ਗੁਰਤੇਜ ਸਿੰਘ ਸਿੱਧੂ, ਬਠਿੰਡਾ: ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ 'ਚ ਚਾਰ ਰੇਲਵੇ ਟਰੈਕਾਂ 'ਤੇ ਧਰਨੇ ਲਾ ਕੇ ਗੱਡੀਆਂ ਦਾ ਚੱਕਾ ਜਾਮ ਕੀਤਾ ਗਿਆ। ਵੱਡੀ ਗਿਣਤੀ ਇਕੱਤਰ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਤੇ ਸੁਖਦੇਵ ਸਿੰਘ ਜਵੰਧਾ ਦੀ ਅਗਵਾਈ ਬਠਿੰਡਾ- ਫਿਰੋਜ਼ਪੁਰ ਰੇਲਵੇ ਲਾਈਨ 'ਤੇ ਗੋਨਿਆਣਾ ਮੰਡੀ, ਕਿਸਾਨ ਆਗੂ ਗੁਰਪਾਲ ਸਿੰਘ ਦਿਓਣ ਤੇ ਜਸਪਾਲ ਸਿੰਘ ਕੋਠਾਗੁਰੂ ਦੀ ਅਗਵਾਈ 'ਚ ਬਠਿੰਡਾ-ਦਿੱਲੀ ਬਾਇਆ ਅੰਬਾਲਾ ਰੇਲਵੇ ਲਾਈਨ 'ਤੇ ਰਾਮਪੁਰਾ ਸ਼ਹਿਰ ਵਿਖੇ ਤੇ ਧਰਮਪਾਲ ਸਿੰਘ ਜੰਡੀਆਂ ਦੀ ਅਗਵਾਈ 'ਚ ਬਠਿੰਡਾ ਬੀਕਾਨੇਰ ਰੇਲਵੇ ਲਾਈਨ 'ਤੇ ਪਿੰਡ ਪਥਰਾਲਾ ਵਿਖੇ ਸਵੇਰੇ 10 ਵਜੇ ਤੋਂ ਸਾਮ 4 ਵਜੇ ਤਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ । ਭਾਜਪਾ ਆਗੂਆਂ ਵੱਲੋਂ ਕਿਸਾਨਾਂ ਤੇ ਸਿੱਧੇ ਹਮਲੇ ਕਰਨ ਦੇ ਬਿਆਨ ਦਿੱਤੇ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ 3 ਅਕਤੂਬਰ ਨੂੰ ਲਖੀਮਪੁਰ ਖੀਰੀ ( ਯੂਪੀ ) ਵਿਚ ਕਿਸਾਨਾਂ ਤੇ ਕੇਂਦਰੀ ਗ੍ਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਵੱਲੋਂ ਜੀਪ ਚੜ੍ਹਾ ਕੇ ਕਿਸਾਨਾਂ ਦਾ ਕਤਲ ਕੀਤਾ ਗਿਆ । ਉਨਾਂ੍ਹ ਮੰਗ ਕੀਤੀ ਕਿ ਕੇਂਦਰੀ ਗ੍ਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਨੂੰ ਤੁਰੰਤ ਜੇਲ੍ਹ ਵਿਚ ਸੁੱਟਿਆ ਜਾਵੇ । ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਪੰਜਾਬ ਸਰਕਾਰ ਨੇ ਨਰਮਾ ਅਤੇ ਹੋਰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਦੇਣ ਤੋਂ ਧਾਰੀ ਮੁਜਰਮਾਨਾ ਚੁੱਪ ਦੀ ਨਿਖੇਧੀ ਕਰਦਿਆਂ ਕਿਹਾ ਕਿ ਛੇਤੀ ਹੀ ਸੂਬੇ ਵਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜਿਸ ਨਾਲ ਕਿਸਾਨਾਂ ਮਜ਼ਦੂਰਾਂ ਲਈ ਪੂਰਾ ਮੁਆਵਜ਼ਾ ਲੈਣ ਲਈ ਮਜਬੂਰ ਕਰ ਦਿੱਤਾ ਜਾਵੇਗਾ। ਅੱਜ ਦੇ ਇਕੱਠਾਂ ਨੂੰ ਪਰਮਜੀਤ ਕੌਰ ਪਿੱਥੋ, ਮਾਲਣ ਕੌਰ ਕੋਠਾਗੁਰੂ, ਕੁਲਵੰਤ ਸ਼ਰਮਾ ਡੀਟੀਐਫ ਦੇ ਆਗੂ ਮਾਸਟਰ ਜਸਵਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੌੜ ਅਤੇ ਬਲਕਰਨ ਸਿੰਘ ਨੇ ਵੀ ਸੰਬੋਧਨ ਕੀਤਾ।