- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਮੌੜ ਦੇ ਮਾਲ ਹਲਕਾ ਚਾਉਕੇ ਵਿਖੇ ਤਾਇਨਾਤ ਪਟਵਾਰੀ ਮਨਿੰਦਰ ਸਿੰਘ ਦੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਮੌੜ ਦੇ ਮਾਲ ਹਲਕਾ ਚਾਉਕੇ ਵਿਖੇ ਤਾਇਨਾਤ ਪਟਵਾਰੀ ਮਨਿੰਦਰ ਸਿੰਘ ਦੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਇਹ ਕਾਰਵਾਈ ਪਿੰਡ ਠੀਕਰੀਵਾਲਾ, ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿਖੇ ਜ਼ਮੀਨ ਖਰੀਦੀ ਸੀ, ਪਰ ਮਾਲ ਰਿਕਾਰਡ ਵਿੱਚ ਹਾਲੇ ਵੀ ਪੁਰਾਣੇ ਮਾਲਕ ਦਾ ਨਾਮ ਦਰਜ ਸੀ।
ਰਿਕਾਰਡ ਵਿੱਚ ਸੋਧ ਕਰਵਾਉਣ ਲਈ ਜਦੋਂ ਉਸ ਨੇ ਸਬੰਧਤ ਪਟਵਾਰੀ ਮਨਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਪਟਵਾਰੀ ਨੇ ਉਸ ਨੂੰ ਆਪਣੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਨਾਲ ਗੱਲ ਕਰਨ ਲਈ ਕਿਹਾ। ਦੋਸ਼ ਹੈ ਕਿ ਪ੍ਰਿਤਪਾਲ ਸਿੰਘ ਨੇ ਰਿਕਾਰਡ ਵਿੱਚ ਸੋਧ ਕਰਨ ਬਦਲੇ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਮੁਤਾਬਕ, ਬਾਅਦ ਵਿੱਚ ਪਟਵਾਰੀ ਨਾਲ ਫ਼ੋਨ ’ਤੇ ਗੱਲਬਾਤ ਦੌਰਾਨ ਰਿਸ਼ਵਤ ਦੀ ਰਕਮ 1.40 ਲੱਖ ਰੁਪਏ ਤੈਅ ਹੋਈ। ਇਸ ਦੌਰਾਨ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ 2,000 ਰੁਪਏ ਵੀ ਲਏ ਅਤੇ ਬਾਕੀ ਰਕਮ ਦੀ ਅਗਲੀ ਕਿਸ਼ਤ 22 ਅਕਤੂਬਰ ਨੂੰ ਦੇਣ ਲਈ ਕਿਹਾ।
ਰਿਸ਼ਵਤ ਦੇਣ ਦੀ ਬਜਾਏ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਕੋਲ ਪਹੁੰਚ ਕੀਤੀ। ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।