- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਆਈਏ ਦੀ ਟੀਮ ਨੇ ਡਾ. ਗਰਗ ਤੋਂ ਕਿਸੇ ਪੁਰਾਣੀ ਰੰਜਿਸ਼, ਪਹਿਲਾਂ ਮਿਲੀਆਂ ਧਮਕੀਆਂ ਅਤੇ ਹੋਰ ਸੰਭਾਵਿਤ ਕਾਰਨਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਟੀਮ ਨੇ ਸੀਸੀਟੀਵੀ ਫੁਟੇਜ, ਕਾਲ ਡਿਟੇਲਾਂ ਅਤੇ ਹੋਰ ਤਕਨੀਕੀ ਤੇ ਭੌਤਿਕ ਸਬੂਤਾਂ ਦਾ ਵੀ ਅਧਿਐਨ ਕੀਤਾ।

ਗੁਰਤੇਜ ਸਿੰਘ ਸਿੱਧੂ, ਬਠਿੰਡਾ: ਭਾਜਪਾ ਆਗੂ, ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਅਤੇ ਹੋਮਿਓਪੈਥਿਕ ਡਾਕਟਰ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਬੁੱਧਵਾਰ ਦੇਰ ਸ਼ਾਮ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਬੋਹਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀਆਂ ਲੱਤਾਂ ‘ਤੇ ਸੱਟਾਂ ਲੱਗੀਆਂ। ਉਨ੍ਹਾਂ ਨੂੰ ਦੇਰ ਰਾਤ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਪੂਰੇ ਮਾਮਲੇ ਦਾ ਖੁਲਾਸਾ ਕਰ ਸਕਦੀ ਹੈ।
ਇਸ ਦੌਰਾਨ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਨੂੰ ਐਨਆਈਏ ਦੀ ਟੀਮ ਬਠਿੰਡਾ ਪਹੁੰਚੀ ਅਤੇ ਕਰੀਬ ਦੋ ਘੰਟੇ ਤੱਕ ਜਾਂਚ ਕਰਦਿਆਂ ਡਾ. ਤਰਸੇਮ ਗਰਗ ਤੋਂ ਪੁੱਛਗਿੱਛ ਕੀਤੀ।
ਜਾਣਕਾਰੀ ਅਨੁਸਾਰ ਸੋਮਵਾਰ ਰਾਤ ਕਰੀਬ 9:40 ਵਜੇ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੇਲਾ ਰਾਮ ਰੋਡ ਸਥਿਤ ਡਾ. ਗਰਗ ਦੇ ਕਲੀਨਿਕ ਦੇ ਬਾਹਰ ਪਹੁੰਚੇ ਅਤੇ ਪੈਟਰੋਲ ਬੰਬ ਸੁੱਟ ਕੇ ਫ਼ਰਾਰ ਹੋ ਗਏ। ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਲੀਨਿਕ ਦੇ ਬਾਹਰ ਖੜ੍ਹੀ ਇੱਕ ਸਕੂਟੀ ਸਮੇਤ ਕੁਝ ਹੋਰ ਸਾਮਾਨ ਨੁਕਸਾਨਿਆ ਗਿਆ। ਮੌਕੇ ਤੋਂ ਇੱਕ ਹੋਰ ਸ਼ੱਕੀ ਬੋਤਲ ਵੀ ਬਰਾਮਦ ਹੋਈ ਸੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਤੋਂ ਕਰੀਬ ਦੋ ਘੰਟੇ ਬਾਅਦ ਡਾ. ਗਰਗ ਦੀ ਪਤਨੀ ਦੇ ਮੋਬਾਈਲ ਫ਼ੋਨ ‘ਤੇ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਸ਼ਹਜ਼ਾਦ ਭੱਟੀ ਦੱਸਦਿਆਂ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਅਤੇ ਧਮਕੀਆਂ ਵੀ ਦਿੱਤੀਆਂ। ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਗਿਆ।
ਐਨਆਈਏ ਨੇ ਇਕੱਠੇ ਕੀਤੇ ਤਕਨੀਕੀ ਸਬੂਤ
ਐਨਆਈਏ ਦੀ ਟੀਮ ਨੇ ਡਾ. ਗਰਗ ਤੋਂ ਕਿਸੇ ਪੁਰਾਣੀ ਰੰਜਿਸ਼, ਪਹਿਲਾਂ ਮਿਲੀਆਂ ਧਮਕੀਆਂ ਅਤੇ ਹੋਰ ਸੰਭਾਵਿਤ ਕਾਰਨਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਟੀਮ ਨੇ ਸੀਸੀਟੀਵੀ ਫੁਟੇਜ, ਕਾਲ ਡਿਟੇਲਾਂ ਅਤੇ ਹੋਰ ਤਕਨੀਕੀ ਤੇ ਭੌਤਿਕ ਸਬੂਤਾਂ ਦਾ ਵੀ ਅਧਿਐਨ ਕੀਤਾ।
ਸੀਸੀਟੀਵੀ ਫੁਟੇਜ ਅਤੇ ਤਕਨੀਕੀ ਜਾਂਚ ਨਾਲ ਮਿਲੀ ਸਫ਼ਲਤਾ
ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਫੋਰੈਂਸਿਕ ਟੀਮ, ਡੌਗ ਸਕੁਆਡ ਅਤੇ ਤਕਨੀਕੀ ਮਾਹਿਰਾਂ ਦੀ ਮਦਦ ਲਈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਦੇ ਨਾਲ-ਨਾਲ ਵੱਖ-ਵੱਖ ਤਕਨੀਕੀ ਪੱਖਾਂ ‘ਤੇ ਵੀ ਕੰਮ ਕੀਤਾ ਗਿਆ। ਇਸੇ ਦੌਰਾਨ ਪੁਲਿਸ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਕਾਮਯਾਬ ਹੋਈ ਅਤੇ ਉਨ੍ਹਾਂ ਨੂੰ ਅਬੋਹਰ ਤੋਂ ਗ੍ਰਿਫ਼ਤਾਰ ਕਰ ਲਿਆ।
ਹਰ ਪੱਖ ਤੋਂ ਜਾਂਚ ਜਾਰੀ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਕਿਸੇ ਵੀ ਪੱਖ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਰਿਹਾ। ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਵਾਰਦਾਤ ਪਿੱਛੇ ਦੀ ਸਾਜ਼ਿਸ਼, ਧਮਕੀ ਭਰੇ ਫ਼ੋਨ ਅਤੇ ਸੰਭਾਵਿਤ ਨੈੱਟਵਰਕ ਸਬੰਧੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।