ਵਿਦਿਆਰਥੀ ਸੰਘਰਸ਼ ਦੀ ਜਿੱਤ ਦੇ ਸਮਰਥਨ ਵਿਚ ਬੀਕੇਯੂ ਉਗਰਾਹਾਂ ਵੱਲੋਂ ਰੈਲੀ, ਸ਼ਹਿਰ ਵਿਚ ਕੱਢਿਆ ਜੇਤੂ ਮਾਰਚ ਵਿਦਿਆਰਥੀ ਸੰਘਰਸ਼ ਦੀ ਜਿੱਤ ਦੇ ਸਮਰਥਨ ਵਿਚ ਬੀਕੇਯੂ ਉਗਰਾਹਾਂ ਵੱਲੋਂ ਰੈਲੀ, ਸ਼ਹਿਰ ਵਿਚ ਕੱਢਿਆ ਜੇਤੂ ਮਾਰਚ
Publish Date: Mon, 27 Jul 2026 04:40 PM (IST)
Updated Date: Mon, 27 Jul 2026 04:42 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਨੀਟ ਪੇਪਰ ਘੁਟਾਲੇ ਖਿਲਾਫ ਜੰਤਰ ਮੰਤਰ ਵਿਖੇ ਹੋਏ ਵਿਦਿਆਰਥੀ ਸੰਘਰਸ਼ ਦੀ ਜਿੱਤ ਦਾ ਸਵਾਗਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਭਰ ਦੇ ਜ਼ਿਲ੍ਹਾ ਕੇਂਦਰਾਂ ਵਿਚ ਰੈਲੀਆਂ ਕਰਨ ਦੇ ਸੱਦੇ ਤਹਿਤ ਬਠਿੰਡਾ ਵਿਚ ਮਿਨੀ ਸਕੱਤਰੇਤ ਅੱਗੇ ਰੈਲੀ ਕੀਤੀ ਗਈ। ਇਸ ਤੋਂ ਬਾਅਦ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਵਿਚ ਜੇਤੂ ਮਾਰਚ ਕੱਢ ਕੇ ਵਿਦਿਆਰਥੀਆਂ ਦੇ ਸੰਘਰਸ਼ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਮਹਿਲਾ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਮਨਵਾਉਣਾ ਵਿਦਿਆਰਥੀ ਅੰਦੋਲਨ ਦੀ ਇਕ ਅਹਿਮ ਸ਼ੁਰੂਆਤੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਤੋਂ ਬਾਅਦ ਵਿਦਿਆਰਥੀਆਂ ਨੂੰ ਬੇਫਿਕਰ ਹੋਣ ਦੀ ਥਾਂ ਚੌਕਸੀ ਕਾਇਮ ਰੱਖਣ ਦੀ ਲੋੜ ਹੈ, ਕਿਉਂਕਿ ਸਰਕਾਰਾਂ ਅਕਸਰ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਅਤੇ ਦਰਜ ਕੀਤੇ ਕੇਸ ਵਾਪਸ ਲੈਣ ਤੋਂ ਟਾਲਾ ਵੱਟਦੀਆਂ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ’ਤੇ ਦਰਜ ਹੋਏ ਕੇਸ ਰੱਦ ਕਰਵਾਉਣ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਨੂੰ ਜਾਰੀ ਰੱਖਣਾ ਸਮੇਂ ਦੀ ਲੋੜ ਹੈ। ਬੁਲਾਰਿਆਂ ਨੇ ਕਿਹਾ ਕਿ ਇਸ ਮੁਢਲੀ ਜਿੱਤ ਨੂੰ ਸਿੱਖਿਆ ਅਤੇ ਰੁਜ਼ਗਾਰ ਦੇ ਹੱਕ ਲਈ ਵੱਡੇ ਲੋਕ ਅੰਦੋਲਨ ਵਿਚ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ ਇਕ ਮੰਤਰੀ ਦੇ ਅਸਤੀਫੇ ਨਾਲ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਨਹੀਂ ਆਵੇਗਾ। ਇਸ ਲਈ ਸਿੱਖਿਆ ਦੇ ਨਿੱਜੀਕਰਨ, ਵਪਾਰੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ ਦੇਸ਼ ਪੱਧਰ ’ਤੇ ਵੱਡਾ ਸੰਘਰਸ਼ ਖੜਾ ਕਰਨਾ ਪਵੇਗਾ। ਉਨ੍ਹਾਂ ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਅਤੇ ਸਭ ਲਈ ਬਰਾਬਰ ਸਿੱਖਿਆ ਅਤੇ ਰੁਜ਼ਗਾਰ ਦਾ ਹੱਕ ਯਕੀਨੀ ਬਣਾਉਣ ਲਈ ਵੀ ਅਵਾਜ ਉਠਾਈ। ਆਗੂਆਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਹੱਕਾਂ ਦੀ ਲੜਾਈ ਨੂੰ ਕਿਸਾਨਾਂ, ਮਜ਼ਦੂਰਾਂ, ਮੁਲਾਜਮਾਂ ਅਤੇ ਹੋਰ ਮਿਹਨਤਕਸ਼ ਵਰਗਾਂ ਦੇ ਸੰਘਰਸ਼ਾਂ ਨਾਲ ਜੋੜਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਫਿਰਕੂ ਨੀਤੀਆਂ ਖਿਲਾਫ ਚੱਲ ਰਹੇ ਲੋਕ ਅੰਦੋਲਨਾਂ ਦਾ ਹਿੱਸਾ ਬਣਨਾ ਵੀ ਸਮੇਂ ਦੀ ਲੋੜ ਹੈ। ਆਗੂਆਂ ਨੇ 30 ਜੁਲਾਈ ਨੂੰ ਸਫਾਈ ਕਰਮਚਾਰੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਮਾਲਣ ਕੌਰ ਕੋਠਾ ਗੁਰੂ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਰਾਮ ਸਿੰਘ ਕੋਟਗੁਰੂ, ਜਸਪਾਲ ਸਿੰਘ ਕੋਠਾ ਗੁਰੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਪੀਐਸਯੂ (ਸ਼ਹੀਦ ਰੰਧਾਵਾ) ਦੇ ਆਗੂ ਬਿੰਦਰ ਸਿੰਘ ਬਠਿੰਡਾ ਨੇ ਵੀ ਸੰਬੋਧਨ ਕੀਤਾ। ਰੈਲੀ ਮਗਰੋਂ ਵਰਕਰਾਂ ਨੇ ਸ਼ਹਿਰ ਵਿਚ ਮਾਰਚ ਕੱਢ ਕੇ ਵਿਦਿਆਰਥੀਆਂ ਦੇ ਸੰਘਰਸ਼ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ।