ਅਕਾਲੀ-ਭਾਜਪਾ ਆਗੂਆਂ ਨੂੰ ਮੰਗ ਪੱਤਰ ਸੌਂਪਿਆ ਕੈਮਿਸਟਾਂ ਦੀਆਂ ਮੰਗਾ ਨੂੰ ਆਪਣੇ ਮੈਨੀਫੈਸਟੋ ਵਿਚ ਪਾਉਣ ਭਾਜਪਾ ਅਤੇ ਅਕਾਲੀ ਦਲ : ਅਸ਼ੋਕ ਬਾਲਿਆਂਵਾਲੀ
Publish Date: Sat, 28 Nov 2026 05:06 PM (IST)
Updated Date: Sat, 28 Nov 2026 05:07 PM (IST)
ਸੀਨੀਅਰ ਰਿਪੋਰਟਰ ਪੰਜਾਬੀ ਜਾਗਰਣ ਬਠਿੰਡਾ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਤੋਂ ਬਾਅਦ ਵਪਾਰੀਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਵਪਾਰੀ ਮਿਲਣੀ ਦੌਰਾਨ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਤੋਂ ਆਗੂਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਕੈਮਿਸਟ ਐਸੋਸੀਏਸ਼ਨ ਵੱਲੋਂ ਵੀ ਆਪਣੀਆਂ ਮੰਗਾਂ ਵਿਸਥਾਰ ਨਾਲ ਰੱਖੀਆਂ ਗਈਆਂ। ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਮੈਨੀਫੈਸਟੋ ਪੰਜਾਬ ਦੇ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਕੈਮਿਸਟਾਂ ਦੀਆਂ ਸਮੱਸਿਆਵਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਕੀਤਾ ਜਾਵੇ। ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਮੌਜੂਦਾ ਸਰਕਾਰ ਵੱਲੋਂ ਕੈਮਿਸਟਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਕੈਮਿਸਟ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਲਿਖਤੀ ਤੌਰ ਤੇ ਪ੍ਰਵਾਨ ਕਰੇਗੀ, ਐਸੋਸੀਏਸ਼ਨ ਉਸ ਦਾ ਪੁਰਜ਼ੋਰ ਸਮਰਥਨ ਕਰੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਵੀ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਐਸੋਸੀਏਸ਼ਨ ਵਿਧਾਨ ਸਭਾ ਦਾ ਬਾਈਕਾਟ ਕਰਨ ਬਾਰੇ ਵਿਚਾਰ ਕਰ ਸਕਦੀ ਹੈ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਤੇ ਮੈਨੀਫੈਸਟੋ ਵਿਚ ਸ਼ਾਮਲ ਕਰਨ ਦਾ ਭਰੋਸਾ ਦਿੱਤਾ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਪਿਛਲੇ ਮਹੀਨੇ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਨਾਰਕੋਟਿਕ ਡਰੱਗ, ਹੈਬਿਟ ਫਾਰਮਿੰਗ ਡਰੱਗ ਅਤੇ ਸਪੈਸ਼ਲ ਪਰਮਿਸ਼ਨ ਵਾਲੀਆਂ ਦਵਾਈਆਂ ਦੀ ਖਰੀਦ-ਵੇਚ ਬੰਦ ਕੀਤੀ ਗਈ ਸੀ, ਪਰ ਲੋਕਾਂ ਦੀ ਖੱਜਲ-ਖੁਆਰੀ ਅਤੇ ਡਾਕਟਰਾਂ ਦੀ ਮੰਗ ਨੂੰ ਦੇਖਦਿਆਂ ਇਹ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸ਼ਾਹਣੀ, ਵਿੱਤ ਸਕੱਤਰ ਪਰਿੰਦਰ ਕੁਮਾਰ, ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਅੰਮ੍ਰਿਤ ਪਾਲ ਸਿੰਗਲਾ ਅਤੇ ਸੰਗਠਨ ਮੰਤਰੀ ਹਰੀਸ਼ ਕੁਮਾਰ ਟਿੰਕੂ ਵੀ ਹਾਜ਼ਰ ਸਨ।