ਕੇਂਦਰੀ ਯੂਨੀਵਰਸਿਟੀ ਵਿਚ ਪੁਸਤਕ ਪ੍ਰਦਰਸ਼ਨੀ ਲਾ ਕੇ ਮਨਾਇਆ ਭਗਤ ਸਿੰਘ ਦਾ ਜਨਮ ਦਿਹਾੜਾ ਕੇਂਦਰੀ ਯੂਨੀਵਰਸਿਟੀ ਵਿਚ ਪੁਸਤਕ ਪ੍ਰਦਰਸ਼ਨੀ ਲਾ ਕੇ ਮਨਾਇਆ ਭਗਤ ਸਿੰਘ ਦਾ ਜਨਮ ਦਿਹਾੜਾ
Publish Date: Tue, 29 Sep 2026 04:22 PM (IST)
Updated Date: Tue, 29 Sep 2026 04:24 PM (IST)
ਸੀਨੀਅਰ ਰਿਪੋਰਟਰ ਬਠਿੰਡਾ ਕੇਂਦਰੀ ਯੂਨੀਵਰਸਿਟੀ ਪੰਜਾਬ (ਬਠਿੰਡਾ) ਦੇ ਵਿਦਿਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਯੂਨੀਵਰਸਿਟੀ ਵਿਖੇ ਪੁਸਤਕ ਪ੍ਰਦਰਸ਼ਨੀ ਲਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਤੋਂ ਇਲਾਵਾ ਵੱਖ-ਵੱਖ ਦੇਸ਼ ਭਗਤਾਂ ਨਾਲ ਸਬੰਧਤ ਪੋਸਟਰ ਵੀ ਪ੍ਰਦਰਸ਼ਿਤ ਕੀਤੇ ਗਏ। ਪ੍ਰੈਸ ਦੇ ਨਾਮ ਜਾਰੀ ਬਿਆਨ ਵਿਚ ਯੂਨੀਵਰਸਿਟੀ ਦੇ ਵਿਦਿਆਰਥੀ ਗੁਰਦਾਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਅਜੇ ਤੱਕ ਸਾਕਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ੀ-ਵਿਦੇਸ਼ੀ ਕਾਰਪੋਰੇਟਾਂ ਵੱਲੋਂ ਮੁਲਕ ਦੀ ਲੁੱਟ ਕੀਤੀ ਜਾ ਰਹੀ ਹੈ, ਜਦਕਿ ਵਿਦਿਆਰਥੀਆਂ ਨੂੰ ਸਸਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਬਜਾਏ ਸਰਕਾਰੀ ਬਜਟ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਮੌਕੇ ਵੀ ਨੌਜਵਾਨਾਂ ਲਈ ਸੀਮਤ ਹਨ। ਗੁਰਦਾਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸਿੱਖਿਆ ਤੇ ਰੁਜ਼ਗਾਰ ਦੇ ਹੱਕਾਂ ਦੀ ਪ੍ਰਾਪਤੀ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਅਤੇ ਆਪਣੀ ਮੁਕਤੀ ਦਾ ਰਾਹ ਪਛਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਰਾਹ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਸਮਝਿਆ ਜਾ ਸਕਦਾ ਹੈ। ਪੁਸਤਕ ਪ੍ਰਦਰਸ਼ਨੀ ਦੌਰਾਨ ਇਨਕਲਾਬੀ ਅਤੇ ਅਗਾਂਹਵਧੂ ਸਾਹਿਤ ਦੀਆਂ ਕਿਤਾਬਾਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਖਰੀਦੀਆਂ। ਭਗਤ ਸਿੰਘ ਦੀ ਪੁਸਤਕ ‘ਮੈਂ ਨਾਸਤਿਕ ਕਿਉਂ ਹਾਂ’ ਵਿੱਚ ਵਿਦਿਆਰਥੀਆਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ। ਪ੍ਰਦਰਸ਼ਨੀ ਨੂੰ ਸਫ਼ਲ ਬਣਾਉਣ ਵਿੱਚ ਹਰਪ੍ਰੀਤ ਰਣੀਆਂ, ਸੁਖਬੀਰ, ਹਰਪ੍ਰੀਤ, ਅਮਰਜੀਤ, ਰਿੰਪੀ ਸਿਧਾਣੀ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਯੋਗਦਾਨ ਪਾਇਆ।