ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੀਸੀ ਦਫਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਧਰਨਾ ਬੀ ਕੇ ਯੂ ਉਗਰਾਹਾਂ ਬਲਾਕ ਸੰਗਤ ਅਤੇ ਬਲਾਕ ਬਠਿੰਡਾ ਦੇ ਕਿਸਾਨਾਂ ਵੱਲੋਂ ਦਿੱਤਾ ਗਿਆ ਸੀ। ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜ਼ਿਲਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਗੁਲਾਬੀ ਸੁੰਡੀ ਨੇ ਕਿਸਾਨਾਂ ਦੀ ਫਸਲ ਪੂਰੀ ਤਰਾਂ੍ਹ ਤਬਾਹ ਕਰ ਦਿੱਤੀ ਸੀ ਪਰ ਅਜੇ ਤੱਕ ਕਿਸਾਨਾਂ ਨੂੰ ਖ਼ਰਾਬ ਹੋਈ ਫਸਲ ਦਾ ਮੁਆਵਜ਼ਾ ਨਹੀਂ ਮਿਲਿਆ। ਉਨਾਂ੍ਹ ਕਿਹਾ ਕਿ ਬਹੁਤੇ ਕਿਸਾਨ ਅਜੇ ਵੀ ਖ਼ਰਾਬ ਫ਼ਸਲ ਦੇ ਮੁਆਵਜ਼ੇ ਦੀ ਉਡੀਕ ਰਹੇ ਹਨ। ਆਗੂਆਂ ਨੇ ਕਿਹਾ ਕਿ ਉਹ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਵਾਰ ਵਾਰ ਡਿਪਟੀ ਕਮਿਸ਼ਨਰ ਅਤੇ ਤਹਿਸੀਲਦਾਰ ਬਠਿੰਡਾ ਨੂੰ ਮਿਲ ਚੁੱਕੇ ਹਨ ਪਰ ਫਿਰ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਪਾਏ ਜਾ ਰਹੇ। ਉਨਾਂ੍ਹ ਕਿਹਾ ਕਿ ਭਾਵੇਂ ਕੁਝ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਕਮ ਪਾ ਦਿੱਤੀ ਗਈ ਹੈ ਪਰ ਬਹੁਤੇ ਕਿਸਾਨਾਂ ਦੀ ਰਕਮ ਅੱਧ ਵਿਚਕਾਰ ਲਟਕ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਤੋਂ ਬਾਅਦ ਕਣਕ ਦਾ ਝਾੜ ਬਹੁਤ ਘੱਟ ਨਿਕਲਿਆ ਹੈ ਜਿਸ ਕਾਰਨ ਕਿਸਾਨ ਆਰਥਿਕ ਮੰਦਹਾਲੀ ਵਿੱਚੋਂ ਗੁਜ਼ਰ ਰਹੇ ਹਨ। ਉਨਾਂ੍ਹ ਕਿਹਾ ਕਿ ਹੁਣ ਨਰਮੇ ਅਤੇ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਪੈਸਿਆਂ ਦੀ ਬੇਹੱਦ ਲੋੜ ਸੀ ਪਰ ਹੁਣ ਕਿਸਾਨਾਂ ਨੂੰ ਕਰਜ਼ਾ ਚੁੱਕ ਕੇ ਆਪਣੀਆਂ ਫਸਲਾਂ ਦੀ ਬਿਜਾਈ ਕਰਨੀ ਪੈ ਰਹੀ ਹੈ। ਉਨਾਂ੍ਹ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਝੋਨੇ ਦੀ ਬਜਾਏ ਨਰਮਾ ਅਤੇ ਹੋਰ ਫ਼ਸਲਾਂ ਬੀਜਣ ਲਈ ਕਹਿ ਰਹੀ ਹੈ ਪਰ ਅਜੇ ਤੱਕ ਕਿਸਾਨਾਂ ਨੂੰ ਖ਼ਰਾਬ ਹੀ ਨਰਮੇ ਦੀ ਫਸਲ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਉਨਾਂ੍ਹ ਕਿਹਾ ਕਿ ਇਸ ਤੋਂ ਪਹਿਲਾਂ ਜਿਹੜੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਦਿੱਤੀ ਗਈ ਹੈ ਉਹ ਵੀ ਧਰਨੇ ਲਗਾ ਕੇ ਕਿਸਾਨਾਂ ਵੱਲੋਂ ਲਈ ਗਈ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਤਬਾਹ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਤੁਰੰਤ ਨਾ ਦਿੱਤਾ ਗਿਆ ਤਾਂ ਉਹ ਵੱਡੀ ਪੱਧਰ ਤੇ ਸੰਘਰਸ਼ ਵਿੱਢਣਗੇ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਕਿਸਾਨਾਂ ਦੇ ਇਸ ਧਰਨੇ ਨੇ ਬਲਾਕ ਸੰਗਤ ਦੇ ਪ੍ਰਧਾਨ ਕੁਲਵੰਤ ਸ਼ਰਮਾ ਹਰਗੋਬਿੰਦ ਸਿੰਘ ਚੱਕ ਅਤਰ ਸਿੰਘ ਵਾਲਾ ਅਮਰੀਕ ਸਿੰਘ ਸਿਵੀਆਂ ਪ੍ਰਧਾਨ ਬਲਾਕ ਬਠਿੰਡਾ ਨੇ ਵੀ ਸੰਬੋਧਨ ਕੀਤਾ।