ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ: ਮਾਨ/ਜਲਾਲ ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ-ਮਾਨ-ਜਲਾਲ
Publish Date: Wed, 11 Nov 2026 05:26 PM (IST)
Updated Date: Wed, 11 Nov 2026 05:27 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ, ਪੰਜਾਬ ਦਾ ਕਿਸਾਨ ਪੂਰੀ ਤਰ੍ਹਾਂ ਸਮਝਦਾਰ ਹੈ ਤੇ ਉਸ ਨੂੰ ਪਤਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮਿਹਨਤ ਦਾ ਸਨਮਾਨ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਤੇ ਮਾਰਕੀਟ ਕਮੇਟੀ ਭਗਤਾ ਭਾਈ ਦੇ ਚੇਅਰਮੈਨ ਬੂਟਾ ਸਿੰਘ ਜਲਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨਰੀ ਤੇ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਸਦਕਾ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਦੀਆਂ ਗੱਠਾਂ ਬਣਾ ਕੇ ਫੈਕਟਰੀਆਂ ਵਿਚ ਭੇਜ ਰਹੇ ਹਨ। ਇਨ੍ਹਾਂ ਗੱਠਾਂ ਤੋਂ ਗੱਤਾ ਅਤੇ ਹੋਰ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਹ ਉਪਰਾਲਾ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਕਿਸਾਨਾਂ ਲਈ ਵੀ ਲਾਹੇਵੰਦ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਜਿਸ ਨੇ ਹਰੀ ਕ੍ਰਾਂਤੀ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਦਾ ਢਿੱਡ ਭਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਅੱਜ ਵੀ ਪੰਜਾਬ ਦਾ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਅਜਿਹੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨਾ ਬੇਹੱਦ ਨਿੰਦਣਯੋਗ ਹੈ। ਚੇਅਰਮੈਨ ਮਾਨ ਤੇ ਚੇਅਰਮੈਨ ਜਲਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਵੀ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।