ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
Publish Date: Sat, 14 Nov 2026 05:15 PM (IST)
Updated Date: Sat, 14 Nov 2026 05:18 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਪੰਥਕ ਅਤੇ ਧਾਰਮਿਕ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਦੋਵਾਂ ਸ਼ਖ਼ਸੀਅਤਾਂ ਵਿਚਕਾਰ ਸੁਖਾਵੇਂ ਅਤੇ ਸਦਭਾਵਨਾ ਭਰੇ ਮਾਹੌਲ ਵਿੱਚ ਕਾਫ਼ੀ ਸਮਾਂ ਵਿਚਾਰ-ਵਟਾਂਦਰਾ ਹੋਇਆ। ਇਸ ਦੌਰਾਨ ਸਿੱਖ ਕੌਮ ਦੇ ਮੌਜੂਦਾ ਹਾਲਾਤ, ਪੰਥਕ ਮਸਲਿਆਂ ਅਤੇ ਧਾਰਮਿਕ ਖੇਤਰ ਵਿੱਚ ਹੋ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਮੁਲਾਕਾਤ ਦੌਰਾਨ ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖੀ ਸਿਧਾਂਤਾਂ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਨਾਲ ਜੋੜਨ ਦੀ ਲੋੜ ਤੇ ਵਿਚਾਰ ਕੀਤਾ ਗਿਆ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ, ਸਿੱਖੀ ਸਰੂਪ ਦੀ ਸੰਭਾਲ ਕਰਨ ਅਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵੀ ਗੰਭੀਰ ਚਰਚਾ ਹੋਈ। ਇਸ ਮੌਕੇ ਪੰਥਕ ਏਕਤਾ, ਆਪਸੀ ਸਦਭਾਵਨਾ ਅਤੇ ਸਿੱਖ ਸੰਸਥਾਵਾਂ ਵਿਚਕਾਰ ਬਿਹਤਰ ਤਾਲਮੇਲ ਦੀ ਮਹੱਤਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੁਲਾਕਾਤ ਦੌਰਾਨ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਰੀਆਂ ਪੰਥਕ ਸ਼ਖ਼ਸੀਅਤਾਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਸਾਂਝੇ ਯਤਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਗਿਆ। ਧਰਮ ਪ੍ਰਚਾਰ ਦੀ ਲਹਿਰ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਨੂੰ ਸਮੇਂ ਦੀ ਅਹਿਮ ਲੋੜ ਦੱਸਿਆ ਗਿਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਬੂੰਗਾ ਮਸਤੂਆਣਾ ਸਾਹਿਬ ਦੇ ਮੁਖੀ ਬਾਬਾ ਕਾਕਾ ਸਿੰਘ,ਗੁਰਸੇਵਕ ਸਿੰਘ ਕਿੰਗਰਾ, ਮੁੱਖ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਤਖ਼ਤ ਸਾਹਿਬ ਵਿਖੇ ਆਮਦ ਅਤੇ ਜਥੇਦਾਰ ਨਾਲ ਹੋਈ ਇਸ ਮੁਲਾਕਾਤ ਦੌਰਾਨ ਪੰਥਕ ਮਸਲਿਆਂ ਨੂੰ ਲੈ ਕੇ ਵਿਚਾਰਾਂ ਦਾ ਆਦਾਨ-ਪ੍ਰਦਾਨ ਖ਼ਾਸ ਚਰਚਾ ਦਾ ਵਿਸ਼ਾ ਬਣਿਆ ਰਿਹਾ।