- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਜੱਸੀ ਬਾਗ ਵਾਲੀ ਵਿੱਚ ਵੀਰਵਾਰ ਦੁਪਹਿਰ ਦਿਨ-ਦਿਹਾੜੇ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ। ਘਰੇਲੂ ਕਲੇਸ਼ ਅਤੇ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਨ ਦੇ ਚਲਦਿਆਂ ਇੱਕ ਪਤੀ ਨੇ ਆਪਣੀ ਪਤਨੀ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਜੱਸੀ ਬਾਗ ਵਾਲੀ ਵਿੱਚ ਵੀਰਵਾਰ ਦੁਪਹਿਰ ਦਿਨ-ਦਿਹਾੜੇ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ। ਘਰੇਲੂ ਕਲੇਸ਼ ਅਤੇ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਨ ਦੇ ਚਲਦਿਆਂ ਇੱਕ ਪਤੀ ਨੇ ਆਪਣੀ ਪਤਨੀ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬਿਨਾਂ ਨੰਬਰ ਵਾਲੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਦਿਨ-ਦਿਹਾੜੇ ਹੋਈ ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੰਗਤ ਦੀ ਪੁਲਿਸ ਅਤੇ ਡੀਐੱਸਪੀ ਦਿਹਾਤੀ ਹਰਵਿੰਦਰ ਸਿੰਘ ਸਰਾਂ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਹੈ।
ਪੁਲਿਸ ਅਨੁਸਾਰ ਮ੍ਰਿਤਕਾ ਦੀ ਪਛਾਣ 35 ਸਾਲਾ ਗੁਰਮੀਤ ਕੌਰ ਵਾਸੀ ਪਿੰਡ ਜੱਸੀ ਬਾਗ ਵਾਲੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਮੀਤ ਕੌਰ ਵੀਰਵਾਰ ਦੁਪਹਿਰ ਕਰਿਆਨੇ ਦੀ ਦੁਕਾਨ ਤੋਂ ਘਰੇਲੂ ਸਾਮਾਨ ਖਰੀਦ ਕੇ ਵਾਪਸ ਆਪਣੇ ਘਰ ਜਾ ਰਹੀ ਸੀ। ਇਸ ਦੌਰਾਨ ਉਸ ਦਾ ਪਤੀ ਮਨਜੀਤ ਸਿੰਘ ਬਿਨਾਂ ਨੰਬਰ ਵਾਲੇ ਮੋਟਰਸਾਈਕਲ 'ਤੇ ਉੱਥੇ ਪਹੁੰਚਿਆ ਅਤੇ ਉਸ 'ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀਆਂ ਲੱਗਣ ਕਾਰਨ ਗੁਰਮੀਤ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਅਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਗੋਲ਼ੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸ਼ੁਰੂਆਤੀ ਪੜਾਅ ਵਿੱਚ ਚਸ਼ਮਦੀਦਾਂ ਨੇ ਹਮਲਾਵਰ ਦੀ ਪਛਾਣ ਨਹੀਂ ਕੀਤੀ ਸੀ, ਪਰ ਪੁਲਿਸ ਵੱਲੋਂ ਕੀਤੀ ਗਈ ਜਾਂਚ ਅਤੇ ਪਰਿਵਾਰਕ ਮੈਂਬਰਾਂ ਨਾਲ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਵਾਰਦਾਤ ਨੂੰ ਅੰਜਾਮ ਮ੍ਰਿਤਕਾ ਦੇ ਪਤੀ ਮਨਜੀਤ ਸਿੰਘ ਨੇ ਹੀ ਦਿੱਤਾ ਹੈ।
ਡੀਐੱਸਪੀ ਦਿਹਾਤੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਮੁਲਜ਼ਮ ਮਨਜੀਤ ਸਿੰਘ ਕਿੱਤੇ ਵਜੋਂ ਖੇਤੀਬਾੜੀ ਕਰਦਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਤੀ-ਪਤਨੀ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਦੱਸਿਆ ਕਿ ਮੁਲਜ਼ਮ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ। ਪੁਲਿਸ ਦਾ ਮੰਨਣਾ ਹੈ ਕਿ ਇਸੇ ਕਾਰਨ ਗੁੱਸੇ ਵਿੱਚ ਆ ਕੇ ਉਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਹਾਲਾਂਕਿ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕਤਲ ਦੇ ਅਸਲ ਕਾਰਨਾਂ ਦੀ ਪੁਸ਼ਟੀ ਮੁਲਜ਼ਮ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਪੁੱਛਗਿੱਛ ਤੋਂ ਬਾਅਦ ਹੀ ਹੋ ਸਕੇਗੀ। ਥਾਣਾ ਸੰਗਤ ਪੁਲਿਸ ਨੇ ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਕਾਬੂ ਕਰਕੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਦੀ ਵੀ ਬਰਾਮਦਗੀ ਕੀਤੀ ਜਾਵੇਗੀ ਅਤੇ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਜਾਰੀ ਹੈ।