ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੇ ਭਾਜਪਾ : ਨਵਦੀਪ ਜੀਦਾ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੇ ਭਾਜਪਾ : ਨਵਦੀਪ ਜੀਦਾ
Publish Date: Wed, 11 Nov 2026 05:35 PM (IST)
Updated Date: Wed, 11 Nov 2026 05:36 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਤੇ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਪ੍ਰਦੂਸ਼ਣ ਦੇ ਮੁੱਦੇ ’ਤੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਨੂੰ ਬੇਵਜ੍ਹਾ ਨਿਸ਼ਾਨਾ ਬਣਾ ਕੇ ਸੂਬੇ ਦੇ ਕਿਸਾਨਾਂ ਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ’ਤੇ ਉਂਗਲ ਚੁੱਕਣ ਦੀ ਬਜਾਏ ਆਪਣੀ ਦਿੱਲੀ ਸਰਕਾਰ ਦੀ ਕਾਰਗੁਜ਼ਾਰੀ ਵੱਲ ਧਿਆਨ ਦੇਣਾ ਚਾਹੀਦਾ ਹੈ। ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਦਿੱਲੀ ਵਿਚ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਕਿਸੇ ਤੋਂ ਲੁਕੀ ਹੋਈ ਨਹੀਂ ਹੈ। ਦਿੱਲੀ ਵਿਚ ਪ੍ਰਦੂਸ਼ਣ ਨੂੰ ਰੋਕਣ ਲਈ ਭਾਜਪਾ ਸਰਕਾਰ ਕਿੰਨੀ ਕਾਮਯਾਬ ਰਹੀ ਹੈ, ਇਹ ਸਭ ਦੇ ਸਾਹਮਣੇ ਹੈ। ਜੇਕਰ ਦਿੱਲੀ ਸਰਕਾਰ ਪ੍ਰਦੂਸ਼ਣ ’ਤੇ ਕਾਬੂ ਪਾਉਣ ਵਿਚ ਅਸਫਲ ਰਹੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਦੂਜਿਆਂ ਸਿਰ ਮੜ੍ਹ ਕੇ ਆਪਣੀਆਂ ਨਾਕਾਮੀਆਂ ਤੋਂ ਬਚਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦਾ ਅੰਨਦਾਤਾ ਹਨ ਤੇ ਉਨ੍ਹਾਂ ਦਾ ਸਤਿਕਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣਾ ਮੰਦਭਾਗਾ ਹੈ। ਭਾਜਪਾ ਨੂੰ ਰਾਜਨੀਤਿਕ ਲਾਹਾ ਲੈਣ ਲਈ ਪੰਜਾਬ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਨੀਤੀ ਛੱਡ ਕੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਗੰਭੀਰ ਯਤਨ ਕਰਨੇ ਚਾਹੀਦੇ ਹਨ। ਜੀਦਾ ਨੇ ਕਿਹਾ ਕਿ ਪੰਜਾਬ ਸਿਰਫ਼ ਇਕ ਸੂਬਾ ਨਹੀਂ, ਸਗੋਂ ਦੇਸ਼ ਦਾ ਮਾਣ ਹੈ। ਪੰਜਾਬੀਆਂ ਨੇ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਅੰਨ ਭੰਡਾਰ ਭਰਨ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਲਈ ਪੰਜਾਬ ਦੇ ਕਿਸਾਨਾਂ ਤੇ ਲੋਕਾਂ ਨੂੰ ਬਦਨਾਮ ਕਰਨ ਦੀ ਬਜਾਏ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।