- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਚਾਉਕੇ ’ਚ ਭਾਜਪਾ ਦੀ ਰੈਲੀ

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ ਫੂਲ
ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਸੋਮਵਾਰ ਨੂੰ ਪਿੰਡ ਚਾਉਕੇ ਵਿਖੇ ਰੈਲੀ ਕੀਤੀ ਗਈ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸ਼ਰੀਨ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਅਨਿਲ ਸ਼ਰੀਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਸ਼ਰੀਨ ਨੇ ਕਿਹਾ ਕਿ ਜੇਕਰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ ਦੋ ਸਾਲਾਂ ਵਿੱਚ ਨਸ਼ਾ ਮੁਕਤ ਅਤੇ ਕਰਜ਼ਾ ਮੁਕਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਭਾਜਪਾ ਨੂੰ ਮੌਕਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਸੀਨੀਅਰ ਭਾਜਪਾ ਆਗੂ ਮੱਖਣ ਜਿੰਦਲ ਪਰਮਪਾਲ ਕੌਰ ਮਲੂਕਾ, ਦਿਆਲ ਦਾਸ ਸੋਢੀ, ਗੁਰਬਿੰਦਰ ਸਿੰਘ ਭਗਤਾ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਗੁਰਬਿੰਦਰ ਸਿੰਘ ਬੱਲੋ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਰੈਲੀ ਦੌਰਾਨ ਭਾਜਪਾ ਦੇ ਹੀ ਦੋ ਸਥਾਨਕ ਆਗੂਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਵੀ ਹੋਈ, ਜਿਸ ਨੂੰ ਸਟੇਜ ’ਤੇ ਮੌਜੂਦ ਆਗੂਆਂ ਨੇ ਦਖ਼ਲ ਦੇ ਕੇ ਜਲਦ ਸ਼ਾਂਤ ਕਰਵਾ ਦਿੱਤਾ। ਸਮਾਗਮ ਦੇ ਅੰਤ ਵਿੱਚ ਦਿਆਲ ਦਾਸ ਸੋਢੀ ਨੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ।