- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੇ ਗੁਰੂ ਨਾਨਕ ਪੁਰਾ ਮੁਹੱਲੇ ਵਿੱਚ ਕਥਿਤ ਤੌਰ 'ਤੇ ਚਿੱਟਾ ਵੇਚਣ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਕ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਦੇ ਗੁਰੂ ਨਾਨਕ ਪੁਰਾ ਮੁਹੱਲੇ ਵਿੱਚ ਕਥਿਤ ਤੌਰ 'ਤੇ ਚਿੱਟਾ ਵੇਚਣ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਕ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ।
ਕੋਤਵਾਲੀ ਥਾਣਾ ਪੁਲਿਸ ਨੇ ਮੁਲਜ਼ਮ ਮਹਿਲਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਹਿਲਾ ਨਾਲ ਜੁੜੇ ਕਥਿਤ ਨਸ਼ਾ ਤਸਕਰੀ ਨੈੱਟਵਰਕ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ, ਜਿਸ ਵਿੱਚ ਇਕ ਮਹਿਲਾ ਨੂੰ ਸ਼ੱਕੀ ਹਾਲਾਤਾਂ ਵਿਚ ਨਸ਼ੀਲਾ ਪਦਾਰਥ ਵੇਚਦੇ ਹੋਏ ਦਿਖਾਏ ਜਾਣ ਦਾ ਦਾਅਵਾ ਕੀਤਾ ਗਿਆ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਚਰਚਾ ਦਾ ਮਾਹੌਲ ਬਣ ਗਿਆ ਅਤੇ ਸਥਾਨਕ ਲੋਕਾਂ ਨੇ ਪੁਲਿਸ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਲੋਕਾਂ ਦਾ ਦੋਸ਼ ਸੀ ਕਿ ਉਕਤ ਮਹਿਲਾ ਲੰਬੇ ਸਮੇਂ ਤੋਂ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਕਰ ਰਹੀ ਸੀ, ਜਿਸ ਕਾਰਨ ਨੌਜਵਾਨਾਂ 'ਤੇ ਮਾੜਾ ਪ੍ਰਭਾਵ ਪੈ ਰਿਹਾ ਸੀ। ਮਾਮਲਾ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਕੋਤਵਾਲੀ ਥਾਣਾ ਪੁਲਿਸ ਨੂੰ ਤੁਰੰਤ ਜਾਂਚ ਅਤੇ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ। ਪੁਲਿਸ ਟੀਮ ਨੇ ਛਾਪੇਮਾਰੀ ਕਰਕੇ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ।
ਮੁੱਢਲੀ ਜਾਂਚ ਅਤੇ ਉਪਲਬਧ ਸਬੂਤਾਂ ਦੇ ਆਧਾਰ 'ਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਾਇਰਲ ਵੀਡੀਓ ਦੀ ਤਕਨੀਕੀ ਅਤੇ ਤੱਥਾਂ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਸਪੱਸ਼ਟ ਕੀਤਾ ਜਾ ਸਕੇ ਕਿ ਮਹਿਲਾ ਕਥਿਤ ਤੌਰ 'ਤੇ ਕਿਸ ਤਰ੍ਹਾਂ ਨਸ਼ਾ ਤਸਕਰੀ ਨਾਲ ਜੁੜੀ ਹੋਈ ਸੀ ਅਤੇ ਉਸ ਦੇ ਸੰਪਰਕ ਵਿੱਚ ਹੋਰ ਕੌਣ-ਕੌਣ ਲੋਕ ਸਨ।