ਬਿੱਟੀ ਸੇਲਬਰਾਹੀਆ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ, ਰਾਮਪੁਰਾ ਫੂਲ ਦੀ ਸਿਆਸਤ ਗਰਮਾਈ ਬਿੱਟੀ ਸੇਲਬਰਾਹੀਆ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ, ਰਾਮਪੁਰਾ ਫੂਲ ਦੀ ਸਿਆਸਤ ਗਰਮਾਈ
Publish Date: Fri, 21 Aug 2026 04:36 PM (IST)
Updated Date: Fri, 21 Aug 2026 04:39 PM (IST)
ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਸਿਰੋਪਾ ਪਾ ਕੇ ਕੀਤਾ ਸਵਾਗਤ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ:- ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਚੁੱਕੇ ਪ੍ਰਸਿੱਧ ਉਦਯੋਗਪਤੀ ਤੇ ਸਮਾਜਸੇਵੀ ਮਨਜੀਤ ਸਿੰਘ ਸਿੱਧੂ ਉਰਫ਼ ਬਿੱਟੀ ਸੇਲਬਰਾਹੀਆ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਦਾ ਹੱਥ ਫੜ ਲਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਰੋਪਾ ਪਾ ਕੇ ਬਿੱਟੀ ਸੇਲਬਰਾਹੀਆ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਦਯੋਗ ਦੇ ਖੇਤਰ ਵਿਚ ਕਦਮ ਰੱਖਣ ਵਾਲੇ ਬਿੱਟੀ ਸੇਲਬਰਾਹੀਆ ਲੰਬੇ ਸਮੇਂ ਤੋਂ ਸ਼ੈਲਰ ਉਦਯੋਗ ਨਾਲ ਜੁੜੇ ਹੋਏ ਹਨ। ਉਹ ਰਾਈਸ ਮਿਲਰਜ਼ ਐਸੋਸੀਏਸ਼ਨ ਸਮੇਤ ਕਈ ਵਪਾਰਕ ਸੰਗਠਨਾਂ ਵਿਚ ਪ੍ਰਧਾਨ ਅਤੇ ਹੋਰ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਵੀ ਉਨ੍ਹਾਂ ਦੀ ਸਰਗਰਮ ਭੂਮਿਕਾ ਰਹੀ ਹੈ। ਵਪਾਰੀਆਂ ਅਤੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਹੋਏ ਸੰਘਰਸ਼ਾਂ ਵਿਚ ਬਿੱਟੀ ਸੇਲਬਰਾਹੀਆ ਲਗਾਤਾਰ ਸਰਗਰਮ ਰਹੇ ਹਨ। ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਵੀ ਉਨ੍ਹਾਂ ਨੇ ਕਿਸਾਨਾਂ ਨਾਲ ਡਟ ਕੇ ਸਾਥ ਦਿੱਤਾ। ਇਸ ਕਾਰਨ ਉਨ੍ਹਾਂ ਦੀ ਕਿਸਾਨ ਵਰਗ ਵਿਚ ਵੀ ਚੰਗੀ ਪਛਾਣ ਬਣੀ। ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਾਂਗਾ : ਬਿੱਟੀ ਰਾਮਪੁਰਾ ਫੂਲ ਵਿਖੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਬਿੱਟੀ ਸੇਲਬਰਾਹੀਆ ਨੇ ਕਿਹਾ ਕਿ ਕਾਂਗਰਸ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਉਨ੍ਹਾਂ ਨੇ ਆਪਣੇ ਸਾਥੀਆਂ ਅਤੇ ਸਮਰਥਕਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣਗੇ। ਬਿੱਟੀ ਸੇਲਬਰਾਹੀਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਹਲਕਾ ਰਾਮਪੁਰਾ ਫੂਲ ਦੀ ਆਉਣ ਵਾਲੀ ਸਿਆਸਤ ਦੇ ਪੱਖੋਂ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।