ਨਸ਼ਾ ਤਸਕਰਾਂ 'ਤੇ ਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ, ਸੰਗਤ ਮੰਡੀ 'ਚ 220 ਮੁਲਾਜ਼ਮਾਂ ਨੇ ਮਾਰਿਆ ਛਾਪਾ; ਘਰ-ਘਰ ਤਲਾਸ਼ੀ ਦੌਰਾਨ ਕਈ ਗ੍ਰਿਫ਼ਤਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਸੰਗਤ ਮੰਡੀ ਇਲਾਕੇ ਵਿੱਚ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਦੀਆਂ 20 ਟੀਮਾਂ ਨੇ ਕਰੀਬ 220 ਮੁਲਾਜ਼ਮਾਂ ਦੀ ਸ਼ਮੂਲੀਅਤ ਨਾਲ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਅਤੇ ਸ਼ੱਕੀ ਇਲਾਕਿਆਂ ਵਿੱਚ ਘਰ-ਘਰ ਜਾ ਕੇ ਤਲਾਸ਼ੀ ਲਈ। ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਥਾਵਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉੱਥੇ ਰਹਿੰਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਸ਼ੱਕ ਵਾਲੇ ਕੁਝ ਵਿਅਕਤੀਆਂ ਨੂੰ ਪੁਲਿਸ ਵੱਲੋਂ ਡਿਟੇਨ ਵੀ ਕੀਤਾ ਗਿਆ।
Publish Date: Tue, 08 Sep 2026 10:46 AM (IST)
Updated Date: Tue, 08 Sep 2026 10:47 AM (IST)
ਗੁਰਤੇਜ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ - ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਸੰਗਤ ਮੰਡੀ ਇਲਾਕੇ ਵਿੱਚ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਦੀਆਂ 20 ਟੀਮਾਂ ਨੇ ਕਰੀਬ 220 ਮੁਲਾਜ਼ਮਾਂ ਦੀ ਸ਼ਮੂਲੀਅਤ ਨਾਲ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਅਤੇ ਸ਼ੱਕੀ ਇਲਾਕਿਆਂ ਵਿੱਚ ਘਰ-ਘਰ ਜਾ ਕੇ ਤਲਾਸ਼ੀ ਲਈ। ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਥਾਵਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉੱਥੇ ਰਹਿੰਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਸ਼ੱਕ ਵਾਲੇ ਕੁਝ ਵਿਅਕਤੀਆਂ ਨੂੰ ਪੁਲਿਸ ਵੱਲੋਂ ਡਿਟੇਨ ਵੀ ਕੀਤਾ ਗਿਆ।
ਐਸ.ਪੀ. ਹੈੱਡਕੁਆਰਟਰ ਜਗਦੀਸ਼ ਕੁਮਾਰ ਬਿਸ਼ਨੋਈ ਨੇ ਦੱਸਿਆ ਕਿ ਬੀਤੇ ਦਿਨ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਸੰਗਤ ਮੰਡੀ ਇਲਾਕੇ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਹੋਣ ਦੀ ਗੱਲ ਸਾਹਮਣੇ ਆਈ ਸੀ। ਪੁਲਿਸ ਪ੍ਰਸ਼ਾਸਨ ਨੇ ਵੀਡੀਓ ਦਾ ਤੁਰੰਤ ਨੋਟਿਸ ਲੈਂਦਿਆਂ ਅੱਜ ਇਲਾਕੇ ਵਿੱਚ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਕੀਤਾ।
ਪੁਲਿਸ ਅਧਿਕਾਰੀਆਂ ਅਨੁਸਾਰ, ਡਿਟੇਨ ਕੀਤੇ ਗਏ ਕੁਝ ਸ਼ੱਕੀ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਣ ਦੀ ਵੀ ਜਾਣਕਾਰੀ ਹੈ। ਹਾਲਾਂਕਿ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਦੀ ਕਿਸਮ ਅਤੇ ਮਾਤਰਾ ਅਤੇ ਡਿਟੇਨ ਕੀਤੇ ਵਿਅਕਤੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਬਾਅਦ ਵਿੱਚ ਸਾਂਝੀ ਕੀਤੀ ਜਾ ਸਕਦੀ ਹੈ। ਪੁਲਿਸ ਵੱਲੋਂ ਇਸ ਕਾਰਵਾਈ ਦੌਰਾਨ ਇਲਾਕੇ ਵਿੱਚ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀ ਪੜਤਾਲ ਵੀ ਕੀਤੀ ਗਈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਤਸਕਰੀ ਜਾਂ ਇਸ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਬਠਿੰਡਾ ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਸਰਚ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਲਗਾਤਾਰ ਚੈਕਿੰਗ ਤੇ ਤਲਾਸ਼ੀ ਮੁਹਿੰਮਾਂ ਚਲਾਈਆਂ ਜਾਣਗੀਆਂ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ।