ਧਮਾਕਿਆਂ ਦੀ ਧਮਕੀ ਨਾਲ ਹੜਕੰਪ, ਪੁਲਿਸ ਨੇ ਵਧਾਈ ਚੌਂਕਸੀ, ਸ਼ਹਿਰ ਵਿਚ ਨਾਕੇਬੰਦੀ ਧਮਾਕਿਆਂ ਦੀ ਧਮਕੀ ਨਾਲ ਹੜਕੰਪ, ਪੁਲਿਸ ਨੇ ਵਧਾਈ ਚੌਂਕਸੀ, ਸ਼ਹਿਰ ਵਿਚ ਨਾਕੇਬੰਦੀ
Publish Date: Fri, 14 Aug 2026 03:55 PM (IST)
Updated Date: Fri, 14 Aug 2026 03:56 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਆਜ਼ਾਦੀ ਦਿਵਸ ਤੋਂ ਠੀਕ ਪਹਿਲਾਂ ਬਠਿੰਡਾ ਸ਼ਹਿਰ ਵਿੱਚ ਬੰਬ ਧਮਾਕਿਆਂ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਨਗਰ ਨਿਗਮ ਦਫ਼ਤਰ ਅਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸ਼ਹਿਰ ਵਿਚ ਪੁਲਿਸ ਗਸ਼ਤ ਨੂੰ ਹੋਰ ਵਧਾ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਨਗਰ ਨਿਗਮ ਕਮਿਸ਼ਨਰ ਦੀ ਸਰਕਾਰੀ ਈਮੇਲ ਆਈਡੀ ’ਤੇ ਇਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਸੀ। ਈਮੇਲ ਵਿੱਚ 15 ਅਗਸਤ ਨੂੰ ਬਠਿੰਡਾ ਸ਼ਹਿਰ ਵਿੱਚ ਵੱਖ-ਵੱਖ ਸਮਿਆਂ ’ਤੇ ਕਈ ਥਾਵਾਂ ’ਤੇ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਸੀ। ਇਸ ਵਿੱਚ ਸਵੇਰੇ 9:11 ਵਜੇ ਇਕ ਪੁਲਿਸ ਥਾਣੇ, ਦੁਪਹਿਰ 1:11 ਵਜੇ ਸਕੂਲ, 2:11 ਵਜੇ ਕੋਰਟ ਕੰਪਲੈਕਸ ਅਤੇ 3:11 ਵਜੇ ਨਗਰ ਨਿਗਮ ਦਫ਼ਤਰ ਅਤੇ ਮੇਅਰ ਦਫ਼ਤਰ ਵਿੱਚ ਧਮਾਕਾ ਕਰਨ ਦੀ ਗੱਲ ਕਹੀ ਗਈ ਸੀ। ਇਸ ਤੋਂ ਇਲਾਵਾ ਦਿੱਲੀ ਜਾਣ ਵਾਲੀ ਰੇਲ ਗੱਡੀ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਸੀ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਨੇ ਇਸ ਸਬੰਧੀ ਐੱਸਐੱਸਪੀ ਬਠਿੰਡਾ ਨੂੰ ਪੱਤਰ ਭੇਜ ਕੇ ਮਾਮਲੇ ਦੀ ਜਾਂਚ ਅਤੇ ਲੋੜੀਂਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਈਮੇਲ ਦੇ ਸਰੋਤ, ਇਸ ਨੂੰ ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਦੀ ਭਰੋਸੇਯੋਗਤਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ 15 ਅਗਸਤ ਦੇ ਮੱਦੇਨਜ਼ਰ ਬਠਿੰਡਾ ਸ਼ਹਿਰ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਸ਼ਹਿਰ ਦੇ ਪ੍ਰਮੁੱਖ ਚੌਕਾਂ, ਮੁੱਖ ਮਾਰਗਾਂ ਅਤੇ ਦਾਖ਼ਲਾ ਰਸਤਿਆਂ ’ਤੇ ਨਾਕੇ ਲਗਾਏ ਗਏ ਹਨ। ਇਨ੍ਹਾਂ ਨਾਕਿਆਂ ’ਤੇ ਪੁਲਿਸ ਮੁਲਾਜ਼ਮ ਵਾਹਨਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕਰ ਰਹੇ ਹਨ। ਪ੍ਰਮੁੱਖ ਬਾਜ਼ਾਰਾਂ, ਜਨਤਕ ਥਾਵਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ।ਪੁਲਿਸ ਵੱਲੋਂ ਸੰਵੇਦਨਸ਼ੀਲ ਸਰਕਾਰੀ ਅਦਾਰਿਆਂ ਅਤੇ ਮਹੱਤਵਪੂਰਨ ਥਾਵਾਂ ਦੀ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਸ਼ਹਿਰ ਵਿੱਚ ਹੋਣ ਵਾਲੀ ਹਰ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਆਜ਼ਾਦੀ ਦਿਵਸ ਸਮਾਗਮਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਪੁਲਿਸ ਨੇ ਕੱਢਿਆ ਫਲੈਗ ਮਾਰਚ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵੱਲੋਂ ਐੱਸਐੱਸਪੀ ਡਾ. ਜਯੋਤੀ ਯਾਦਵ ਦੀ ਅਗਵਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਵੀ ਕੱਢਿਆ ਗਿਆ। ਇਸ ਵਿੱਚ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਸ਼ਾਮਲ ਹੋਏ। ਫਲੈਗ ਮਾਰਚ ਦੌਰਾਨ ਪੁਲਿਸ ਅਧਿਕਾਰੀਆਂ ਨੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ, ਜਨਤਕ ਥਾਵਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲਿਸ ਨੇ ਫਲੈਗ ਮਾਰਚ ਰਾਹੀਂ ਲੋਕਾਂ ਨੂੰ ਆਜ਼ਾਦੀ ਦਿਵਸ ਸ਼ਾਂਤਮਈ ਅਤੇ ਸੁਰੱਖਿਅਤ ਮਾਹੌਲ ਵਿੱਚ ਮਨਾਉਣ ਦਾ ਭਰੋਸਾ ਦਿੱਤਾ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਗਤੀਵਿਧੀ ’ਤੇ ਸ਼ੱਕ ਹੋਵੇ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਜਾਣਕਾਰੀ ਨੂੰ ਬਿਨਾਂ ਪੁਸ਼ਟੀ ਦੇ ਅੱਗੇ ਨਾ ਫੈਲਾਉਣ ਦੀ ਵੀ ਅਪੀਲ ਕੀਤੀ ਗਈ ਹੈ।