ਨਵੀਂ ਕੇਸੀਸੀ ਪਾਲਿਸੀ ਅਤੇ ਐਡਵਾਂਸਮੈਂਟ ਦੇ ਮੁੱਦੇ 'ਤੇ ਵਜਾਇਆ ਸੰਘਰਸ਼ ਦਾ ਬਿਗੁਲ ਨਵੀਂ ਕੇਸੀਸੀ ਪਾਲਿਸੀ ਅਤੇ ਐਡਵਾਂਸਮੈਂਟ ਦੇ ਮੁੱਦੇ 'ਤੇ ਵਜਾਇਆ ਸੰਘਰਸ਼ ਦਾ ਬਿਗੁਲ
Publish Date: Mon, 02 Nov 2026 04:23 PM (IST)
Updated Date: Mon, 02 Nov 2026 04:26 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਨਵੀਂ ਕੇਸੀਸੀ ਪਾਲਿਸੀ ਤੇ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਵੱਲੋਂ ਐਡਵਾਂਸਮੈਂਟ ਅਤੇ ਕਟੌਤੀ ਦੇ ਮੁੱਦੇ ਨੂੰ ਲੈ ਕੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਚਿਲਡਰਨ ਪਾਰਕ ਵਿਖੇ ਹੋਈ ਮੀਟਿੰਗ ਦੌਰਾਨ ਮੁਲਾਜ਼ਮਾਂ ਅੰਦਰ ਕਾਫ਼ੀ ਜੋਸ਼ ਤੇ ਰੋਸ ਦੇਖਣ ਨੂੰ ਮਿਲਿਆ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਬੈਂਕ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਕਾਰਨ ਬੈਂਕ ਮੈਨੇਜਮੈਂਟ ਦੇ ਨਾਲ-ਨਾਲ ਸਰਕਾਰ ਨੂੰ ਵੀ ਮੁਲਾਜ਼ਮਾਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਸੱਦੀ ਗਈ ਇਸ ਮੀਟਿੰਗ ਵਿਚ ਨਵੀਂ ਕੇਸੀਸੀ ਪਾਲਿਸੀ ਅਤੇ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਵੱਲੋਂ ਮੁਲਾਜ਼ਮਾਂ ਦੀ ਐਡਵਾਂਸਮੈਂਟ ਅਤੇ ਕੀਤੀਆਂ ਜਾ ਰਹੀਆਂ ਕਟੌਤੀਆਂ ਦੇ ਮੁੱਦਿਆਂ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਬਠਿੰਡਾ ਅਤੇ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਜ਼ਿਲ੍ਹਾ ਮੈਨੇਜਰ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੇ ਪੱਖ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਧਿਕਾਰੀਆਂ ਸਾਹਮਣੇ ਰੱਖੀਆਂ। ਯੂਨੀਅਨ ਆਗੂਆਂ ਨੇ ਕਿਹਾ ਕਿ ਐਡਵਾਂਸਮੈਂਟ ਸਬੰਧੀ ਬੈਂਕ ਮੈਨੇਜਮੈਂਟ ਵੱਲੋਂ ਅਪਣਾਈ ਜਾ ਰਹੀ ਨੀਤੀ ਕਾਰਨ ਮੁਲਾਜ਼ਮਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਨਵੀਂ ਐਮਸੀਐਲਐਮ ਨੀਤੀ ਅਨੁਸਾਰ ਉਨ੍ਹਾਂ ਦੀ ਐਡਵਾਂਸਮੈਂਟ ਕੀਤੀ ਜਾਵੇ ਤਾਂ ਜੋ ਕਿਸੇ ਵੀ ਮੁਲਾਜ਼ਮ ਨਾਲ ਬੇਇਨਸਾਫ਼ੀ ਨਾ ਹੋਵੇ। ਇਸ ਦੇ ਨਾਲ ਹੀ ਨਵੀਂ ਕੇਸੀਸੀ ਪਾਲਿਸੀ ਸਬੰਧੀ ਪੈਦਾ ਹੋਏ ਮਸਲਿਆਂ ਅਤੇ ਕਟੌਤੀਆਂ ਬਾਰੇ ਵੀ ਸਪੱਸ਼ਟ ਨੀਤੀ ਲਾਗੂ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਦੋਵਾਂ ਧਿਰਾਂ ਵਿਚਕਾਰ ਵੱਖ-ਵੱਖ ਪਹਿਲੂਆਂ ਤੇ ਚਰਚਾ ਤਾਂ ਹੋਈ ਪਰ ਕਿਸੇ ਵੀ ਮਸਲੇ ਦਾ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਇਸ ਤੋਂ ਬਾਅਦ ਯੂਨੀਅਨ ਨੇ ਬੈਂਕ ਮੈਨੇਜਮੈਂਟ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਨਵੀਂ ਐਮਸੀਐਲਐਮ ਨੀਤੀ ਮੁਤਾਬਕ ਐਡਵਾਂਸਮੈਂਟ ਨਾ ਕੀਤੀ ਗਈ ਅਤੇ ਬਾਕੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਤਹਿਤ ਬੈਂਕ ਦਾ ਘਿਰਾਓ ਵੀ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੰਘਰਸ਼ ਦੌਰਾਨ ਕੋਈ ਅਣਸੁਖਾਵੀਂ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਬੈਂਕ ਦੇ ਐਮਡੀ ਅਤੇ ਜ਼ਿਲ੍ਹਾ ਮੈਨੇਜਰ ਦੀ ਮੈਨੇਜਮੈਂਟ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਇਕਜੁੱਟ ਹਨ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਮੰਦਰ ਸਿੰਘ, ਭੁਪਿੰਦਰ ਸਿੰਘ ਬੱਲ੍ਹੋ, ਹਕੀਕਤ ਸਿੰਘ, ਜੱਗਾ ਰਾਮ ਤੀਰਥ, ਜਗਦੀਸ਼ ਸਿੰਘ ਕੌਰੇਆਣਾ ਸਮੇਤ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਕਈ ਮੁਲਾਜ਼ਮ ਹਾਜ਼ਰ ਸਨ।