ਭਾਜਪਾ ਵੱਲੋਂ ਜ਼ਿਲ੍ਹਾ ਪੱਧਰ ’ਤੇ ਜਥੇਬੰਦੀ ਮਜ਼ਬੂਤ ਕਰਨ ’ਤੇ ਜ਼ੋਰ ਭਾਜਪਾ ਵੱਲੋਂ ਜ਼ਿਲ੍ਹਾ ਪੱਧਰ ’ਤੇ ਜਥੇਬੰਦੀ ਮਜ਼ਬੂਤ ਕਰਨ ’ਤੇ ਜ਼ੋਰ
Publish Date: Sat, 24 Oct 2026 03:49 PM (IST)
Updated Date: Sat, 24 Oct 2026 03:52 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ’ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬਠਿੰਡਾ ਵਿਖੇ ਜ਼ਿਲ੍ਹਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਭਰ ਤੋਂ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਜਥੇਬੰਦਕ ਢਾਂਚੇ ਦੇ ਵਿਸਥਾਰ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ। ਇਹ ਮੀਟਿੰਗ ਇੰਚਾਰਜ ਸੁਰਜੀਤ ਕੁਮਾਰ ਜਿਆਣੀ, ਸਹਿ-ਇੰਚਾਰਜ ਰਾਜੇਸ਼ ਪਾਠੇਲਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਪਰਮਪਾਲ ਕੌਰ ਸਿੱਧੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਸਮੇਤ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ, ਕਾਰਜਕਾਰਨੀ ਮੈਂਬਰ ਅਤੇ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ। ਮੀਟਿੰਗ ਦੌਰਾਨ ਜ਼ਿਲ੍ਹਾ, ਬਲਾਕ ਅਤੇ ਬੂਥ ਪੱਧਰ ’ਤੇ ਪਾਰਟੀ ਦੀਆਂ ਕਮੇਟੀਆਂ ਦੇ ਗਠਨ ਅਤੇ ਵਿਸਥਾਰ ਨੂੰ ਤਰਜੀਹ ਦੇਣ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਕਰਨ, ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਤੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਨ ਬਾਰੇ ਵੀ ਚਰਚਾ ਕੀਤੀ ਗਈ। ਆਗੂਆਂ ਨੇ ਆਪਣੇ ਸੰਬੋਧਨਾਂ ਦੌਰਾਨ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਜ਼ਿਲ੍ਹਾ ਕਾਰਜਕਾਰਨੀ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਬੂਥ ਪੱਧਰ ਤੱਕ ਪਾਰਟੀ ਦੇ ਢਾਂਚੇ ਨੂੰ ਸਰਗਰਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਮੀਟਿੰਗ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ। ਅੰਤ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ।