Bathinda News : ਰਾਮਪੁਰਾ ਦੇ ਪਿੰਡ ਫੂਲੇਵਾਲਾ 'ਚ ਬੇਅਦਬੀ ਦੀ ਘਟਨਾ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਤੇ ਐੱਸਐੱਸਪੀ ਨੇ ਕੀਤੀ ਪੁਸ਼ਟੀ
ਐਸਐਸਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਪਰ ਹੋਰ ਜਾਣਕਾਰੀ ਲਈ ਡੀਐਸਪੀ ਰਾਮਪੁਰਾ ਫੂਲ ਨਾਲ ਸੰਪਰਕ ਕੀਤਾ ਜਾਵੇ। ਸੂਤਰਾਂ ਮੁਤਾਬਕ ਥਾਣਾ ਫੂਲ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਨੰਬਰ 20 ਦਰਜ ਕੀਤਾ ਗਿਆ ਹੈ।
Publish Date: Mon, 09 Feb 2026 08:32 PM (IST)
Updated Date: Mon, 09 Feb 2026 08:36 PM (IST)
ਪੱਤਰ ਪ੍ਰੇਰਕ, ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਹਲਕੇ ਅਧੀਨ ਪੈਂਦੇ ਪਿੰਡ ਫੂਲੇਵਾਲਾ ਵਿੱਚ ਬੀਤੇ ਦਿਨ ਕਥਿਤ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਰਾਮਪੁਰਾ ਫੂਲ ਦੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਐਸਐਸਪੀ ਬਠਿੰਡਾ ਡਾ. ਜੋਤੀ ਯਾਦਵ ਬੈਂਸ ਵੱਲੋਂ ਪੁਸ਼ਟੀ ਕੀਤੀ ਗਈ ਹੈ।
ਦੂਜੇ ਪਾਸੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਦੌਰਾਨ ਭਗਤਾਂ ਦੀ ਬਾਣੀ ਦੀ ਬੇਅਦਬੀ ਹੋਈ ਹੈ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਮੀਡੀਆ ਨਾਲ ਕੋਈ ਵਿਸਥਾਰਪੂਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ।
ਸੂਤਰਾਂ ਅਨੁਸਾਰ ਮਾਮਲੇ ਦੀ ਜਾਂਚ ਲਈ ਤਖ਼ਤ ਦਮਦਮਾ ਸਾਹਿਬ ਵੱਲੋਂ ਇੱਕ ਕਮੇਟੀ ਵੀ ਪਿੰਡ ਫੂਲੇਵਾਲਾ ਭੇਜੀ ਗਈ ਸੀ, ਪਰ ਅਜੇ ਤੱਕ ਅਧਿਕਾਰਕ ਤੌਰ ‘ਤੇ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਕਿਸ ਧਾਰਮਿਕ ਗ੍ਰੰਥ ਦੀ ਬੇਅਦਬੀ ਕੀਤੀ ਗਈ ਅਤੇ ਇਹ ਘਟਨਾ ਕਿਵੇਂ ਵਾਪਰੀ।
ਐਸਐਸਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਪਰ ਹੋਰ ਜਾਣਕਾਰੀ ਲਈ ਡੀਐਸਪੀ ਰਾਮਪੁਰਾ ਫੂਲ ਨਾਲ ਸੰਪਰਕ ਕੀਤਾ ਜਾਵੇ। ਸੂਤਰਾਂ ਮੁਤਾਬਕ ਥਾਣਾ ਫੂਲ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਨੰਬਰ 20 ਦਰਜ ਕੀਤਾ ਗਿਆ ਹੈ।
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਪੁਸ਼ਟੀ
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਭਗਤਾਂ ਦੀ ਬਾਣੀ ਦੀ ਬੇਅਦਬੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਵਿੱਚ ਵੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ।
ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪਿੰਡ ਦੇ ਸਰਪੰਚ ਨੂੰ ਕਿਹਾ ਗਿਆ ਹੈ ਕਿ ਰਾਤ ਦੇ ਸਮੇਂ ਪਹਿਰੇ ਲਗਾਏ ਜਾਣ, ਤਾਂ ਜੋ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।