ਸ਼ਹਿਰ ਦੇ ਜੋਗੀ ਨਗਰ ਇਲਾਕੇ ਵਿੱਚ ਵੀਰਵਾਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਘਰੇਲੂ ਵਿਵਾਦ ਦੌਰਾਨ ਫ਼ੌਜ ਵਿੱਚ ਤਾਇਨਾਤ ਇਕ ਨੌਜਵਾਨ ਨੇ ਆਪਣੇ ਹੀ ਮਾਪਿਆਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਜੋਗੀ ਨਗਰ ਦੀ ਗਲੀ ਨੰਬਰ 5/5 ਦੀ ਦੱਸੀ ਜਾ ਰਹੀ ਹੈ।

ਸੀਨੀਅਰ ਰਿਪੋਰਟਰ, ਬਠਿੰਡਾ : ਸ਼ਹਿਰ ਦੇ ਜੋਗੀ ਨਗਰ ਇਲਾਕੇ ਵਿੱਚ ਵੀਰਵਾਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਘਰੇਲੂ ਵਿਵਾਦ ਦੌਰਾਨ ਫ਼ੌਜ ਵਿੱਚ ਤਾਇਨਾਤ ਇਕ ਨੌਜਵਾਨ ਨੇ ਆਪਣੇ ਹੀ ਮਾਪਿਆਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਜੋਗੀ ਨਗਰ ਦੀ ਗਲੀ ਨੰਬਰ 5/5 ਦੀ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ, ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਫ਼ੌਜ ਵਿੱਚ ਕਾਂਸਟੇਬਲ ਦੇ ਅਹੁਦੇ ‘ਤੇ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਸੀ।
ਗੁਆਂਢੀਆਂ ਮੁਤਾਬਕ ਘਰ ਵਿੱਚ ਕਿਸੇ ਗੱਲ ਨੂੰ ਲੈ ਕੇ ਕਹਾਸੁਣੀ ਹੋਈ ਜੋ ਵਧਦਿਆਂ ਵਧਦਿਆਂ ਗੰਭੀਰ ਝਗੜੇ ਵਿੱਚ ਤਬਦੀਲ ਹੋ ਗਈ। ਗੁੱਸੇ ਵਿੱਚ ਆ ਕੇ ਹਰਪ੍ਰੀਤ ਸਿੰਘ ਨੇ ਪਹਿਲਾਂ ਆਪਣੇ ਪਿਤਾ ਦਲਜੀਤ ਸਿੰਘ ‘ਤੇ ਕਿਸੇ ਭਾਰੀ ਵਸਤੂ ਨਾਲ ਸਿਰ ‘ਤੇ ਵਾਰ ਕੀਤਾ ਅਤੇ ਫਿਰ ਕਥਿਤ ਤੌਰ ‘ਤੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲ਼ੀ ਚਲਾ ਦਿੱਤੀ।
ਗੋਲ਼ੀ ਦਲਜੀਤ ਸਿੰਘ ਦੇ ਮੋਢੇ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਡਿੱਗ ਪਏ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦਾ ਇਲਾਜ ਜਾਰੀ ਹੈ।
ਇਸ ਦੌਰਾਨ ਦੋਸ਼ੀ ਨੇ ਆਪਣੀ ਮਾਤਾ ਪਰਮਜੀਤ ਕੌਰ ਨਾਲ ਵੀ ਮਾਰਕੁੱਟ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਵੀ ਸੱਟਾਂ ਲੱਗੀਆਂ ਹਨ। ਘਰ ਤੋਂ ਆ ਰਹੀਆਂ ਚੀਕਾਂ ਸੁਣ ਕੇ ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਣ ‘ਤੇ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਐੱਸਐੱਚਓ ਹਰਜੋਤ ਸਿੰਘ ਨੇ ਪੁਲਿਸ ਟੀਮ ਸਮੇਤ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਮੌਕੇ ਤੋਂ ਹਥਿਆਰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਦੇ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਜ਼ਖਮੀ ਦਲਜੀਤ ਸਿੰਘ ਦੇ ਬਿਆਨ ਦਰਜ ਕਰਕੇ ਅਤੇ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੋਸ਼ੀ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਇਸ ਪਰਿਵਾਰਕ ਵਿਵਾਦ ਦੇ ਭਿਆਨਕ ਅੰਜਾਮ ਤੋਂ ਹੈਰਾਨ ਹਨ।