ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬੁੱਢਾ ਦਲ ਵੱਲੋਂ ਹਮਾਇਤ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬੁੱਢਾ ਦਲ ਵੱਲੋਂ ਹਮਾਇਤ
Publish Date: Tue, 20 Oct 2026 04:22 PM (IST)
Updated Date: Tue, 20 Oct 2026 04:24 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਮੋਰਚਾ ਜਾਰੀ ਹੈ। ਇਸ ਮੋਰਚੇ ਵਿਚ ਰੋਜ਼ਾਨਾ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਚਿੰਤਾ ਰੱਖਣ ਵਾਲੇ ਲੋਕ ਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਮੂਲੀਅਤ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੌਜੂਦਾ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਛਿਆਨਵੇਂ ਕਰੋੜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਬਾ ਜੱਸਾ ਸਿੰਘ ਦਮਦਮਾ ਸਾਹਿਬ ਨਿਹੰਗ ਸਿੰਘ ਫ਼ੌਜਾਂ ਸਮੇਤ ਮੋਰਚੇ ਵਿੱਚ ਪਹੁੰਚੇ। ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਸੰਘਰਸ਼ ਕਮੇਟੀ ਵੱਲੋਂ ਬਾਬਾ ਜੱਸਾ ਸਿੰਘ ਅਤੇ ਨਿਹੰਗ ਸਿੰਘ ਫ਼ੌਜਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਛਿਆਨਵੇਂ ਕਰੋੜੀ ਬੁੱਢਾ ਦਲ ਵੱਲੋਂ ਭਾਈ ਮਾਨ ਸਿੰਘ ਲਿਖਾਰੀ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬੁੱਢਾ ਦਲ, ਤਰਨਾ ਦਲ ਤੇ ਹੋਰ ਨਿਹੰਗ ਸਿੰਘ ਜਥੇਬੰਦੀਆਂ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਆਪਣੀਆਂ ਫ਼ਸਲਾਂ ਦੀ ਰਾਖੀ ਲਈ ਸੰਘਰਸ਼ ਕੀਤਾ ਹੈ, ਪਰ ਹੁਣ ਪੰਜਾਬ ਦੀਆਂ ਨਸਲਾਂ ਨੂੰ ਬਚਾਉਣ ਦਾ ਸਵਾਲ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਬੱਚਿਆਂ ਅਤੇ ਧੀਆਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਭਾਈ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣ ਅਤੇ ਇਸ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਭਾਈ ਮਾਨ ਸਿੰਘ ਲਿਖਾਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਮੋਰਚੇ ਵਿੱਚ ਪਹੁੰਚਣ ਅਤੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਝੱਬਰ, ਭਾਈ ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਦੀਪ ਸਿੰਘ ਤੂਰ ਅਤੇ ਭਾਈ ਸਰਬਜੀਤ ਸਿੰਘ ਕਟਾਰਸਰ ਸਮੇਤ ਹੋਰ ਨਿਹੰਗ ਸਿੰਘ ਹਾਜ਼ਰ ਸਨ।