿੱਤੀ ਜਾਂਦੀ ਸਬਸਿਡੀ ਵਿੱਚ ਢੁੱਕਵਾਂ ਵਾਧਾ ਕੀਤਾ ਜਾਵੇ ਅਤੇ ਖਾਦ ਕੰਪਨੀਆਂ ਵੱਲੋਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ’ਤੇ ਕੰਟਰੋਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਠੋਸ ਕਦਮ ਚੁੱਕੇ, ਤਾਂ ਜੋ ਖੇਤੀ ਲਾਗਤਾਂ ਘਟਾਈਆਂ ਜਾ ਸਕਣ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੋਰ ਕਮਜ਼ੋਰ ਹੋਣ ਤੋਂ ਬਚਾਇਆ ਜਾ ਸਕੇ।