- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੇੜਲੇ ਪਿੰਡ ਕੇਸਰ ਸਿੰਘ ਵਾਲਾ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਦੀ ਮਹਿਲਾ ਸਰਪੰਚ ਸਤਵੰਤ ਕੌਰ ਦੇ ਪਤੀ ਸ਼ਿਵਜੀ ਕੁਮਾਰ ਨੇ ਕੁੱਝ ਵਿਅਕਤੀਆਂ ਤੋਂ ਤੰਗ-ਪਰੇਸ਼ਾਨ ਹੋ ਕੇ ਆਪਣੇ ਘਰ ’ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਨੇੜਲੇ ਪਿੰਡ ਕੇਸਰ ਸਿੰਘ ਵਾਲਾ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਦੀ ਮਹਿਲਾ ਸਰਪੰਚ ਸਤਵੰਤ ਕੌਰ ਦੇ ਪਤੀ ਸ਼ਿਵਜੀ ਕੁਮਾਰ ਨੇ ਕੁੱਝ ਵਿਅਕਤੀਆਂ ਤੋਂ ਤੰਗ-ਪਰੇਸ਼ਾਨ ਹੋ ਕੇ ਆਪਣੇ ਘਰ ’ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਅੱਠ ਵਿਅਕਤੀਆਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਸਮੇਤ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਪਿੰਡ ਦੇ ਕੁਝ ਲੋਕ ਲੰਬੇ ਸਮੇਂ ਤੋਂ ਸਰਪੰਚ ਅਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾ ਰਹੇ ਸਨ। ਪਰਿਵਾਰ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਸ਼ਿਵਜੀ ਕੁਮਾਰ ਨੂੰ ਲਗਾਤਾਰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਸਰਪੰਚ ਨੂੰ ਅਹੁਦੇ ਤੋਂ ਹਟਵਾਉਣ ਦੇ ਨਾਲ-ਨਾਲ ਉਸ ਦੇ ਪਰਿਵਾਰ ਖ਼ਿਲਾਫ਼ ਝੂਠੇ ਕੇਸ ਦਰਜ ਕਰਵਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ। ਇਨ੍ਹਾਂ ਦਬਾਵਾਂ ਅਤੇ ਲਗਾਤਾਰ ਪਰੇਸ਼ਾਨੀ ਕਾਰਨ ਉਹ ਮਾਨਸਿਕ ਤੌਰ 'ਤੇ ਬਹੁਤ ਪਰੇਸ਼ਾਨ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਬੁੱਧਵਾਰ ਨੂੰ ਸਿਵਜੀ ਸਿੰਘ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਆਸ-ਪਾਸ ਦੇ ਲੋਕ ਵੀ ਮੌਕੇ 'ਤੇ ਇਕੱਠੇ ਹੋ ਗਏ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪੁੱਜੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ। ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਤਿੰਨ ਪੰਚਾਇਤ ਮੈਂਬਰਾਂ, ਇਕ ਮੌਜੂਦਾ ਪੰਚਾਇਤ ਸਕੱਤਰ, ਇਕ ਸੇਵਾ ਮੁਕਤ ਪੰਚਾਇਤ ਸਕੱਤਰ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਉਪਲਬਧ ਸਬੂਤਾਂ ਦੇ ਆਧਾਰ 'ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੁਖਦਾਈ ਘਟਨਾ ਨੇ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਸ਼ਿਵਜੀ ਕੁਮਾਰ ਆਪਣੇ ਪਿੱਛੇ ਆਪਣੀ ਪਤਨੀ, ਜੋ ਮੌਜੂਦਾ ਮਹਿਲਾ ਸਰਪੰਚ ਹੈ, ਅਤੇ ਦੋ ਮਾਸੂਮ ਪੁੱਤਰ ਛੱਡ ਗਿਆ ਹੈ। ਦੋਵਾਂ ਬੱਚਿਆਂ ਦੀ ਉਮਰ ਕਰੀਬ ਇੱਕ ਸਾਲ ਅਤੇ ਤਿੰਨ ਸਾਲ ਦੱਸੀ ਜਾ ਰਹੀ ਹੈ। ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਿੰਡ ਵਾਸੀਆਂ ਨੇ ਵੀ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਰਿਵਾਰ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉੱਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਰਾਮਪੁਰਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।