ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਦਿੱਤੇ ਮਾਲਕੀ ਹੱਕ : ਗੁਰਦੀਪ ਮਾਨ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਦਿੱਤੇ ਮਾਲਕੀ ਹੱਕ : ਗੁਰਦੀਪ ਮਾਨ
Publish Date: Sat, 21 Nov 2026 05:35 PM (IST)
Updated Date: Sat, 21 Nov 2026 05:37 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪਿੰਡ ਡਿੱਖ ਵਿਖੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਦੇ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਹੱਕ ਦੇ ਕੇ ਜਾਇਦਾਦ ਸਬੰਧੀ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕ ਸਬੰਧੀ ਸੁਰੱਖਿਆ ਮਿਲੇਗੀ ਤੇ ਜਾਇਦਾਦ ਨੂੰ ਲੈ ਕੇ ਭਵਿੱਖ ਵਿਚ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਤੇ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਪ੍ਰਾਪਰਟੀ ਕਾਰਡ ਵੰਡਣ ਵਰਗੇ ਉਪਰਾਲੇ ਇਸੇ ਦਿਸ਼ਾ ਵਿਚ ਇਕ ਸ਼ਲਾਘਾਯੋਗ ਕਦਮ ਹਨ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਦੇ ਦਸਤਾਵੇਜ਼ ਮਿਲ ਰਹੇ ਹਨ। ਸਰਪੰਚ ਗੁਰਦੀਪ ਸਿੰਘ ਮਾਨ ਨੇ ਕਿਹਾ ਕਿ ਪਿੰਡ ਦੇ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਗ੍ਰਾਮ ਪੰਚਾਇਤ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਪੰਚਾਇਤ ਵੱਲੋਂ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ।