ਬੀਕੇਯੂ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਗੇਟ ਬੰਦ, ਮੁਲਾਜ਼ਮਾਂ ਨੂੰ ਨਹੀਂ ਹੋਣ ਦਿੱਤਾ ਅੰਦਰ ਦਾਖ਼ਲ, ਸਰਕਾਰੀ ਕੰਮਕਾਜ ਪ੍ਰਭਾਵਿਤ
ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ’ਤੇ ਪਹੁੰਚੇ ਪਰ ਕੰਪਲੈਕਸ ਦੇ ਸਾਰੇ ਗੇਟ ਬੰਦ ਹੋਣ ਕਾਰਨ ਉਨ੍ਹਾਂ ਨੂੰ ਅੰਦਰ ਜਾਣ ਦਾ ਮੌਕਾ ਨਹੀਂ ਮਿਲਿਆ। ਇਸ ਕਾਰਨ ਮੁਲਾਜ਼ਮ ਕੰਪਲੈਕਸ ਦੇ ਆਸ-ਪਾਸ ਬੈਠੇ ਰਹੇ ਅਤੇ ਗੇਟ ਖੁੱਲ੍ਹਣ ਦੀ ਉਡੀਕ ਕਰਦੇ ਰਹੇ।
Publish Date: Tue, 06 Oct 2026 11:21 AM (IST)
Updated Date: Tue, 06 Oct 2026 11:27 AM (IST)
ਗੁਰਤੇਜ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣਾ ਰੋਸ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ। ਯੂਨੀਅਨ ਦੇ ਇਸ ਕਦਮ ਕਾਰਨ ਕੋਈ ਵੀ ਸਰਕਾਰੀ ਮੁਲਾਜ਼ਮ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਦਾਖਲ ਨਹੀਂ ਹੋ ਸਕਿਆ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।
ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ’ਤੇ ਪਹੁੰਚੇ ਪਰ ਕੰਪਲੈਕਸ ਦੇ ਸਾਰੇ ਗੇਟ ਬੰਦ ਹੋਣ ਕਾਰਨ ਉਨ੍ਹਾਂ ਨੂੰ ਅੰਦਰ ਜਾਣ ਦਾ ਮੌਕਾ ਨਹੀਂ ਮਿਲਿਆ। ਇਸ ਕਾਰਨ ਮੁਲਾਜ਼ਮ ਕੰਪਲੈਕਸ ਦੇ ਆਸ-ਪਾਸ ਬੈਠੇ ਰਹੇ ਅਤੇ ਗੇਟ ਖੁੱਲ੍ਹਣ ਦੀ ਉਡੀਕ ਕਰਦੇ ਰਹੇ।
ਇਸ ਦੌਰਾਨ ਯੂਨੀਅਨ ਆਗੂਆਂ ਵੱਲੋਂ ਸਪੱਸ਼ਟ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਹੈ, ਪ੍ਰਬੰਧਕੀ ਕੰਪਲੈਕਸ ਦੇ ਗੇਟ ਨਹੀਂ ਖੋਲ੍ਹੇ ਜਾਣਗੇ। ਯੂਨੀਅਨ ਦੇ ਇਸ ਫ਼ੈਸਲੇ ਕਾਰਨ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦਾ ਕੰਮਕਾਜ ਲਗਭਗ ਠੱਪ ਹੋ ਕੇ ਰਹਿ ਗਿਆ।
ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਨਾਅਰੇਬਾਜ਼ੀ ਕੀਤੀ ਗਈ। ਦੂਜੇ ਪਾਸੇ, ਸਰਕਾਰੀ ਮੁਲਾਜ਼ਮਾਂ ਦੇ ਕੰਪਲੈਕਸ ਅੰਦਰ ਦਾਖਲ ਨਾ ਹੋ ਸਕਣ ਕਾਰਨ ਦਫ਼ਤਰੀ ਕੰਮ ਪ੍ਰਭਾਵਿਤ ਹੋਣ ਦੇ ਨਾਲ-ਨਾਲ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਯੂਨੀਅਨ ਵੱਲੋਂ ਗੇਟ ਨਾ ਖੋਲ੍ਹਣ ਦੇ ਐਲਾਨ ਤੋਂ ਬਾਅਦ ਪ੍ਰਬੰਧਕੀ ਕੰਪਲੈਕਸ ਵਿੱਚ ਆਮ ਸਰਕਾਰੀ ਕੰਮਕਾਜ ਕਦੋਂ ਬਹਾਲ ਹੋਵੇਗਾ, ਇਸ ਸਬੰਧੀ ਸਥਿਤੀ ਅਜੇ ਸਪੱਸ਼ਟ ਨਹੀਂ ਹੈ। ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਰਹਿਣ ਕਾਰਨ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀ ਵਿਚਕਾਰ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ।