- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 4 ਕਿਲੋ 100 ਗ੍ਰਾਮ ਅਫੀਮ ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 4 ਕਿਲੋ 100 ਗ੍ਰਾਮ ਅਫੀਮ ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਸਟਾਫ-2 ਅਤੇ ਇੰਟੈਲੀਜੈਂਸ ਵਿੰਗ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਅਫੀਮ ਦੀ ਇਹ ਖੇਪ ਝਾਰਖੰਡ ਤੋਂ ਆਉਣ ਦੀ ਗੱਲ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਜਾਂਚ ਤੇਜ਼ ਕਰ ਦਿੱਤੀ ਹੈ।
ਐਸਪੀ (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਡਾ. ਜਯੋਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਟੀਮ ਵੱਲੋਂ ਬਠਿੰਡਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਜੇਠੂਕੇ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਰੋਕੀ ਗਈ ਵਰਨਾ ਕਾਰ ਦੀ ਤਲਾਸ਼ੀ ਦੌਰਾਨ ਡਿੱਕੀ ਵਿੱਚੋਂ 4.1 ਕਿਲੋ ਅਫੀਮ ਬਰਾਮਦ ਹੋਈ। ਕਾਰ ਚਾਲਕ ਬਲਰਾਜ ਸ਼ਰਮਾ ਉਰਫ਼ ਬੱਬਲੂ (39) ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ।
ਪੁੱਛਗਿੱਛ ਦੌਰਾਨ ਬਲਰਾਜ ਨੇ ਖੁਲਾਸਾ ਕੀਤਾ ਕਿ ਇਹ ਖੇਪ ਰਾਮਪੁਰਾ ਦੀ ਜਨਤਾ ਕਲੋਨੀ ਦੇ ਰਹਿਣ ਵਾਲੇ ਰਾਜ ਕੁਮਾਰ ਉਰਫ਼ ਮੋਦਰ (75) ਤੱਕ ਪਹੁੰਚਾਉਣੀ ਸੀ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੋਦਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਮੋਦਰ ਪਹਿਲਾਂ ਵੀ 75 ਕਿਲੋ ਅਫੀਮ ਸਮੇਤ ਫੜ੍ਹਿਆ ਗਿਆ ਸੀ
ਪੁਲਿਸ ਰਿਕਾਰਡ ਅਨੁਸਾਰ ਰਾਜ ਕੁਮਾਰ ਉਰਫ਼ ਮੋਦਰ ਦਾ ਨਾਮ ਪਹਿਲਾਂ ਵੀ ਵੱਡੇ ਨਸ਼ਾ ਤਸਕਰੀ ਮਾਮਲਿਆਂ ਵਿੱਚ ਸਾਹਮਣੇ ਆ ਚੁੱਕਾ ਹੈ। ਸਾਲ 2000 ਵਿੱਚ ਉਹ 75 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਹੋਇਆ ਸੀ। ਉਸ ਖ਼ਿਲਾਫ਼ ਪਹਿਲਾਂ ਹੀ ਪੰਜ ਅਪਰਾਧਿਕ ਮਾਮਲੇ ਦਰਜ ਹਨ। ਉੱਥੇ ਹੀ ਬਲਰਾਜ ਸ਼ਰਮਾ ਖ਼ਿਲਾਫ਼ ਵੀ ਹਿਮਾਚਲ ਪ੍ਰਦੇਸ਼ ਵਿੱਚ ਨਸ਼ਾ ਤਸਕਰੀ ਦਾ ਇੱਕ ਕੇਸ ਦਰਜ ਹੈ।