ਗੁਰਤੇਜ ਸਿੰਘ ਸਿੱਧੂ, ਬਠਿੰਡਾ : ਕੇਂਦਰ ਸਰਕਾਰ ਵੱਲੋਂ ਫੌਜ ਦੀ ਭਰਤੀ ਵਿਚ ਅਗਨੀਪੱਥ ਸਕੀਮ ਲਿਆਉਣ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਮਿੰਨੀ ਸਕੱਤਰੇਤ ਅੱਗੇ ਵਿਸ਼ਾਲ ਕਾਨਫਰੰਸ ਕਰ ਕੇ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ,ਅੌਰਤਾਂ ਅਤੇ ਨੌਜਵਾਨ ਸ਼ਾਮਲ ਹੋਏ। ਅੱਜ ਦੇ ਇਕੱਠ ਵਿਚ ਸੈਨਿਕ ਏਕਤਾ ਵੈੱਲਫੇਅਰ ਸੁਸਾਇਟੀ ਵਲੋਂ ਸਾਬਕਾ ਸੈਨਿਕ ਇਕ ਵੱਡੇ ਜਥੇ ਦੇ ਰੂਪ 'ਚ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਫੌਜ ਵਿਚ ਸਿਰਫ ਚਾਰ ਸਾਲ ਹੀ ਭਰਤੀ ਕਰਨ ਨਾਲ ਬੇਰੁਜ਼ਗਾਰੀ ਵਿਚ ਹੋਰ ਵਾਧਾ ਹੋਵੇਗਾ। ਇਸ ਸਕੀਮ ਤਹਿਤ ਭਰਤੀ ਹੋਣ ਨਾਲ ਨੌਜਵਾਨਾਂ ਨੂੰ ਨਾ ਕੋਈ ਪੈਨਸ਼ਨ ਤੇ ਨਾ ਕੋਈ ਹੋਰ ਸਹੂਲਤ ਮਿਲਣੀ ਹੈ, ਜਿਸ ਕਾਰਨ ਉਨਾਂ੍ਹ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਹੋਵੇਗਾ। ਉਨਾਂ੍ਹ ਕਿਹਾ ਕਿ ਇਸ ਨਾਲ ਦੇਸ਼ ਦੀ ਸੁਰੱਖਿਆ ਨੂੰ ਵੀ ਖਤਰਾ ਖੜ੍ਹਾ ਹੋ ਸਕਦਾ ਹੈ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਅਗਨੀਪਥ ਸਕੀਮ ਨੂੰ ਤੁਰੰਤ ਤੇ ਪੂਰੀ ਤਰਾਂ੍ਹ ਰੱਦ ਕੀਤਾ ਜਾਵੇ। ਇਸ ਸਕੀਮ ਤਹਿਤ ਭਰਤੀ ਦਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ , ਜਿੱਥੇ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ, ਇਸ ਨੂੰ ਪੂਰਾ ਕੀਤਾ ਜਾਵੇ ਅਤੇ ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ ਵਿਚ 2 ਸਾਲ ਦੀ ਛੋਟ ਦਿੱਤੀ ਜਾਵੇ, ਅਗਨੀਪਥ ਵਿਰੋਧੀ ਪ੍ਰਦਰਸ਼ਨਾਂ ਵਿਚ ਸ਼ਾਮਲ ਨੌਜਵਾਨਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਕੇਸ ਵਾਪਸ ਲਏ ਜਾਣ ਅਤੇ ਅੰਦੋਲਨਕਾਰੀਆਂ ਨੂੰ ਨੌਕਰੀਆਂ ਤੋਂ ਹਟਾਉਣ ਵਰਗੀਆਂ ਸ਼ਰਤਾਂ ਹਟਾਈਆਂ ਜਾਣ। ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀ ਕੇਂਦਰੀ ਗ੍ਹਿ ਰਾਜ ਮੰਤਰੀ ਸਮੇਤ ਸਾਰੇ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਜੇਲਾਂ੍ਹ ਵਿਚ ਬੰਦ ਕਰਨ ਅਤੇ ਕਿਸਾਨਾਂ 'ਤੇ ਪਾਏ ਝੂਠੇ ਕੇਸ ਰੱਦ ਕਰਕੇ ਉਨਾਂ੍ਹ ਨੂੰ ਰਿਹਾਅ ਕਰਨ ਅਤੇ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ 5 ਲੱਖ ਮੁਆਵਜ਼ਾ ਆਦਿ ਮੰਗਾਂ ਨੂੰ ਪੂਰਾ ਕਰਾਉਣ ਲਈ ਦਿੱਤੇ 75 ਘੰਟਿਆਂ ਦੇ ਧਰਨੇ ਦੇ ਸੱਦੇ ਤਹਿਤ ਜ਼ਿਲ੍ਹੇ ਵਿਚੋਂ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ 17 ਅਗਸਤ ਨੂੰ ਬੱਸਾਂ ਰਾਹੀਂ ਲਖੀਮਪੁਰ ਨੂੰ ਰਵਾਨਾ ਹੋਣਗੇ। ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਵੱਖਰਾ ਮੰਗ ਪੱਤਰ ਭੇਜ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਰਮੇ ਦੀ ਫ਼ਸਲ 'ਤੇ ਹੋ ਰਹੇ ਚਿੱਟੀ ਮੱਖੀ, ਗੁਲਾਬੀ ਸੁੰਡੀ ਤੇ ਹੋਰ ਹਮਲੇ ਨੂੰ ਰੋਕਣ ਲਈ ਮਿਆਰੀ ਕੀੜੇਮਾਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਖ਼ਰਾਬ ਹੋਏ ਨਰਮੇ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ । ਪਸੂਆਂ 'ਚ ਆਈ ਲੰਪੀ ਸਕਿੰਨ ਦੀ ਬਿਮਾਰੀ ਦਾ ਫਰੀ ਇਲਾਜ ਕੀਤਾ ਜਾਵੇ। ਇਸ ਬਿਮਾਰੀ ਕਾਰਨ ਨੁਕਸਾਨੇ ਗਏ ਪਸ਼ੂਆਂ ਦਾ ਪਸ਼ੂ ਪਾਲਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ ,ਵਾਤਾਵਰਣ ਪ੍ਰਦੂਸ਼ਿਤ ਕਰ ਰਹੇ ਅਤੇ ਬਿਮਾਰੀਆਂ ਫੈਲਾ ਰਹੇ, ਬਿਮਾਰੀ ਕਾਰਨ ਸੜਕਾਂ 'ਤੇ ਮਰੇ ਪਏ ਪਸ਼ੂਆਂ ਨੂੰ ਚੁੱਕ ਕੇ ਦਫ਼ਨਾਇਆ ਜਾਵੇ । ਧਰਨੇ ਨੂੰ ਬਸੰਤ ਸਿੰਘ ਕੋਠਾਗੁਰੂ, ਮਾਲਣ ਕੌਰ ਕੋਠਾਗੁਰੂ, ਹਰਪ੍ਰਰੀਤ ਕੌਰ ਜੇਠੂਕੇ, ਕਰਮਜੀਤ ਕੌਰ ਲਹਿਰਾਖਾਨਾ, ਰਾਜਵਿੰਦਰ ਸਿੰਘ ਰਾਮਨਗਰ, ਜਸਪਾਲ ਸਿੰਘ ਕੋਠਾਗੁਰੂ, ਬਲਦੇਵ ਸਿੰਘ ਚੌਂਕੇ, ਗੁਰਪਾਲ ਸਿੰਘ ਦਿਓਣ, ਨੌਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੌੜ ਅਤੇ ਸਾਬਕਾ ਸੈਨਿਕ ਏਕਤਾ ਸੁਸਾਇਟੀ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਅਤੇ ਮੁਕਤਸਰ ਸਾਹਿਬ ਦੇ ਆਗੂ ਅਵਤਾਰ ਸਿੰਘ ਫਕਰਸਰ ਨੇ ਵੀ ਸੰਬੋਧਨ ਕੀਤਾ।