ਹਾਦਸੇ ’ਚ ਨੌਜਵਾਨ ਦੀ ਮੌਤ ਮਗਰੋਂ ਧਰਨਾ, ਕੁਝ ਘੰਟਿਆਂ ’ਚ ਕਾਰ ਚਾਲਕ ਗ੍ਰਿਫ਼ਤਾਰ ਹਾਦਸੇ ’ਚ ਨੌਜਵਾਨ ਦੀ ਮੌਤ ਮਗਰੋਂ ਧਰਨਾ, ਕੁਝ ਘੰਟਿਆਂ ’ਚ ਕਾਰ ਚਾਲਕ ਗ੍ਰਿਫ਼ਤਾਰ
Publish Date: Thu, 06 Aug 2026 07:04 PM (IST)
Updated Date: Fri, 07 Aug 2026 04:05 AM (IST)
ਮ੍ਰਿਤਕ ਦੇਹ ਚੌਕ ’ਚ ਰੱਖ ਕੇ ਪਰਿਵਾਰ ਨੇ ਕੀਤੀ ਸੀ ਦੋਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ, ਰਾਮਾਂ ਮੰਡੀ ਪੁਲਿਸ ਨੇ ਮਾਮਲਾ ਦਰਜ ਕਰਕੇ ਕੀਤੀ ਤੁਰੰਤ ਕਾਰਵਾਈ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : 4 ਅਗਸਤ ਦੀ ਸ਼ਾਮ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਪਿੰਡ ਮਲਕਾਣਾ ਦੇ 29 ਸਾਲਾ ਨੌਜਵਾਨ ਜਗਦੀਪ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਸਵੇਰ ਤੋਂ ਤਲਵੰਡੀ ਸਾਬੋ ਦੇ ਖੰਡਾ ਚੌਕ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਮਲਕਾਣਾ ਦੇ ਵੱਡੀ ਗਿਣਤੀ ਵਸਨੀਕਾਂ ਵੱਲੋਂ ਧਰਨਾ ਲਗਾਇਆ ਗਿਆ। ਧਰਨਾਕਾਰੀਆਂ ਨੇ ਮ੍ਰਿਤਕ ਨੌਜਵਾਨ ਦੀ ਦੇਹ ਚੌਕ ਵਿੱਚ ਰੱਖ ਕੇ ਰੋਸ ਪ੍ਰਗਟਾਇਆ ਅਤੇ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਧਰਨੇ ਕਾਰਨ ਖੰਡਾ ਚੌਕ ਵਿੱਚ ਆਵਾਜਾਈ ਵੀ ਕਾਫ਼ੀ ਪ੍ਰਭਾਵਿਤ ਰਹੀ। ਜਾਣਕਾਰੀ ਅਨੁਸਾਰ 4 ਅਗਸਤ ਦੀ ਸ਼ਾਮ ਨੂੰ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ ਸੀ। ਇਸ ਹਾਦਸੇ ਵਿੱਚ ਪਿੰਡ ਮਲਕਾਣਾ ਵਾਸੀ ਜਗਦੀਪ ਸਿੰਘ (29) ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਰੋਸ ਪੈਦਾ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਦਾ ਦੋਸ਼ ਸੀ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਖ਼ਿਲਾਫ਼ ਤੁਰੰਤ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਅੱਜ ਸਵੇਰੇ ਮ੍ਰਿਤਕ ਨੌਜਵਾਨ ਦੀ ਦੇਹ ਤਲਵੰਡੀ ਸਾਬੋ ਦੇ ਖੰਡਾ ਚੌਕ ਵਿੱਚ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਪਰਿਵਾਰ ਨੇ ਸਪੱਸ਼ਟ ਕੀਤਾ ਸੀ ਕਿ ਜਦੋਂ ਤੱਕ ਕਾਰ ਚਾਲਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤਕ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਧਰਨੇ ਦੌਰਾਨ ਪਰਿਵਾਰ ਵੱਲੋਂ ਸਰਕਾਰ ਤੋਂ ਬਣਦੀ ਸਹਾਇਤਾ ਦੇਣ ਦੀ ਵੀ ਮੰਗ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਸਲਾਖਾਂ ਪਿੱਛੇ ਕੀਤਾ ਜਾਣਾ ਚਾਹੀਦਾ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਰਾਮਾਂ ਮੰਡੀ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕੁਝ ਹੀ ਘੰਟਿਆਂ ਵਿੱਚ ਹਾਦਸੇ ਵਿੱਚ ਸ਼ਾਮਲ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਕਾਰ ਚਾਲਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਪਿੰਡ ਮਲਕਾਣਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਮਾਮਲੇ ਵਿੱਚ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਅੱਜ ਸਵੇਰ ਤੋਂ ਲਗਾਏ ਗਏ ਧਰਨੇ ਦੀ ਮੁੱਖ ਮੰਗ ਕਾਰ ਚਾਲਕ ਦੀ ਗ੍ਰਿਫ਼ਤਾਰੀ ਸੀ। ਪੁਲਿਸ ਵੱਲੋਂ ਕੁਝ ਹੀ ਘੰਟਿਆਂ ਵਿੱਚ ਕਾਰ ਚਾਲਕ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਇਸ ਮਾਮਲੇ ਵਿੱਚ ਪੁਲਿਸ ਕਾਰਵਾਈ ਅੱਗੇ ਵਧੀ ਹੈ। ਹੁਣ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।